ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਅਕਤੂਬਰ
ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਦੀ ਚੋਣ ਮਗਰੋਂ ਮਲਿਕਾਰਜੁਨ ਖੜਗੇ ਦੇ ਪ੍ਰਧਾਨ ਚੁਣੇ ਜਾਣ ’ਤੇ ਚੰਡੀਗੜ੍ਹ ਕਾਂਗਰਸ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਅੱਜ ਚੰਡੀਗੜ੍ਹ ਕਾਂਗਰਸ ਦੇ ਆਗੂਆਂ ਨੇ ਸੈਕਟਰ-35 ਸਥਿਤ ਕਾਂਗਰਸ ਭਵਨ ਵਿੱਚ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਕਿਹਾ ਕਿ ਕਾਂਗਰਸ 137 ਸਾਲ ਪੁਰਾਣੀ ਪਾਰਟੀ ਹੈ, ਜੋ ਕਿ ਅੱਜ ਵੀ ਦੇਸ਼ ਦੇ ਸੰਵਿਧਾਨ ਅਤੇ ਲੋਕ ਹਿੱਤ ਵਿੱਚ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪਹਿਲਾਂ ਗਾਂਧੀ ਪਰਿਵਾਰ ਦੀ ਅਗਵਾਈ ਹੇਠ ਮਜ਼ਬੂਤੀ ਨਾਲ ਕੰਮ ਕੀਤਾ ਹੈ, ਹੁਣ ਆਲ ਇੰਡੀਆ ਕਾਂਗਰਸ ਦੇ ਨਵੇਂ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਸਾਲ 2024 ਦੀਆਂ ਲੋਕ ਸਭਾ ਚੋਣਾਂ ਲੜਨ ਦੀ ਤਿਆਰੀ ਕਰੇਗੀ। ਉਨ੍ਹਾਂ ਆਸ ਜ਼ਾਹਿਰ ਕੀਤੀ ਸਾਲ 2024 ਵਿੱਚ ਕਾਂਗਰਸ ਪਾਰਟੀ ਮੁੜ ਸਰਕਾਰ ਬਣਾਵੇਗੀ।
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਕੁਝ ਰਾਜਸੀ ਪਾਰਟੀਆਂ ਵੱਲੋਂ ਜਾਤੀਵਾਦ ਅਤੇ ਧਰਮ ਦੀ ਰਾਜਨੀਤੀ ਕਰਦਿਆਂ ਕਾਂਗਰਸ ਪਾਰਟੀ ਖ਼ਿਲਾਫ਼ ਲਗਾਤਾਰ ਦੁਸ਼ਣਬਾਜ਼ੀ ਕੀਤੀ ਜਾ ਰਹੀ ਹੈ, ਜਦੋਂਕਿ ਕਾਂਗਰਸ ਪਾਰਟੀ ਦੇ 9100 ਡੈਲੀਗੇਟਸ ਨੇ ਪਾਰਦਰਸ਼ੀ ਢੰਗ ਨਾਲ ਵੋਟਿੰਗ ਕਰਦੇ ਹੋਏ ਆਪਣੇ ਪ੍ਰਧਾਨ ਦੀ ਚੋਣ ਕੀਤੀ ਹੈ। ਉਨ੍ਹਾਂ ਕਿਹਾ ਕਿ ਮਲਿਕਾਰਜੁਨ ਖੜਗੇ ਤਜਰਬੇਕਾਰ ਨੇਤਾ ਹਨ ਜਿਨ੍ਹਾਂ ਨੇ ਪਾਰਟੀ ਵਿੱਚ ਰਹਿੰਦੇ ਹੋਏ ਦੇਸ਼ ਦੇ ਵੱਖ-ਵੱਖ ਅਹੁਦਿਆਂ ’ਤੇ ਕੰਮ ਕੀਤਾ ਹੈ। ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਭੁਪਿੰਦਰ ਸਿੰਘ ਬਡਹੇੜੀ, ਹਰਫੂਲ ਕਲਿਆਣ, ਧਰਮਵੀਰ, ਰਾਜੀਵ ਮੌਦਗਿੱਲ, ਵਿਨੋਦ ਸ਼ਰਮਾ ਹਾਜ਼ਰ ਰਹੇ।