ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 26 ਅਗਸਤ
ਮੁਹਾਲੀ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਸਬੰਧੀ ਸ਼ਹਿਰ ਦੀ ਨਵੇਂ ਸਿਰਿਓਂ ਵਾਰਡਬੰਦੀ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਬਣਾਏ ਗਏ ਵਾਰਡਬੰਦੀ ਬੋਰਡ ਦੀ ਹੁਣ 1 ਸਤੰਬਰ ਨੂੰ ਡਾਇਰੈਕਟੋਰੇਟ ਦਫ਼ਤਰ ਵਿੱਚ ਮੀਟਿੰਗ ਹੋਵੇਗੀ। ਪ੍ਰਸ਼ਾਸਕੀ ਕਾਰਨਾਂ ਕਰਕੇ ਇਹ ਮੀਟੰਗ ਬੀਤੀ 24 ਅਗਸਤ ਨੂੰ ਐਨ ਮੌਕੇ ਮੁਲਤਵੀ ਕਰ ਦਿੱਤੀ ਗਈ ਸੀ। ਇਹ ਮੀਟੰਗ ਪੰਜਾਬ ਮਿਉਂਸਪਲ ਭਵਨ ਦੇ ਕਮੇਟੀ ਰੂਮ ਵਿੱਚ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਨਗਰ ਨਿਗਮ ਦੇ ਕਮਿਸ਼ਨਰ ਕਮਲ ਕੁਮਾਰ ਗਰਗ ਪਿਛਲੇ ਕਈ ਦਿਨਾਂ ਤੋਂ ਆਪਣੇ ਘਰ ਇਕਾਂਤਵਾਸ ਵਿੱਚ ਹਨ ਅਤੇ ਬੀਤੀ 24 ਅਗਸਤ ਨੂੰ ਸੰਯੁਕਤ ਕਮਿਸ਼ਨਰ ਡਾ. ਕਨੂ ਥਿੰਦ ਦੀ ਵੀ ਅਚਾਨਕ ਤਬੀਅਤ ਵਿਗੜ ਗਈ ਸੀ। ਦੱਸਿਆ ਗਿਆ ਹੈ ਕਿ ਦਫ਼ਤਰ ਦੇ ਦੋ ਕਰਮਚਾਰੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਕਾਰਨ ਦਫ਼ਤਰੀ ਕੰਮ ਅਤੇ ਵਾਰਡਬੰਦੀ ਦੇ ਕੰਮ ਨੂੰ ਅੰਤਿਮ ਛੋਹਾਂ ਦੇਣ ਦਾ ਕੰਮ ਲਟਕਿਆ ਹੋਇਆ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਹੁਕਮਰਾਨਾਂ ਨੇ ਆਪਣੇ ਪੱਧਰ ’ਤੇ ਵਾਰਡਬੰਦੀ ਦਾ ਨਕਸ਼ਾ ਤਿਆਰ ਕਰ ਲਿਆ ਗਿਆ ਹੈ, ਬੱਸ ਵਾਰਡਬੰਦੀ ਬੋਰਡ ਦੀ ਮੀਟਿੰਗ ਕਰਕੇ ਰਸਮੀ ਕਾਰਵਾਈ ਪੂਰੀ ਕੀਤੀ ਜਾਣੀ ਬਾਕੀ ਹੈ। ਸੂਤਰ ਦੱਸਦੇ ਹਨ ਕਿ ਅਕਾਲੀ-ਭਾਜਪਾ ਦੇ ਜ਼ਿਆਦਾਤਰ ਸਾਬਕਾ ਕੌਂਸਲਰਾਂ ਦੇ ਵਾਰਡਾਂ ਨਾਲ ਕਾਫੀ ਛੇੜਛਾੜ ਕੀਤੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਵਾਰਡਬੰਦੀ ਦੇ ਪ੍ਰਸਤਾਵਿਤ ਖਰੜੇ ਨੂੰ ਪ੍ਰਵਾਨ ਕਰਕੇ ਪਹਿਲੀ ਪ੍ਰਕਾਸ਼ਨਾ ਜਾਰੀ ਕੀਤੀ ਜਾਵੇਗੀ। ਇਸ ਸਬੰਧੀ ਸ਼ਹਿਰ ਵਾਸੀਆਂ ਤੋਂ ਇਤਰਾਜ਼ ਮੰਗੇ ਜਾਣਗੇ। ਉਧਰ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੇ ਕਿਹਾ ਹੈ ਕਿ ਜੇ ਸਰਕਾਰ ਨੇ ਵਾਰਡਬੰਦੀ ਸਬੰਧੀ ਨਿਯਮਾਂ ਦੇ ਖ਼ਿਲਾਫ਼ ਜਾ ਕੇ ਕੋਈ ਕਾਰਵਾਈ ਕੀਤੀ ਤਾਂ ਉਹ ਇਨਸਾਫ਼ ਪ੍ਰਾਪਤੀ ਲਈ ਹਾਈ ਕੋਰਟ ਦਾ ਬੂਹਾ ਖੜਕਾਉਣਗੇ ਅਤੇ ਪਟੀਸ਼ਨ ਵਿੱਚ ਵਾਰਡਬੰਦੀ ਬੋਰਡ ਦੇ ਮੈਂਬਰਾਂ ਸਮੇਤ ਹੋਰ ਸਬੰਧਤ ਉੱਚ ਅਧਿਕਾਰੀਆਂ ਨੂੰ ਪਾਰਟੀ ਬਣਾਇਆ ਜਾਵੇਗਾ।