ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 16 ਮਾਰਚ
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਭਗਵੰਤ ਮਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ ਮਗਰੋਂ ਅੱਜ ਮੁਹਾਲੀ ਪਹੁੰਚਣ ’ਤੇ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ। ਸਵੇਰੇ ਸਹੁੰ ਚੁੱਕਣ ਸਮਾਗਮ ਵਿੱਚ ਸ਼ਾਮਲ ਹੋਣ ਜਾਣ ਤੋਂ ਪਹਿਲਾਂ ਇਥੇ ਆਜ਼ਾਦ ਗਰੁੱਪ ਦੀ ਕੌਂਸਲਰ ਅਤੇ ‘ਆਪ’ ਆਗੂ ਬੀਬੀ ਗੁਰਮੀਤ ਕੌਰ ਨੇ ਭਗਵੰਤ ਮਾਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਸੀ ਤੇ ਉਨ੍ਹਾਂ ਦੇ ਚੜ੍ਹਦੀ ਕਲਾਂ ਲਈ ਅਰਦਾਸ ਕੀਤੀ ਸੀ। ਇਸ ਮੌਕੇ ਸਮਾਜ ਸੇਵੀ ਹਰਬਿੰਦਰ ਸਿੰਘ ਸੈਣੀ ਵੀ ਮੌਜੂਦ ਸਨ।
ਇਸ ਉਪਰੰਤ ਭਗਵੰਤ ਮਾਨ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਲਈ ਰਵਾਨਾ ਹੋਏ। ਉਨ੍ਹਾਂ ਨਾਲ ‘ਆਪ’ ਦੇ ਕੌਮੀ ਆਗੂ ਰਾਘਵ ਚੱਢਾ ਵੀ ਹਾਜ਼ਰ ਸਨ। ਦੋਵੇਂ ਆਗੂ ਹੈਲੀਕਾਪਟਰ ’ਤੇ ਸਵਾਰ ਹੋ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਪਹੁੰਚੇ ਜਿਥੇ ਭਗਵੰਤ ਮਾਨ ਨੇ ਪੰਜਾਬ ਦੇ 28ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ। ਉਧਰ, ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਅਤੇ ‘ਆਪ’ ਵਲੰਟੀਅਰ 15 ਬੱਸਾਂ ਅਤੇ 150 ਕਾਰਾਂ ਵਿੱਚ ਸਵਾਰ ਹੋ ਕੇ ਖਟਕੜ ਕਲਾਂ ਪਹੁੰਚੇ। ਇਨ੍ਹਾਂ ਸਾਰੇ ਵਲੰਟੀਅਰਾਂ ਨੇ ਬਸੰਤੀ ਰੰਗ ਦੀਆਂ ਪੱਗਾਂ ਬੰਨੀਆਂ ਹੋਈਆਂ ਸਨ ਤੇ ਬੀਬੀਆਂ ਨੇ ਬਸੰਤੀ ਰੰਗ ਦੇ ਦੁਪੱਟੇ ਲਏ ਹੋਏ ਸਨ।
ਬਨੂੜ (ਕਰਮਜੀਤ ਸਿੰਘ ਚਿੱਲਾ): ਇਸ ਖੇਤਰ ਵਿੱਚੋਂ ਅੱਜ ਵੱਡੀ ਗਿਣਤੀ ਵਿੱਚ ‘ਆਪ’ ਵਲੰਟੀਅਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖਟਕੜ ਕਲਾਂ ਵਿਖੇ ਹੋਏ ਸਹੁੰ ਚੁੱਕ ਸਮਾਰੋਹ ਵਿੱਚ ਸ਼ਿਰਕਤ ਕੀਤੀ। ਬਲਾਕ ਪ੍ਰਧਾਨ ਸਿਕੰਦਰ ਸਿੰਘ ਬਨੂੜ, ਕੁਲਦੀਪ ਸਿੰਘ, ਮੁਸਤਫ਼ਾ ਖਾਨ, ਡਾਕਟਰ ਰਾਜਿੰਦਰ ਸਿੰਘ ਮਨੌਲੀ ਸੂਰਤ, ਬਲੀ ਸਿੰਘ ਬਨੂੜ ਦੀ ਅਗਵਾਈ ਹੇਠ ਦਰਜਨਾਂ ‘ਆਪ’ ਕਾਰਕੁਨ ਸਵੇਰ ਵੇਲੇ ਰਵਾਨਾ ਹੋਏ। ਇਸ ਮੌਕੇ ਉਨ੍ਹਾਂ ਨੇ ਭਗਵੰਤ ਮਾਨ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ। ਇਸੇ ਤਰ੍ਹਾਂ ‘ਆਪ’ ਦੇ ਸੂਬਾਈ ਆਗੂ ਐਡਵੋਕੇਟ ਬਿਕਰਮਜੀਤ ਪਾਸੀ, ਆੜ੍ਹਤੀ ਬਿੱਟੂ ਪਾਸੀ ਆਦਿ ਦੀ ਅਗਵਾਈ ਹੇਠ ਵੀ ਵੱਡੀ ਗਿਣਤੀ ਵਿੱਚ ਸ਼ਹਿਰੀ ਕਾਰਕੁਨਾਂ ਨੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਮੂਲੀਅਤ ਕੀਤੀ। ਇਸ ਖੇਤਰ ਦੇ ਪਿੰਡਾਂ ਵਿੱਚੋਂ ਵੀ ਹਲਕਾ ਵਿਧਾਇਕਾਂ ਵੱਲੋਂ ਭੇਜੀਆਂ ਗਈਆਂ ਸਰਕਾਰੀ ਬੱਸਾਂ ਵਿੱਚ ਸਵਾਰ ਹੋ ਕੇ ਲੋਕਾਂ ਨੇ ਖਟਕੜ੍ਹ ਕਲਾਂ ਵੱਲ ਵਹੀਰਾਂ ਘੱਤੀਆਂ।
ਮੁੱਲਾਂਪੁਰ ਗਰੀਬਦਾਸ (ਚਰਨਜੀਤ ਚੰਨੀ): ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਨਿਊ ਚੰਡੀਗੜ੍ਹ ਇਲਾਕੇ ਵਿੱਚ ਸਮਾਜ ਸੇਵੀ ਦਲਵਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਵਿੱਚ ਪਿੰਡਾਂ ਦੇ ਨੌਜਵਾਨਾਂ ਅਤੇ ਬਜ਼ੁਰਗਾਂ ਦਾ ਕਾਫਲਾ ਬੱਸਾਂ ਰਾਹੀਂ ਖਟਕੜ ਕਲਾਂ ਰਵਾਨਾ ਹੋਇਆ।
ਲੰਮੇ ਸਮੇਂ ਤੋਂ ਮੁਹਾਲੀ ਦੇ ਵਸਨੀਕ ਹਨ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਲੰਮੇ ਸਮੇਂ ਤੋਂ ਮੁਹਾਲੀ ਵਿੱਚ ਰਹਿ ਰਹੇ ਹਨ। ਪਹਿਲਾਂ ਉਹ ਇੱਥੋਂ ਦੇ ਫੇਜ਼-3ਬੀ1 ਵਿੱਚ ਰਹਿੰਦੇ ਸਨ। ਕੁਝ ਮਹੀਨੇ ਪਹਿਲਾਂ ਉਨ੍ਹਾਂ ਨੇ ਆਪਣੀ ਪੁਰਾਣੀ ਕੋਠੀ ਵੇਚ ਦਿੱਤੀ ਜਿਥੇ ਉਹ ਕਰੀਬ 15 ਸਾਲ ਰਹੇ ਸਨ। ਹੁਣ ਉਨ੍ਹਾਂ ਨੇ ਫੇਜ਼-1 ਵਿੱਚ ਡਾਕਘਰ ਦੇ ਪਿੱਛੇ ਕੋਠੀ ਲਈ ਹੈ। ਇੱਥੇ ਐਂਟਰੀ ਪੁਆਇੰਟ ’ਤੇ ਪੁਲੀਸ ਨੇ ਦੋਵੇਂ ਪਾਸੇ ਬੈਰੀਕੇਡ ਲਗਾਏ ਹਨ। ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਨਾਲ ਮੁਹਾਲੀ ਵਾਸੀਆਂ ਨੂੰ ਸ਼ਹਿਰ ਦਾ ਸਰਬਪੱਖੀ ਵਿਕਾਸ ਹੋਣ ਦੀ ਆਸ ਬੱਝੀ ਹੈ।