ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 2 ਮਾਰਚ
ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਐੱਲਕੇਜੀ ਅਤੇ ਯੂਕੇਜੀ ਵਿੱਚ ਪੜ੍ਹਦੇ 3 ਤੋਂ 6 ਸਾਲ ਦੇ ਬੱਚਿਆਂ ਦੀਆਂ ਮਾਵਾਂ ਲਈ ਇੱਕ ਰੋਜ਼ਾ ਵਿਸ਼ੇਸ਼ ਵਰਕਸ਼ਾਪ ਲਾਈ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਬੱਚਿਆਂ ਦੀਆਂ ਮਾਵਾਂ ਨੇ ਸ਼ਿਰਕਤ ਕੀਤੀ ਅਤੇ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਬਾਰੇ ਜਾਣਿਆ।
ਪੰਜਾਬ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਦੇ ਡਾਇਰੈਕਟਰ ਡਾ. ਜਰਨੈਲ ਸਿੰਘ ਕਾਲੇਕੇ ਅਤੇ ਡੀਪੀਆਈ (ਐਲੀਮੈਂਟਰੀ) ਹਰਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਦੇ ਕਰੀਬ 13 ਹਜ਼ਾਰ ਸਕੂਲਾਂ ਵਿੱਚ ਲੱਖਾਂ ਵਿਦਿਆਰਥੀ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸਮੇਂ-ਸਮੇਂ ’ਤੇ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚ ਮਿਆਰੀ ਪੜ੍ਹਾਈ ਲਈ ਪ੍ਰਬੰਧ ਕੀਤੇ ਜਾਂਦੇ ਹਨ ਜਿਨ੍ਹਾਂ ਬਾਰੇ ਮਾਵਾਂ ਨੂੰ ਜਾਗਰੂਕ ਕਰਨ ਅਤੇ ਸਿਖਲਾਈ ਦੇਣ ਲਈ ਵਿਸ਼ੇਸ਼ ਵਰਕਸ਼ਾਪ ਲਗਾਉਣ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ। ਅਧਿਆਪਕਾਂ ਨੇ ਦੱਸਿਆ ਕਿ ਬੱਚੇ ਨੂੰ ਖੇਡ-ਖੇਡ ਵਿੱਚ ਕਿਵੇਂ ਪੜ੍ਹਾਈ ਲਈ ਤਿਆਰ ਕੀਤਾ ਜਾ ਸਕਦਾ ਹੈ। ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਨੂੰ ਹੁਲਾਰਾ ਦੇਣ ਲਈ ਮਾਵਾਂ ਨੂੰ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ ਅਤੇ ਪ੍ਰਾਪਤੀਆਂ ਬਾਰੇ ਵੀ ਦੱਸਿਆ ਗਿਆ।