ਮੁਕੇਸ਼ ਕੁਮਾਰ
ਚੰਡੀਗੜ੍ਹ, 26 ਮਈ
ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਗਾਰਬੇਜ ਕੁਲੈਕਸ਼ਨ ਫੀਸ ਵਧਾਉਣ ਅਤੇ ਪਿੰਡਾਂ ਵਿੱਚ ਲਗਾਏ ਜਾਣ ਵਾਲੇ ਪ੍ਰਾਪਰਟੀ ਟੈਕਸ ਦੇ ਵਿਰੋਧ ਵਿੱਚ ਚੰਡੀਗੜ੍ਹ ਮਹਿਲਾ ਕਾਂਗਰਸ ਨੇ ਅੱਜ ਇਥੇ ਸੈਕਟਰ-17 ਸਥਿਤ ਨਗਰ ਨਿਗਮ ਦਫਤਰ ਸਾਹਮਣੇ ਧਰਨਾ ਦਿੱਤਾ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਯੂਥ ਕਾਂਗਰਸ ਨੇ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਬੀਤੇ ਦਿਨ ਤੋਂ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਹੋਇਆ ਹੈ।
ਅੱਜ ਚੰਡੀਗੜ੍ਹ ਮਹਿਲਾ ਕਾਂਗਰਸ ਦੀਆਂ ਵਰਕਰਾਂ ਦੇ ਰੋਸ ਪ੍ਰਦਰਸ਼ਨ ਦੀ ਅਗਵਾਈ ਦੀਪਾ ਦੂਬੇ ਨੇ ਕੀਤੀ। ਮੁਜ਼ਾਹਰਾਕਾਰੀ ਔਰਤਾਂ ਨੇ ਐਲਾਨ ਕੀਤਾ ਕਿ ਇਹ ਰੋਸ ਪ੍ਰਦਰਸ਼ਨ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਸ੍ਰੀਮਤੀ ਦੂਬੇ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਵਾਸੀਆਂ ’ਤੇ ਵਿੱਤੀ ਭਾਰ ਪਾਇਆ ਜਾ ਰਿਹਾ ਹੈ। ਪਿੰਡਾਂ ਦਾ ਵਿਕਾਸ ਕੀਤੇ ਬਿਨਾਂ ਪ੍ਰਾਪਰਟੀ ਟੈਕਸ ਵਸੂਲਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜ ਠੱਪ ਪਏ ਹਨ।
ਇਸੇ ਦੌਰਾਨ ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਣਾ ਨੇ ਕਿਹਾ ਕਿ ਨਿਗਮ ਵੱਲੋਂ ਪਿੰਡ ਦੇ ਵਪਾਰਕ ਅਦਾਰਿਆਂ ’ਤੇ ਪ੍ਰਾਪਰਟੀ ਟੈਕਸ ਵਸੂਲਣ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਗਾਰਬੇਜ ਫੀਸ ਵਿੱਚ ਕੀਤੇ ਵਾਧੇ ਖ਼ਿਲਾਫ਼ ਯੂਥ ਕਾਂਗਰਸ ਦਾ ਸੰਘਰਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਧਾਰਾ 144 ਲੱਗੀ ਹੋਣ ਕਾਰਨ ਯੂਥ ਕਾਂਗਰਸ ਦੇ ਸਿਰਫ਼ ਪੰਜ ਨੌਜਵਾਨ ਹੀ ਰੋਸ ਪ੍ਰਦਰਸ਼ਨ ਵਿੱਚ ਬੈਠੇ ਹਨ। ਇਸੇ ਤਰ੍ਹਾਂ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਨੇ ਨਗਰ ਨਿਗਮ ਵੱਲੋਂ ਪਿੰਡਾਂ ਦੀਆਂ ਵਪਾਰਕ ਇਕਾਈਆਂ ’ਤੇ ਪ੍ਰਾਪਰਟੀ ਟੈਕਸ ਲਗਾਉਣ ਦੇ ਫੈਸਲੇ ਅਤੇ ਗਾਰਬੇਜ ਕੁਲੈਕਸ਼ਨ ਦੀ ਫੀਸ ’ਚ ਵਾਧੇ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਪਿੰਡਾਂ ਦਾ ਵਿਕਾਸ ਕੀਤੇ ਬਿਨਾਂ ਉਥੋਂ ਦੇ ਵਾਸੀਆਂ ’ਤੇ ਪ੍ਰਾਪਰਟੀ ਟੈਕਸ ਲਾਉਣ ਦੀ ਤਿਆਰੀ ਕਰ ਕੇ ਧੱਕਾ ਕਰ ਰਿਹਾ ਹੈ।
ਰੋਸ ਪ੍ਰਦਰਸ਼ਨ ਦੌਰਾਨ ਯੂਥ ਕਾਂਗਰਸ ਦੇ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਨਵੇਂ ਟੈਕਸ ਲਗਾ ਕੇ ਚੰਡੀਗੜ੍ਹ ਵਾਸੀਆਂ ਦੀ ਵਿੱਤੀ ਹਾਲਤ ਖਰਾਬ ਕਰ ਰਿਹਾ ਹੈ।