ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾਂਦੇ ਯੂਥ ਕਾਂਗਰਸੀ ਹਿਰਾਸਤ ’ਚ ਲਏ
ਹਰਿਆਣਾ ਦੇ ਸੀਨੀਅਰ ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਚੰਡੀਗੜ੍ਹ ਯੂਥ ਕਾਂਗਰਸ ਸੜਕਾਂ ’ਤੇ ਉਤਰ ਆਈ ਹੈ। ਅੱਜ ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਦੀਪਕ ਲੁਬਾਣਾ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਵੱਲੋਂ ਹਰਿਆਣਾ ਸਰਕਾਰ ਵਿਰੁੱਧ ਸੈਕਟਰ-3 ਵਿੱਚ ਮੁਜ਼ਾਹਰਾ ਕੀਤਾ ਗਿਆ। ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੇ ਘਰ ਦਾ ਘਿਰਾਓ ਕਰਨ ਲਈ ਅੱਗੇ ਵਧਣ ਲੱਗੇ ਤਾਂ ਪੁਲੀਸ ਨੇ ਕੁਝ ਦੂਰੀ ’ਤੇ ਹੀ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਧੱਕੇ ਨਾਲ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨਾਲ ਧੁੱਕਾ-ਮੁੱਕੀ ਹੋਈ ਤੇ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਥਾਣਾ ਸੈਕਟਰ-3 ਵਿੱਚ ਲਿਜਾਇਆ ਗਿਆ, ਜਿੱਥੋਂ ਬਾਅਦ ਦੁਪਹਿਰ ਉਨ੍ਹਾਂ ਨੂੰ ਛੱਡ ਦਿੱਤਾ।
ਯੂਥ ਕਾਂਗਰਸ ਦੇ ਪ੍ਰਧਾਨ ਦੀਪਕ ਲੁਬਾਣਾ ਨੇ ਕਿਹਾ ਕਿ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੀ ਮੌਤ ਖ਼ੁਦਕੁਸ਼ੀ ਨਹੀਂ ਸਗੋਂ ਹੱਤਿਆ ਹੈ ਜੋ ਹਰਿਆਣਾ ਸਰਕਾਰ ਦੀ ਅਣਗਹਿਲੀ ਤੇ ਮਾੜੇ ਪ੍ਰਬੰਧਾਂ ਕਾਰਨ ਹੋਈ ਹੈ। ਉਨ੍ਹਾਂ ਕਿਹਾ ਕਿ ਵਾਈ ਪੂਰਨ ਕੁਮਾਰ ਨੇ ਖ਼ੁਦਕੁਸ਼ੀ ਪੱਤਰ ਵਿੱਚ ਪ੍ਰੇਸ਼ਾਨ ਕਰਨ ਵਾਲੇ ਸਾਰੇ ਅਧਿਕਾਰੀਆਂ ਦੇ ਨਾਮ ਲਿਖੇ ਹਨ, ਪਰ ਚੰਡੀਗੜ੍ਹ ਪੁਲੀਸ ਤੇ ਹਰਿਆਣਾ ਸਰਕਾਰ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਰਹੀ। ਇਸ ਤੋਂ ਇਲਾਵਾ ਹਰਿਆਣਾ ਸਰਕਾਰ ਵੱਲੋਂ ਪੀੜਤ ਪਰਿਵਾਰ ’ਤੇ ਦਬਾਅ ਪਾ ਕੇ ਲਾਸ਼ ਦਾ ਪੋਸਟਮਾਰਟਮ ਅਤੇ ਸਸਕਾਰ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੀਪਕ ਲੁਬਾਣਾ ਨੇ ਮੰਗ ਕੀਤੀ ਕਿ ਚੰਡੀਗੜ੍ਹ ਪੁਲੀਸ ਪਹਿਲਾਂ ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਵੱਲੋਂ ਲਿਖੇ ਖ਼ੁਦਕੁਸ਼ੀ ਪੱਤਰ ਦੇ ਆਧਾਰ ’ਤੇ ਹਰਿਆਣਾ ਦੇ ਡੀ ਜੀ ਪੀ ਸ਼ਤਰੂਜੀਤ ਕਪੂਰ, ਰੋਹਤਕ ਦੇ ਤੱਤਕਾਲੀ ਐੱਸ ਪੀ ਨਰੇਂਦਰ ਬਿਜਰਾਨੀਆ ਸਣੇ ਹੋਰਨਾਂ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉੱਦੋਂ ਤੱਕ ਚੰਡੀਗੜ੍ਹ ਯੂਥ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਯੂਥ ਕਾਂਗਰਸ ਦੇ ਆਗੂ ਲਵ ਕੁਮਾਰ, ਸੁਖਦੇਵ, ਹਰਸਿਮਰਨ ਸਿੰਘ, ਕਪਿਲ ਚੌਪੜਾ, ਸ਼ੁਭਮ ਯਤਿਨ, ਦੀਪਕ ਜੈਸਵਾਲ, ਰਵੀ ਰਾਣਾ, ਵਿਕਾਸ ਖੰਨਾ ਤੇ ਅਮਿਤ ਕੁਮਾਰ ਸਣੇ ਵੱਡੀ ਗਿਣਤੀ ਵਿੱਚ ਆਗੂ ਮੌਜੂਦ ਸਨ।
‘ਸੰਵਿਧਾਨ ਬਦਲਣ ਦੀ ਕੋਸ਼ਿਸ਼ ਸਫ਼ਲ ਨਹੀਂ ਹੋਣ ਦਿਆਂਗੇ’
ਯੂਥ ਕਾਂਗਰਸ ਦੇ ਮੀਤ ਪ੍ਰਧਾਨ ਅਤਿੰਦਰਜੀਤ ਸਿੰਘ ਰਾਬੀ ਅਤੇ ਜ਼ਿਲ੍ਹਾ ਪ੍ਰਧਾਨ ਧੀਰਜ ਗੁਪਤਾ ਨੇ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ’ਤੇ ਅਤਿਆਚਾਰ ਵਿੱਚ ਵਾਧਾ ਹੋਇਆ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਵੱਲੋਂ ਡਾ. ਭੀਮ ਰਾਓ ਅੰਬੇਡਕਰ ਵੱਲੋਂ ਲਿਖੇ ਸੰਵਿਧਾਨ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਕਾਂਗਰਸ ਵੱਲੋਂ ਅਜਿਹਾ ਕਦੇ ਨਹੀਂ ਹੋਣ ਦਿੱਤਾ ਜਾਵੇਗਾ।