ਚੰਡੀਗੜ੍ਹ ਯੂਥ ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 75ਵੇਂ ਜਨਮ ਦਿਨ ਨੂੰ ‘ਕੌਮੀ ਬੇਰੁਜ਼ਗਾਰੀ ਦਿਵਸ’ ਵਜੋਂ ਮਨਾਇਆ ਹੈ। ਇਸ ਮੌਕੇ ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਦੀਪਕ ਲੁਬਾਣਾ ਦੀ ਅਗਵਾਈ ਹੇਠ ਯੂਥ ਕਾਂਗਰਸ ਦੇ ਵਰਕਰਾਂ ਨੇ ਦੇਸ਼ ਵਿੱਚ ਵਧ ਰਹੀ ਬੇਰੁਜ਼ਗਾਰੀ ਤੇ ਮਹਿੰਗਾਈ ਵਿਰੁੱਧ ਸੈਕਟਰ-35 ’ਚ ਚੰਡੀਗੜ੍ਹ ਕਾਂਗਰਸ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਹੈ।ਯੂਥ ਕਾਂਗਰਸ ਦੇ ਵਰਕਰਾਂ ਨੇ ਬੂਟ ਪਾਲਿਸ਼ ਕੀਤੇ, ਸਬਜ਼ੀਆਂ ਵੇਚੀਆਂ ਅਤੇ ਚਾਹ ਬਣਾ ਕੇ ਵੱਖਰੇ ਢੰਗ ਨਾਲ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਰਾਜ ਦੌਰਾਨ ਦੇਸ਼ ਵਿੱਚੋਂ ਨੌਕਰੀਆਂ ਖਤਮ ਹੋ ਰਹੀਆਂ ਅਤੇ ਨੌਜਵਾਨ ਬੇਰੁਜ਼ਗਾਰ ਹੋ ਰਹੇ ਹਨ, ਇਸ ਲਈ ਨੌਜਵਾਨਾਂ ਨੂੰ ਪੜ੍ਹ-ਲਿਖ ਕੇ ਵੀ ਇਹੀ ਕੰਮ ਕਰਨ ਲਈ ਮਜਬੂਰ ਹੋਣਾ ਪਵੇਗਾ।ਯੂਥ ਕਾਂਗਰਸ ਦੇ ਪ੍ਰਧਾਨ ਦੀਪਕ ਲੁਬਾਣਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਿੱਚ ਹਰ ਵਰ੍ਹੇ ਦੋ ਕਰੋੜ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਧਾ ਕੀਤਾ ਸੀ ਪਰ ਅੱਜ ਤੱਕ ਕਦੇ ਵੀ ਰੁਜ਼ਗਾਰ ਨਹੀਂ ਮਿਲਿਆ ਹੈ। ਮੀਤ ਪ੍ਰਧਾਨ ਅਤਿੰਦਰ ਸਿੰਘ ਰੋਬੀ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਦਾ ਢਿੱਡ ਜੁਮਲਿਆਂ ਨਾਲ ਨਹੀਂ ਭਰਦਾ ਹੈ, ਨੌਜਵਾਨਾਂ ਨੂੰ ਰੁਜ਼ਗਾਰ ਦੀ ਲੋੜ ਹੈ। ਚੰਡੀਗੜ੍ਹ ਯੂਥ ਕਾਂਗਰਸ ਦੇ ਇੰਚਾਰਜ ਅਜੈ ਚੌਧਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਰਕਾਰੀ ਅਦਾਰਿਆਂ ਦੀ ਨਿੱਜੀਕਰਨ ਕੀਤਾ ਜਾ ਰਿਹਾ ਹੈ, ਜਿਸ ਕਰਕੇ ਸਰਕਾਰੀ ਖੇਤਰ ਦੀਆਂ ਨੌਕਰੀਆਂ ਘੱਟ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਗਾਮੀ ਚੋਣਾਂ ਵਿੱਚ ਲੋਕ ਭਾਜਪਾ ਨੂੂੰ ਮੋੜਵਾਂ ਜਵਾਬ ਦੇਣਗੇ। ਇਸ ਮੌਕੇ ਚੰਡੀਗੜ੍ਹ ਯੂਥ ਕਾਂਗਰਸ ਦੇ ਜਨਰਲ ਸਕੱਤਰ ਕਪਿਲ ਚੋਪੜਾ, ਸੰਦੀਪ, ਹਰਸਿਮਰਨ, ਦੀਪਕ ਜੈਸਵਾਲ, ਅਰਦਾਸ, ਸ਼ੁਭਮ, ਆਸ਼ੂ ਵੈਦ, ਰਵੀ ਰਾਣਾ, ਵਿਕਾਸ ਖੰਨਾ, ਵਿਕਰਮਜੀਤ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਯੂਥ ਕਾਂਗਰਸ ਦੇ ਆਗੂ ਮੌਜੂਦ ਰਹੇ।