ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 4 ਜਨਵਰੀ
ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ‘ਆਪ’ ਸਰਕਾਰ ਬਣਨ ’ਤੇ ਸਿੱਧੂ ਭਰਾਵਾਂ ਕੋਲੋਂ ਸ਼ਾਮਲਾਤ ਜ਼ਮੀਨਾਂ ਛੁਡਾਈਆਂ ਜਾਣਗੀਆਂ ਅਤੇ ਲੋਕਾਂ ਨਾਲ ਕੀਤੀਆਂ ਵਧੀਕੀਆਂ ਦਾ ਹਿਸਾਬ ਲਿਆ ਜਾਵੇਗਾ। ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ’ਤੇ ਪਲਟਵਾਰ ਕਰਦਿਆਂ ਕਿਹਾ ਕਿ ਉਸ ਨੇ ਕਦੇ ਵੀ ਕਾਂਗਰਸ ਤੋਂ ਟਿਕਟ ਨਹੀਂ ਮੰਗੀ ਸਗੋਂ ਪਿਛਲੀ ਵਾਰ ਨਗਰ ਨਿਗਮ ਚੋਣਾਂ ਦੌਰਾਨ ਸਿੱਧੂ ਨੇ ਖ਼ੁਦ ਉਨ੍ਹਾਂ ਨੂੰ ਕਾਂਗਰਸ ਵੱਲੋਂ ਮੇਅਰ ਬਣਨ ਦੀ ਪੇਸ਼ਕਸ਼ ਕੀਤੀ ਸੀ ਪਰ ਉਨ੍ਹਾਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਸਾਫ਼ ਮਨ੍ਹਾ ਕਰ ਦਿੱਤਾ ਸੀ। ਲੇਕਿਨ ਬਾਅਦ ਵਿੱਚ ਮੁਹਾਲੀ ਦੇ ਵਿਕਾਸ ਦੇ ਮੁੱਦੇ ’ਤੇ ਆਜ਼ਾਦ ਗਰੁੱਪ ਅਤੇ ਕਾਂਗਰਸ ਗੱਠਜੋੜ ਨਾਲ ਉਹ ਸ਼ਹਿਰ ਦੇ ਪਹਿਲੇ ਮੇਅਰ ਬਣੇ ਸੀ ਅਤੇ ਰਿਕਾਰਡਤੋੜ ਵਿਕਾਸ ਕੀਤਾ ਸੀ, ਪ੍ਰੰਤੂ ਹੁਣ ਵਿਕਾਸ ਦੇ ਨਾਂ ’ਤੇ ਸਿਰਫ਼ ਫੋਕੇ ਐਲਾਨ ਹੀ ਹੋ ਰਹੇ ਹਨ। ਕੁਲਵੰਤ ਸਿੰਘ ਨੇ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੀਆਂ ਨੀਤੀਆਂ ਤੋਂ ਤੰਗ ਆਏ ਲੋਕ ਆਮ ਆਦਮੀ ਪਾਰਟੀ ਨੂੰ ਤੀਜੇ ਬਦਲ ਵਜੋਂ ਦੇਖ ਰਹੇ ਹਨ ਅਤੇ ਪੰਜਾਬ ਵਿੱਚ ਅਗਲੀ ਸਰਕਾਰ ਆਪ ਦੀ ਬਣੇਗੀ। ਨਵੇਂ ਬੱਸ ਅੱਡੇ ਬਾਰੇ ਕੁਲਵੰਤ ਸਿੰਘ ਨੇ ਕਿਹਾ ਕਿ ਗਮਾਡਾ ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹੈ ਕਿ ਇਸ ਪ੍ਰਾਜੈਕਟ ਲਈ ਗਮਾਡਾ ਨੇ ਕੋਈ ਥਾਂ ਅਲਾਟ ਨਹੀਂ ਕੀਤੀ। ਇਸ ਮੌਕੇ ਆਪ ਦੇ ਬੁਲਾਰੇ ਵਿਨੀਤ ਵਰਮਾ, ਜ਼ਿਲ੍ਹਾ ਪ੍ਰਧਾਨ ਮਾਲਵਿੰਦਰ ਸਿੰਘ ਕੰਗ, ਜਨਰਲ ਸਕੱਤਰ ਪ੍ਰਭਜੋਤ ਕੌਰ ਤੇ ਹੋਰ ਪਤਵੰਤੇ ਹਾਜ਼ਰ ਸਨ।