ਕੁਲਦੀਪ ਸਿੰਘ
ਚੰਡੀਗੜ੍ਹ, 11 ਸਤੰਬਰ
ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਅੱਜ ਕੋਵਿਡ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਯੂਟੀ ਦੇ ਅਧਿਕਾਰੀਆਂ ਲਈ ਆਨਲਾਈਨ ਮੀਟਿੰਗ ਕੀਤੀ। ਮੀਟਿੰਗ ਵਿੱਚ ਸੁਖਨਾ ਝੀਲ ਨੂੰ ਵੀਕਐਂਡ ’ਤੇ ਵੀ ਸੈਲਾਨੀਆਂ ਲਈ ਖੋਲ੍ਹਣ ਦਾ ਫੈਸਲਾ ਲਿਆ ਗਿਆ। ਪ੍ਰਸ਼ਾਸਕ ਬਦਨੌਰ ਨੇ ਝੀਲ ’ਤੇ ਤਾਇਨਾਤ ਪੁਲੀਸ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਝੀਲ ਉੱਤੇ ਸੈਰ ਕਰਨ ਆਉਣ ਵਾਲੇ ਲੋਕਾਂ ਨੂੰ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਸਖ਼ਤੀ ਵਰਤੀ ਜਾਵੇ। ਜ਼ਿਕਰਯੋਗ ਹੈ ਕਿ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਕਰੋਨਾ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਕਾਰਨ ਸੁਖਨਾ ਝੀਲ ਨੂੰ ਵੀਕਐਂਡ ’ਤੇ ਸੈਲਾਨੀਆਂ ਲਈ ਬੰਦ ਕਰ ਦਿੱਤਾ ਸੀ ਪਰ ਹੁਣ ਆਪਣਾ ਹੀ ਫੈਸਲਾ ਵਾਪਸ ਲੈ ਲਿਆ ਹੈ।
ਇਸੇ ਦੌਰਾਨ ਪ੍ਰਸ਼ਾਸਕ ਬਦਨੌਰ ਨੇ ਇਨਫੋਸਿਸ ਸਰਾਂ ਨੂੰ ਪੀਜੀਆਈ ਦੇ ਸਪੁਰਦ ਕਰਨ ਦਾ ਫੈਸਲਾ ਲਿਆ ਹੈ ਤਾਂ ਕਿ ਇਸ ਵਿੱਚ 200 ਹੋਰ ਬੈੱਡਾਂ ਦਾ ਪ੍ਰਬੰਧ ਕਰਕੇ ਇਸ ਦੀ ਵਰਤੋਂ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਕੀਤੀ ਜਾ ਸਕੇ। ਇਹ ਫ਼ੈਸਲਾ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ। ਊਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੰਡੀਗੜ੍ਹ ਵਿੱਚ ਕਰੋਨਾ ਟੈਸਟਾਂ ਦੀ ਗਿਣਤੀ ਵਧਾਉਣ ਲਈ 10 ਹਜ਼ਾਰ ਵਾਧੂ ਐਂਟੀਜਨ ਕਿੱਟਾਂ ਖਰੀਦੀਆਂ ਜਾਣ।
ਮੀਟਿੰਗ ਵਿੱਚ ਹਾਜ਼ਰ ਪ੍ਰਿੰਸੀਪਲ ਸਕੱਤਰ (ਸਿਹਤ) ਅਰੁਣ ਕੁਮਾਰ ਗੁਪਤਾ ਨੇ ਕਿਹਾ ਕਿ ਐਂਟੀਜਨ ਕਿੱਟਾਂ ਨਾਲ ਕੰਟੇਨਮੈਂਟ ਜ਼ੋਨਾਂ ਵਿੱਚ ਰਹਿ ਰਹੇ ਲੋਕਾਂ ਦੇ ਟੈਸਟ ਪਹਿਲ ਦੇ ਅਧਾਰ ’ਤੇ ਕੀਤੇ ਜਾਣਗੇ। ਮੀਟਿੰਗ ਦੌਰਾਨ ਪੀਜੀਆਈ ਦੇ ਡਾਇਰੈਕਟਰ ਪ੍ਰੋ. ਜਗਤ ਰਾਮ ਨੇ ਵੀ ਯੂਟੀ ਦੇ ਕਰੋਨਾ ਮਰੀਜ਼ਾਂ ਬਾਰੇ ਜਾਣਕਾਰੀ ਦਿੱਤੀ। ਇਸੇ ਤਰ੍ਹਾਂ ਡਾਇਰੈਕਟਰ (ਸਿਹਤ ਸੇਵਾਵਾਂ) ਡਾ. ਜੀ. ਦੀਵਾਨ ਨੇ ਦੱਸਿਆ ਕਿ ਮਰੀਜ਼ਾਂ ਵਿੱਚ ਰੋਗ ਨਾਲ ਲੜਨ ਦੀ ਸ਼ਕਤੀ ਵਧਾਊਣ ਲਈ ਵਿਟਾਮਿਨ ਅਤੇ ਦਵਾਈਆਂ ਵਾਲੀਆਂ 5 ਹਜ਼ਾਰ ਕਿੱਟਾਂ ਨੂੰ ਘਰੇਲੂ ਇਕਾਂਤਵਾਸ ਅਤੇ ਕੋਵਿਡ ਕੇਅਰ ਸੈਂਟਰਾਂ ਵਿੱਚ ਵੰਡਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਮੀਟਿੰਗ ਵਿੱਚ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਸਮੇਤ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ।