ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੈਕਟਰ-26 ਵਿੱਚ ਸਥਿਤ ਮੰਡੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਕਾਸ ਕਾਰਜ ਤੇਜ਼ ਕਰ ਦਿੱਤੇ ਹਨ। ਅੱਜ ਚੰਡੀਗੜ੍ਹ ਦੇ ਸਕੱਤਰ ਖੇਤੀਬਾੜੀ ਪ੍ਰਦੀਪ ਕੁਮਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੰਡੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਪ੍ਰਦੀਪ ਕੁਮਾਰ ਵੱਲੋਂ ਮੰਡੀ ਵਿੱਚ ਕੰਕਰੀਟ ਦੀਆਂ ਸੜਕਾਂ ਦੀ ਉਸਾਰੀ, ਐੱਲਈਡੀ ਲਾਇਟਾਂ ਲਗਾਉਣ, ਸੀਸੀਟੀਵੀ ਕੈਮਰੇ ਲਗਾਉਣ, ਜਨ ਸਿਹਤ ਨਾਲ ਸਬੰਧਤ ਕਾਰਜਾਂ, ਸਵੱਛਤਾ ਅਤੇ ਕਬਜ਼ੇ ਹਟਾਉਣ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਬਜ਼ੀ ਮੰਡੀ ਵਿੱਚ ਦੁਕਾਨਦਾਰ ਤੇ ਖਪਤਕਾਰਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣੀ ਚਾਹੀਦੀ ਹੈ। ਇਸ ਮੌਕੇ ਸਕੱਤਰ ਖੇਤੀਬਾੜੀ ਵੱਲੋਂ ਮੰਡੀ ਦਾ ਦੌਰਾ ਵੀ ਕੀਤਾ ਗਿਆ ਅਤੇ ਵਿਕਾਸ ਕਾਰਜਾਂ ’ਤੇ ਸਹਿਮਤੀ ਜਤਾਈ।ਮਾਰਕੀਟ ਕਮੇਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਪਵਿੱਤਰ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਸੈਕਟਰ 26 ਮੰਡੀ ਵਿੱਚੋਂ ਭੀੜ ਨੂੰ ਘਟਾਉਣ ਅਤੇ ਮੰਡੀ ਪ੍ਰਬੰਧ ਬਿਹਤਰੀ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿੱਚੋਂ ਅਣ-ਅਧਿਕਾਰਤ ਵਿਕਰੇਤਾ ਹਟਾ ਦਿੱਤੇ ਗਏ ਹਨ ਤੇ ਪਾਰਕਿੰਗ ਦਾ ਪ੍ਰਬੰਧ ਸਹੀ ਕੀਤਾ ਜਾ ਰਿਹਾ ਹੈ। ਸਬਜ਼ੀਆਂ ਅਤੇ ਪਿਆਜ਼-ਆਲੂ ਦੀ ਨਿਲਾਮੀ ਲਈ ਪਲੈਟਫਾਰਮਾਂ ਦੀ ਮੁਰੰਮਤ ਅਤੇ ਰੱਖ-ਰਖਾਅ ’ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਇੰਜਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਮੰਡੀ ਵਿੱਚ ਅੰਦਰੂਨੀ ਸੜਕਾਂ ਅਤੇ ਪਾਰਕਿੰਗ ਦੀ ਮੁਰੰਮਤ ਦਾ ਕਾਰਜ ਜਲਦ ਮੁਕੰਮਲ ਕਰਨ ਦੇ ਨਿਰੇਦਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਹਰ ਸਮੇਂ ਸਫ਼ਾਈ ਦੇ ਪ੍ਰਬੰਧਾਂ ਦਾ ਧਿਆਨ ਰੱਖਿਆ ਜਾਵੇ। ਇਸ ਮੌਕੇ ਅਨਾਜ ਮੰਡੀ ਵੈੱਲਫੇਅਰ ਐਸੋਸੀਏਸ਼ਨ ਦੇ ਆਗੂਆਂ ਨੇ ਮੰਡੀ ਵਿੱਚੋਂ ਅਣ-ਅਧਿਕਾਰਤ ਵਿਕਰੇਤਾਵਾਂ ਨੂੰ ਹਟਾਉਣ ’ਤੇ ਸੰਤੁਸ਼ਟੀ ਜਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਸਫ਼ਾਈ ਦੇ ਕੰਮ ਵਿੱਚ ਵੀ ਸੁਧਾਰ ਹੋਇਆ ਹੈ।