ਮਹਿਲਾ ਕਮਿਸ਼ਨ ਵੱਲੋਂ ਪੂਟਾ ਪ੍ਰਧਾਨ ਤੇ ਸਾਬਕਾ ਰਜਿਸਟਰਾਰ ਤਲਬ
ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਦੇ ਪ੍ਰਧਾਨ ਭੁਪਿੰਦਰ ਸਿੰਘ ਵਿਰਕ ਅਤੇ ਪੰਜਾਬੀ ਯੂਨੀਵਰਸਿਟੀ ਦੇ ਹੀ ਸਾਬਕਾ ਰਜਿਸਟਰਾਰ/ ਡੀਨ ਪ੍ਰੋ. ਵਰਿੰਦਰ ਕੌਸ਼ਿਕ (ਸੇਵਾਮੁਕਤ) ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਤਲਬ ਕੀਤਾ ਗਿਆ ਹੈ। ਕਮਿਸ਼ਨ ਨੇ ਸੰਮਨ ਜਾਰੀ ਕਰ ਕੇ ਦੋਵਾਂ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ 11 ਨਵੰਬਰ ਨੂੰ ਸਵੇਰੇ 10 ਵਜੇ ਹਾਜ਼ਰ ਹੋਣ ਲਈ ਆਖਿਆ ਹੈ। ਕਮਿਸ਼ਨ ਵੱਲੋਂ ਦੋਵਾਂ ਨੂੰ ਸੰਮਨ ਥਾਣਾ ਅਰਬਨ ਅਸਟੇਟ ਦੇ ਐੱਸ ਐੱਸ ਓ ਰਾਹੀਂ ਭਿਜਵਾਏ ਗਏ ਹਨ। ਸੰਮਨਾਂ ਤੋਂ ਪਤਾ ਲੱਗਦਾ ਹੈ ਕਿ ਸ਼ਿਕਾਇਤਕਰਤਾ ਮਹਿਲਾ ਵੀ ਪੰਜਾਬੀ ’ਵਰਸਿਟੀ ਦੀ ਹੀ ਸੀਨੀਅਰ ਅਧਿਆਪਕਾ ਹੈ।
ਸ਼ਿਕਾਇਤਕਰਤਾ ਮੁਤਾਬਕ ਉਸ ਨੂੰ ਵੱਖ-ਵੱਖ ਤਰ੍ਹਾਂ/ਪੱਧਰ ’ਤੇ ਪ੍ਰੇਸ਼ਾਨ ਕੀਤਾ ਜਾਂਦਾ ਰਿਹਾ ਹੈ। ਉਸ ਨੇ ਪਹਿਲਾਂ ’ਵਰਸਿਟੀ ਪ੍ਰਸ਼ਾਸਨ ਕੋਲ਼ ਵੀ ਸ਼ਿਕਾਇਤ ਕੀਤੀ ਸੀ, ਫਿਰ ਪਿਛਲੇ ਸਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਕੋਲ਼ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਨੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਆਪਣੀ ਪਹੁੰਚ ਦੀ ਕਥਿਤ ਦੁਰਵਰਤੋਂ ਕਰਦਿਆਂ ਉਸ ਨੂੰ ਯੂਨੀਵਰਸਿਟੀ ’ਚ ਬਣਦੀਆਂ ਜ਼ਿੰਮੇਵਾਰੀਆਂ ਹਾਸਲ ਕਰਨ ਤੋਂ ਵਿਰਵੇ ਰੱਖਿਆ ਜਾ ਰਿਹਾ ਹੈ ਤੇ ਸ਼ਿਕਾਇਤਾਂ ’ਤੇ ਕਾਰਵਾਈ ਵੀ ਨਹੀਂ ਹੋਣ ਦਿੱਤੀ ਜਾ ਰਹੀ।
ਇਸੇ ਦੌਰਾਨ ਪ੍ਰੋ. ਭੁਪਿੰਦਰ ਸਿੰਘ ਵਿਰਕ ਅਤੇ ਵਰਿੰਦਰ ਕੌਸ਼ਿਕ ਨੇ ਸ਼ਿਕਾਇਤਕਰਤਾ ਵੱਲੋਂ ਪ੍ਰੇਸ਼ਾਨ ਕਰਨ ਦੇ ਲਾਏ ਦੋਸ਼ਾਂ ਦਾ ਖੰਡਨ ਕਰਦਿਆਂ ਇਨ੍ਹਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਤੰਗ ਕਰਨ ਦੇ ਦੋਸ਼ ਲਾ ਕੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਉਹ ਹਰ ਤਰ੍ਹਾਂ ਦੀ ਜਾਂਚ-ਪੜਤਾਲ ਦਾ ਸਾਹਮਣਾ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਮਹਿਲਾ ਕਮਿਸ਼ਨ ਕੋਲ ਪੇਸ਼ ਹੋ ਕੇ ਆਪਣਾ ਪੱਖ ਰੱਖਣਗੇ।
