ਕਰਮਜੀਤ ਸਿੰਘ ਚਿੱਲਾ
ਐੱਸ.ਏ.ਐੱਸ.ਨਗਰ (ਮੁਹਾਲੀ), 21 ਦਸੰਬਰ
ਬਾਸਮਾਂ (ਬਨੂੜ) ਦੀ ਫਰੂਡਨਬਰਗ ਨੋਕ ਫੈਕਟਰੀ ਕਾਮਿਆਂ ਵੱਲੋਂ ਮਜ਼ਦੂਰ ਏਟਕ ਯੂਨੀਅਨ ਦੀ ਅਗਵਾਈ ਹੇਠ ਇੱਥੋਂ ਦੇ ਕਿਰਤ ਵਿਭਾਗ ਦੇ ਦਫ਼ਤਰ ਸਾਹਮਣੇ ਦਿਨ-ਰਾਤ ਦਾ ਧਰਨਾ ਅੱਜ ਅੱਠਵੇਂ ਦਿਨ ਵੀ ਜਾਰੀ ਰਿਹਾ। ਧਰਨਾਕਾਰੀ ਕਾਮਿਆਂ ਨੇ ਅੱਜ ਸਵੇਰੇ ਨੌਂ ਵਜੇ ਕਿਰਤ ਵਿਭਾਗ ਦੇ ਦਫ਼ਤਰ ਦਾ ਮੁੱਖ ਗੇਟ ਬੰਦ ਕਰ ਦਿੱਤਾ ਅਤੇ ਵਿਭਾਗੀ ਅਧਿਕਾਰੀਆਂ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਮੌਕੇ ’ਤੇ ਪੁੱਜੇ ਮੁਹਾਲੀ ਦੇ ਐੱਸਪੀ ਅਤੇ ਹੋਰ ਅਧਿਕਾਰੀਆਂ ਨੇ ਧਰਨਾਕਾਰੀਆਂ ਨੂੰ ਸਮਝਾ ਕੇ ਗਿਆਰ੍ਹਾਂ ਵਜੇ ਗੇਟ ਖੁੱਲ੍ਹਵਾਇਆ, ਜਿਸ ਮਗਰੋਂ ਕਰਮਚਾਰੀ ਅੰਦਰ ਜਾ ਸਕੇ। ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਬੁੱਧਵਾਰ ਨੂੰ ਮੁੜ੍ਹ ਗੇਟ ਬੰਦ ਕੀਤਾ ਜਾਵੇਗਾ ਅਤੇ ਕਿਸੇ ਵੀ ਕਰਮਚਾਰੀ ਨੂੰ ਦਫ਼ਤਰ ਦੇ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ।ਸਯੁੰਕਤ ਕਿਸਾਨ ਮੋਰਚੇ ਦੇ ਆਗੂ ਪ੍ਰੇਮ ਸਿੰਘ ਭੰਗੂ ਨੇ ਵੀ ਅੱਜ ਧਰਨੇ ਵਿੱਚ ਸ਼ਾਮਲ ਹੋ ਕੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ। ਉਨ੍ਹਾਂ ਕਿਰਤ ਵਿਭਾਗ ਦੇ ਅਧਿਕਾਰੀਆਂ ਦੀ ਇਸ ਗੱਲੋਂ ਤਿੱਖੀ ਨੁਕਤਾਚੀਨੀ ਕੀਤੀ ਕਿ ਭਾਰੀ ਠੰਢ ਦੇ ਬਾਵਜੂਦ ਕਿਰਤੀਆਂ ਨੂੰ ਆਪਣੇ ਜਮਹੂਰੀ ਅਧਿਕਾਰ ਤਹਿਤ ਬਣਾਈ ਗਈ ਯੂਨੀਅਨ ਨੂੰ ਰਜਿਸਟਰਡ ਕਰਾਉਣ ਲਈ ਸੜਕਾਂ ਉੱਤੇ ਬੈਠਣਾ ਪੈ ਰਿਹਾ ਹੈ। ਉਨ੍ਹਾਂ ਵਿਭਾਗ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਯੂਨੀਅਨ ਰਜਿਸਟਰਡ ਨਾ ਕੀਤੀ ਗਈ ਤਾਂ ਸਯੁੰਕਤ ਕਿਸਾਨ ਮੋਰਚੇ ਦੇ ਸਮੁੱਚੇ ਆਗੂ ਇੱਥੇ ਧਰਨੇ ਤੇ ਬੈਠਣ ਤੋਂ ਗੁਰੇਜ਼ ਨਹੀਂ ਕਰਨਗੇ। ਪੰਜਾਬ ਏਟਕ ਦੇ ਮੀਤ ਪ੍ਰਧਾਨ ਵਿਨੋਦ ਚੁੱਘ ਨੇ ਦੱਸਿਆ ਕਿ ਧਰਨੇ ਨੂੰ ਕਈਂ ਹੋਰ ਕਿਸਾਨ, ਟਰੇਡ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਯੂਨੀਅਨ ਰਜਿਸਟਰਡ ਨਹੀਂ ਹੁੰਦੀ ਅਤੇ ਫੈਕਟਰੀ ਵਿੱਚੋਂ ਠੇਕੇਦਾਰੀ ਸਿਸਟਮ ਖਤਮ ਨਹੀਂ ਕਰਾਇਆ ਜਾਂਦਾ ਉਦੋਂ ਤੱਕ ਕਿਰਤੀ ਸੰਘਰਸ਼ ਜਾਰੀ ਰੱਖਣਗੇ।