ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 13 ਜੁਲਾਈ
ਢਕੋਲੀ ਦੀ ਬਸੰਤ ਵਿਹਾਰ ਕਲੋਨੀ ਵਿੱਚ ਇਕ ਉਸਾਰੀ ਅਧੀਨ ਇਮਾਰਤ ਦੀ ਤੀਜੀ ਮੰਜ਼ਿਲ ਤੋਂ ਡਿੱਗ ਕੇ ਇਕ 22 ਸਾਲਾ ਕਾਮੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸ਼ਹਿਜਾਦ ਵਾਸੀ ਗੋਵਿੰਦ ਵਿਹਾਰ, ਮਨੀਮਾਜਰਾ ਦੇ ਰੂਪ ਵਿੱਚ ਹੋਈ ਹੈ। ਮ੍ਰਿਤਕ ਮੂਲਰੂਪ ਤੋਂ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਥਾਣਾ ਢਕੋਲੀ ਦੇ ਮੁਖੀ ਹਰਦੀਪ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਅੱਜ ਇਕ ਉਸਾਰੀ ਅਧੀਨ ਇਮਾਰਤ ਦੀ ਤੀਜੀ ਮੰਜ਼ਿਲ ’ਤੇ ਕੰਮ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਉਸ ਦਾ ਪੈਰ ਫਿਸਲ ਗਿਆ ਅਤੇ ਉਹ ਹੇਠਾਂ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।