ਪੈਰੀ ਕਤਲ ਕਾਂਡ ’ਚ ਨੌਜਵਾਨ ਕਾਬੂ
ਇੱਥੋਂ ਦੇ ਸੈਕਟਰ-26 ਸਥਿਤ ਟਿੰਬਰ ਮਾਰਕੀਟ ਵਿੱਚ ਕਾਰ ਸਵਾਰਾਂ ਵੱਲੋਂ ਕੀਤੇ ਇੰਦਰਪ੍ਰੀਤ ਸਿੰਘ ਪੈਰੀ ਦੇ ਕਤਲ ਮਾਮਲੇ ਵਿੱਚ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਰਾਹੁਲ ਸ਼ਰਮਾ ਵਾਸੀ ਖਰੜ ਵਜੋਂ ਹੋਈ ਹੈ। ਜਿਸ ਨੂੰ ਚੰਡੀਗੜ੍ਹ ਪੁਲੀਸ ਦੇ ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਚੰਡੀਗੜ੍ਹ ਦੇ ਸੈਕਟਰ-24 ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕ ਅੱਜ ਅਦਾਲਤ ਵਿੱਚ ਪੇਸ਼ ਕੀਤਾ ਤਾਂ ਅਦਾਲਤ ਤੋਂ 7 ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ। ਅਦਾਲਤ ਨੇ ਮੁਲਜ਼ਮ ਨੂੰ 4 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਵੱਲੋਂ ਇੰਦਰਪ੍ਰੀਤ ਸਿੰਘ ਪੈਰੀ ਦੇ ਕਾਤਲਾਂ ਨੂੰ ਕਾਰ ਅਤੇ ਹੋਰ ਸਾਮਾਨ ਮੁਹੱਈਆ ਕਰਵਾਉਣ ਵਿੱਚ ਮਦਦ ਕੀਤੀ ਸੀ, ਜਿਸ ਦੀ ਵਰਤੋਂ ਵਾਰਦਾਤ ਸਮੇਂ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਵੱਲੋਂ ਪਿਛਲੇ 10 ਦਿਨਾਂ ਤੋਂ ਲਗਾਤਾਰ ਪੈਰੀ ਦੇ ਕਤਲ ਮਾਮਲੇ ਵਿੱਚ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਸੀ। ਇਸੇ ਦੌਰਾਨ ਪੁਲੀਸ ਨੇ ਵੱਖ-ਵੱਖ ਸੂਹ ਹਾਸਲ ਕਰਦਿਆਂ ਰਾਹੁਲ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਰਾਹੁਲ ਸ਼ਰਮਾ ਤੋਂ ਪੁੱਛ-ਪੜਤਾਲ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਸੈਕਟਰ-26 ਸਥਿਤ ਟਿੰਬਰ ਮਾਰਕੀਟ ਵਿੱਚ ਕਾਰ ਸਵਾਰਾਂ ਨੇ ਇੰਦਰਪ੍ਰੀਤ ਪੈਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਵੱਲੋਂ ਪੈਰੀ ’ਤੇ ਗੋਲਡੀ ਬਰਾੜ ਲਈ ਪੈਸੇ ਇਕੱਠੇ ਕਰਨ ਦਾ ਦੋਸ਼ ਲਗਾਇਆ ਗਿਆ ਸੀ। ਇਸ ਤੋਂ ਬਾਅਦ ਕਈ ਦਿਨ ਸੋਸ਼ਲ ਮੀਡੀਆ ’ਤੇ ਗੈਂਗਸਟਰਾਂ ਵਿੱਚ ਟਕਰਾਅ ਚਲਦਾ ਰਿਹਾ ਹੈ। ਇਸ ਦੌਰਾਨ ਪੁਲੀਸ ਨੇ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਕਾਬੂ ਕਰ ਲਿਆ ਹੈ, ਜਦੋਂ ਕਿ ਹੋਰਨਾਂ ਦੀ ਭਾਲ ਕੀਤੀ ਜਾ ਰਹੀ ਹੈ।
