ਆਤਿਸ਼ ਗੁਪਤਾ
ਚੰਡੀਗੜ੍ਹ, 8 ਅਗਸਤ
ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਅਤੇ ਬੇਰੁਜ਼ਗਾਰੀ ਖ਼ਿਲਾਫ਼ ਮਨੀਮਾਜਰਾ ਵਿੱਚ ਪ੍ਰਦਰਸ਼ਨ ਕਰ ਰਹੇ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ’ਤੇ ਚੰਡੀਗੜ੍ਹ ਪੁਲੀਸ ਨੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ ਗਈ। ਅੱਜ ਚੰਡੀਗੜ੍ਹ ਯੂਥ ਕਾਂਗਰਸ ਵੱਲੋਂ ਸੰਸਦ ਮੈਂਬਰ ਕਿਰਨ ਖੇਰ ਦੇ ਘਰ ਦਾ ਘਿਰਾਓ ਕਰਨ ਲਈ ਮਨੀਮਾਜਰਾ ਤੋਂ ਰੋਸ ਮਾਰਚ ਸ਼ੁਰੂ ਕੀਤਾ। ਚੰਡੀਗੜ੍ਹ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਮਨੀਮਾਜਰਾ ਤੋਂ ਕੁਝ ਦੁਰੀ ’ਤੇ ਬੈਰੀਕੇਡ ਲਗਾ ਕੇ ਰੋਕ ਲਿਆ। ਜਿੱਥੇ ਪੁਲੀਸ ਨੇ ਪ੍ਰਦਰਸ਼ਨਕਾਰੀ ਨੌਜਵਾਨਾਂ ’ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਇਸ ਦੌਰਾਨ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਣਾ ਨੇ ਕਿਹਾ ਕਿ ਦੇਸ਼ ਵਿੱਚ ਪੈਟਰੋਲ, ਡੀਜ਼ਲ, ਰਸੋਈ ਗੈਸ ਸਿਲੰਡਰ ਸਣੇ ਹਰ ਵਸਤੂ ਮਹਿੰਗੀ ਹੁੰਦੀ ਜਾ ਰਹੀ ਹੈ। ਦੂਜੇ ਪਾਸੇ ਨੌਜਵਾਨਾਂ ਦਾ ਰੁਜ਼ਗਾਰ ਖੁਸਦਾ ਜਾ ਰਿਹਾ ਹੈ। ਕੇਂਦਰ ਸਰਕਾਰ ਇਨ੍ਹਾਂ ਮੁੱਦਿਆ ਵੱਲ ਧਿਆਨ ਦੇਣ ਦੀ ਥਾਂ ਦੇਸ਼ ’ਚ ਧਰਮ ਤੇ ਜਾਤ ਦੇ ਨਾਮ ’ਤੇ ਫਿਰਕਾ ਪ੍ਰਸਤੀ ਦੀ ਰਾਜਨੀਤੀ ਕਰਨ ਲੱਗੀ ਹੋਈ ਹੈ ਤਾਂ ਜੋ ਲੋਕਾਂ ਦਾ ਧਿਆਨ ਮਹਿੰਗਾਈ ਅਤੇ ਬੇਰੁਜ਼ਗਾਰੀ ਵਰਗੇ ਮੁੱਦਿਆ ਵੱਲ ਜਾ ਹੀ ਨਾ ਸਕੇ। ਉਨ੍ਹਾਂ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਦਾ ਅਸਰ ਹਰ ਵਸਤੂ ’ਤੇ ਪੈਂਦਾ ਹੈ। ਇਸ ਨਾਲ ਕਿਸਾਨ ਅਤੇ ਆਮ ਲੋਕਾਂ ਨੂੰ ਵੱਧ ਪੈਸੇ ਖਰਚ ਕਰਨੇ ਪੈਂਦੇ ਹਨ।
ਸ੍ਰੀ ਲੁਬਾਣਾ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਦੇਸ਼ ਭਰ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਲੱਗੇ ਹੋਏ ਹਨ ਤਾਂ ਜੋ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਉੱਠਣ ਵਾਲੀ ਆਵਾਜ਼ ਨੂੰ ਦਬਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕੇਂਦਰੀ ਜਾਂਚ ਏਜੰਸੀਆਂ ਤੇ ਪੁਲੀਸ ਦੀ ਵਰਤੋਂ ਕਰਨ ’ਤੇ ਕਾਂਗਰਸੀ ਆਗੂ ਡਰਨ ਵਾਲੇ ਨਹੀਂ ਹਨ। ਉਹ ਲੋਕਾਂ ਦੇ ਹਿੱਤ ਵਿੱਚ ਕੇਂਦਰ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਤਾਂ ਨੀਤ ਵਰਤੋਂ ਦੀਆਂ ਵਸਤੂਆਂ ਦਹੀਂ, ਆਟਾ ਸਣੇ ਹੋਰਨਾਂ ਵਸਤਾਂ ’ਤੇ ਵੀ ਜੀਐੱਸਟੀ ਵਧਾ ਦਿੱਤਾ ਹੈ। ਇਸ ਤਰ੍ਹਾਂ ਆਮ ਵਿਅਕਤੀ ਦੀ ਰਸੋਈ ’ਤੇ ਨਵਾਂ ਬੋਝ ਵੱਧ ਗਿਆ।