ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 30 ਅਪਰੈਲ
ਮੁਹਾਲੀ ਪੁਲੀਸ ਨੇ ਇੱਕ ਨੌਜਵਾਨ ਨੂੰ 315 ਬੋਰ ਦੇ ਇੱਕ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕੋਲੋਂ 3 ਕਾਰਤੂਸ ਵੀ ਬਰਾਮਦ ਹੋਏ ਹਨ। ਇੱਥੇ ਮੁਹਾਲੀ ਦੇ ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਸਿਧਾਰਥ ਚੌਧਰੀ (24) ਵਾਸੀ ਜ਼ਿਲ੍ਹਾ ਸਹਾਰਨਪੁਰ (ਯੂਪੀ) ਵਜੋਂ ਹੋਈ ਹੈ। ਇਸ ਸਬੰਧੀ ਉਸ ਦੇ ਖ਼ਿਲਾਫ਼ ਸੈਂਟਰਲ ਥਾਣਾ ਫੇਜ਼-8 ਵਿੱਚ ਅਸਲਾ ਐਕਟ ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐੱਸਪੀ ਬੱਲ ਨੇ ਦੱਸਿਆ ਕਿ ਸੈਂਟਰਲ ਥਾਣਾ ਫੇਜ਼-8 ਦੇ ਐੱਸਐੱਚਓ ਇੰਸਪੈਕਟਰ ਰੁਪਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਪਿਛਲੇ ਪਾਸੇ ਤੋਂ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮ ਨੂੰ ਮੁਹਾਲੀ ਅਦਾਲਤ ਨੇ ਇਕ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।