ਆਤਿਸ਼ ਗੁਪਤਾ
ਚੰਡੀਗੜ੍ਹ, 17 ਮਾਰਚ
ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਰੋਜ਼ਾਨਾ ਵਧ ਰਹੀਆਂ ਕੀਮਤਾਂ ਦੇ ਖ਼ਿਲਾਫ਼ ਚੰਡੀਗੜ੍ਹ ਯੂਥ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਸ਼ਹਿਰ ਦੇ ਪੰਜ ਪੈਟਰੋਲ ਪੰਪਾਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੋਸਟਰਾਂ ’ਤੇ ਸਿਆਹੀ ਸੁੱਟੀ ਗਈ। ਇਸ ਦੇ ਨਾਲ ਹੀ ‘ਬਹੁਤ ਹੋਈ ਮਹਿੰਗਾਈ ਦੀ ਮਾਰ, ਜ਼ਿੰਮੇਵਾਰ ਮੋਦੀ ਸਰਕਾਰ’ ਦੇ ਪੋਸਟਰ ਚਿਪਕਾ ਦਿੱਤੇ ਗਏ।
ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਦੇਸ਼ ਵਿੱਚ ਮਹਿੰਗਾਈ ਘਟਾਉਣ ਦੇ ਵਾਅਦੇ ਕੀਤੇ ਸਨ ਪਰ ਦੇਸ਼ ਵਿੱਚੋਂ ਮਹਿੰਗਾਈ ਘਟਣ ਦੀ ਥਾਂ ਹਰ ਰੋਜ਼ ਵਧਦੀ ਜਾ ਰਹੀ ਹੈ। ਦੂਜੇ ਪਾਸੇ ਕਰੋਨਾ ਮਹਾਮਾਰੀ ਨੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਦਾ ਰੁਜ਼ਗਾਰ ਖੋਹ ਲਿਆ ਹੈ। ਕੇਂਦਰ ਸਰਕਾਰ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਦੀ ਥਾਂ ਉਨ੍ਹਾਂ ’ਤੇ ਆਰਥਿਕ ਤੌਰ ’ਤੇ ਜਬਰ ਢਾਹ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਡਿੱਗ ਰਹੀਆਂ ਹਨ ਪਰ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਦੀਆਂ ਜਾ ਰਹੀਆਂ ਹਨ। ਕਾਂਗਰਸ ਨੇ ਦੋਸ਼ ਲਗਾਇਆ ਕਿ ਤੇਲ ਦੀਆਂ ਕੀਮਤਾਂ ਘਟਾਉਣ ਲਈ ਸਰਕਾਰ ਕੋਸ਼ਿਸ਼ ਵੀ ਨਹੀਂ ਕਰ ਰਹੀ ਹੈ।
ਪੈਟਰੋਲ ਪੰਪਾਂ ’ਤੇ ਲੱਗੇ ਪੋਸਟਰਾਂ ਨੂੰ ਨਿਸ਼ਾਨਾ ਬਣਾਇਆ
ਚੰਡੀਗੜ੍ਹ ਯੂਥ ਕਾਂਗਰਸ ਨੇ ਸਵੇਰੇ 5 ਵਜੇ ਦੇ ਕਰੀਬ ਸ਼ਹਿਰ ਦੇ ਸੈਕਟਰ-22, 33, 34, 46 ਅਤੇ ਰਾਮ ਦਰਬਾਰ ਦੇ ਪੈਟਰੋਲ ਪੰਪਾਂ ’ਤੇ ਲੱਗੇ ਪੋਸਟਰਾਂ ’ਤੇ ਸਿਆਹੀ ਸੁੱਟ ਕੇ ਪ੍ਰਧਾਨ ਮੰਤਰੀ ਦੀਆਂ ਤਸਵੀਰਾਂ ਨੂੰ ਕਾਲਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਤੇਲ ਦੀਆਂ ਕੀਮਤਾਂ ਨਾ ਘਟਾਈਆਂ ਗਈਆਂ ਤਾਂ ਰੋਸ ਪ੍ਰਦਰਸ਼ਨ ਹੋਰ ਤਿੱਖਾ ਕੀਤਾ ਜਾਵੇਗਾ। ਕਾਂਗਰਸੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਸ਼ਹਿਰ ਵਿੱਚ ਹੋਰਨਾਂ ਪੈਟਰੋਲ ਪੰਪਾਂ ’ਤੇ ਲੱਗੇ ਪੋਸਟਰਾਂ ’ਤੇ ਵੀ ਪ੍ਰਧਾਨ ਮੰਤਰੀ ਦੀ ਤਸਵੀਰ ’ਤੇ ਸਿਆਹੀ ਸੁੱਟੀ ਜਾਵੇਗੀ। ਦੱਸਣਯੋਗ ਹੈ ਕਿ ਕਾਂਗਰਸ ਪਾਰਟੀ ਵੱਲੋਂ ਮਹਿੰਗਾਈ ਦੇ ਖ਼ਿਲਾਫ਼ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।