ਵੋਟ ਚੋਰੀ ਖ਼ਿਲਾਫ਼ ਯੂਥ ਕਾਂਗਰਸ ਵੱਲੋਂ ਮਸ਼ਾਲ ਯਾਤਰਾ
ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂੰ ਚਿੱਬ ਨੇ ਕਿਹਾ ਕਿ ਭਾਜਪਾ ਵੱਲੋਂ ਚੋਣ ਕਮਿਸ਼ਨ ਦੀ ਦੁਰਵਰਤੋਂ ਕਰਵਾ ਕੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚੋਂ ਵੋਟ ਚੋਰੀ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਭਾਜਪਾ ਵਿਰੋਧੀ ਪਾਰਟੀਆਂ ਨਾਲ ਸਬੰਧਤ ਲੋਕਾਂ ਦੀਆਂ ਵੋਟਾਂ ਕਟਵਾਉਣ ਲੱਗੀ ਹੋਈ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਭਾਜਪਾ ਦੇਸ਼ ਵਿੱਚ ਵੋਟ ਚੋਰੀ ਕਰਕੇ ਵਿਰੋਧੀ ਪਾਰਟੀਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਵੋਟ ਚੋਰੀ ਵਿਰੁੱਧ ਸ਼ੁਰੂ ਕੀਤਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਕਾਂਗਰਸ ਪਾਰਟੀ ਦੇਸ਼ ਦੇ ਹਰ ਵਿਅਕਤੀ ਤੱਕ ਪਹੁੰਚ ਕਰਕੇ ਭਾਜਪਾ ਵੱਲੋਂ ਕੀਤੀ ਜਾ ਰਹੀ ਵੋਟ ਚੋਰੀ ਬਾਰੇ ਜਾਣੂ ਕਰਾਵੇਗੀ।
ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਦੀਪਕ ਲੁਬਾਣਾ ਨੇ ਕਿਹਾ ਕਿ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਕਰਕੇ ਅੱਜ ਹਰ ਵਰਗ ਦੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਹੇਠ ਪ੍ਰਸ਼ਾਸਨ ਵੱਲੋਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਦੀ ਛੱਤ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦੋਂ ਕਿ ਕਾਂਗਰਸ ਪਾਰਟੀ ਵੱਲੋਂ ਲੋਕਾਂ ਨੂੰ ਛੱਤ ਦੇਣ ਦਾ ਕੰਮ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਕਾਂਗਰਸ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਘਰਾਂ ਦਾ ਮਾਲਿਕਾਨਾਂ ਹੱਕ ਦਵਾ ਕੇ ਰਵੇਗੀ। ਇਸ ਮੌਕੇ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂ ਅਤਿੰਦਰਜੀਤ ਸਿੰਘ ਰਾਬੀ, ਲਵ ਕੁਮਾਰ, ਕਰੁਣਾ, ਸਚਿਨ, ਆਸ਼ੂ ਵੈਦ, ਹਰਸਿਮਰਨ, ਸ਼ੁਭਮ, ਦੀਪਕ ਜੈਸਵਾਲ, ਮਾਧਵੀ ਦੂਬੇ ਸਣੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਹਾਜ਼ਰ ਸਨ।
