ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 7 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਨਾਲ ਮੁਹਾਲੀ ਕੌਮਾਂਤਰੀ ਏਅਰਪੋਰਟ ’ਤੇ ਪਹੁੰਚੇ। ਕੇਜਰੀਵਾਲ ਨਾਲ ਉਨ੍ਹਾਂ ਦੀ ਪਤਨੀ ਅਤੇ ਬੇਟੀ ਵੀ ਸੀ। ਇੱਥੇ ਉਨ੍ਹਾਂ ਦਾ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ, ਚੇਤਨ ਸਿੰਘ ਜੋੜਾ ਮਾਜਰਾ, ਮੁਹਾਲੀ ਤੋਂ ਆਪ ਦੇ ਵਿਧਾਇਕ ਕੁਲਵੰਤ ਸਿੰਘ, ਪੰਜਾਬ ਦੇ ਨਵੇਂ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਅਤੇ ਡੀਜੀਪੀ ਗੌਰਵ ਯਾਦਵ ਨੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇੱਥੇ ਪੁਲੀਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।
ਮੁਹਾਲੀ ਹਵਾਈ ਅੱਡੇ ’ਤੇ ਵੀ ਲਗਪਗ ਵਿਆਹ ਵਰਗਾ ਮਾਹੌਲ ਸੀ। ਮਹਿਮਾਨ ਨਿਵਾਜੀ ’ਚ ਕਿਸੇ ਕਿਸਮ ਦੀ ਕਮੀ ਨਹੀਂ ਸੀ ਦਿਖ ਰਹੀ। ਹਰ ਕੋਈ ਅਰਵਿੰਦ ਕੇਜਰੀਵਾਲ ਨੂੰ ਨੇੜਿਉਂ ਮਿਲਣ ਲਈ ਉਤਾਵਲਾ ਦਿਖਾਈ ਦੇ ਰਿਹਾ ਸੀ। ਬੁੱਕੇ ਭੇਟ ਕਰਨ ਸਮੇਂ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਵੀ ਕੇਜਰੀਵਾਲ ਨਾਲ ਦੋ ਪਲਾਂ ਲਈ ਖ਼ੁਸ਼ੀ ਸਾਂਝੀ ਕਰਦਿਆਂ ਉਨ੍ਹਾਂ ਦਾ ਮੁਹਾਲੀ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਰਾਜ ਸਭਾ ਦੇ ਮੈਂਬਰ ਰਾਘਵ ਚੱਢਾ, ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਰੂਪਨਗਰ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ, ਐਸਐਸਪੀ ਵਿਵੇਕਸ਼ੀਲ ਸੋਨੀ ਅਤੇ ਉੱਘੀਆਂ ਸ਼ਖ਼ਸੀਅਤਾਂ ਮੌਜੂਦ ਸਨ। ਇਸ ਤੋਂ ਪਹਿਲਾਂ ਰਾਜ ਸਭਾ ਦੇ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਅੱਜ ਉਨ੍ਹਾਂ ਦਾ ਵੱਡਾ ਭਰਾ ਭਗਵੰਤ ਮਾਨ ਆਪਣੀ ਜ਼ਿੰਦਗੀ ਦਾ ਨਵਾਂ ਚੈਪਟਰ ਸ਼ੁਰੂ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਦੀ ਬੇਬੇ ਦਾ ਵੀ ਚਾਅ ਪੂਰਾ ਹੋ ਗਿਆ ਹੈ। ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਵੀ ਮੀਡੀਆ ਨਾਲ ਗੱਲਬਾਤ ਦੌਰਾਨ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਵੀਂ ਪਾਰੀ ਲਈ ਵਧਾਈਆਂ ਦਿੱਤੀਆਂ।
ਸਖ਼ਤ ਸੁਰੱਖਿਆ ਪ੍ਰਬੰਧਾਂ ਕਾਰਨ ਯਾਤਰੀਆਂ ਨੂੰ ਕਰਨਾ ਪਿਆ ਪ੍ਰੇਸ਼ਾਨੀ ਦਾ ਸਾਹਮਣਾ
ਮੁਹਾਲੀ ਹਵਾਈ ਅੱਡੇ ’ਤੇ ਵੀਆਈਪੀਜ਼ ਦੀ ਆਮਦ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਜਿਸ ਕਾਰਨ ਯਾਤਰੀਆਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸੁਰੱਖਿਆ ਦਸਤੇ ਵੱਲੋਂ ਹਰੇਕ ਯਾਤਰੀ ਦੀ ਤਲਾਸ਼ੀ ਲੈਣ ਅਤੇ ਪੁੱਛਗਿੱਛ ਦੌਰਾਨ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਹੀ ਉਸ ਨੂੰ ਅੰਦਰ ਜਾਣ ਦਿੱਤਾ ਗਿਆ।