ਪ੍ਰਧਾਨ ਮੰਤਰੀ ਵਿਰੁੱਧ ਪ੍ਰਦਰਸ਼ਨ ਕਰਦੇ ਯੂਥ ਕਾਂਗਰਸੀ ਹਿਰਾਸਤ ਵਿੱਚ ਲਏ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਦਸੰਬਰ
ਚੰਡੀਗੜ੍ਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਫੇਰੀ ਦਾ ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਦੀਪਕ ਲੁਬਾਣਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਯੂਥ ਕਾਂਗਰਸੀਆਂ ਨੇ ਵਿਰੋਧ ਕੀਤਾ। ਉਨ੍ਹਾਂ ਨੇ ਪਹਿਲਾਂ ਸੈਕਟਰ-20 ਅਤੇ ਫਿਰ ਸੈਕਟਰ-23 ਵਿੱਚ ਰੋਸ ਪ੍ਰਦਰਸ਼ਨ ਕਰ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਯੂਥ ਕਾਂਗਰਸ ਦੇ ਆਗੂਆਂ ਨੇ ਕਾਲੇ ਗੁਬਾਰੇ ਉਡਾ ਕੇ ਆਪਣਾ ਵਿਰੋਧ ਜ਼ਾਹਰ ਕੀਤਾ। ਇਸੇ ਦੌਰਾਨ ਚੰਡੀਗੜ੍ਹ ਪੁਲੀਸ ਨੇ ਯੂਥ ਕਾਂਗਰਸ ਦੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਜਿਨ੍ਹਾਂ ਨੂੰ ਬਾਅਦ ਦੁਪਹਿਰ ਛੱਡਿਆ ਗਿਆ।
ਯੂਥ ਕਾਂਗਰਸ ਦੇ ਪ੍ਰਧਾਨ ਦੀਪਕ ਲੁਬਾਣਾ ਨੇ ਕਿਹਾ ਕਿ ਅੱਜ ਚੰਡੀਗੜ੍ਹ ਨਗਰ ਨਿਗਮ ਦੀ ਵਿੱਤੀ ਹਾਲਤ ਖਸਤਾ ਹੋਈ ਪਈ ਹੈ। ਇਸ ਲਈ ਭਾਜਪਾ ਜ਼ਿੰਮੇਵਾਰ ਹੈ, ਜਿਸ ਨੇ ਆਪਣੇ ਅੱਠ ਸਾਲਾਂ ਦੇ ਸ਼ਾਸਨ ਦੌਰਾਨ ਨਗਰ ਨਿਗਮ ਨੂੰ ਆਰਥਿਕ ਪੱਖ ਤੋਂ ਖਾਲੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੂੰ ਅਜਿਹੇ ਮਾੜੇ ਹਾਲਾਤ ਲਈ ਚੰਡੀਗੜ੍ਹ ਨਗਰ ਨਿਗਮ ਦੀ ਬਾਂਹ ਫੜਨੀ ਚਾਹੀਦੀ ਹੈ ਅਤੇ ਵਿਸ਼ੇਸ਼ ਪੈਕੇਜ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਦੀ ਬਾਂਹ ਫੜਨ ਦੀ ਥਾਂ ’ਤੇ ਚੰਡੀਗੜ੍ਹ ਨੂੰ ਅਣਗੌਲਿਆ ਕੀਤਾ ਹੋਇਆ ਹੈ। ਇਸੇ ਕਰ ਕੇ ਸਿਟੀ ਬਿਊਟੀਫੁਲ ਚੰਡੀਗੜ੍ਹ ਦੀ ਹਾਲਤ ਹੋਰ ਮਾੜੀ ਹੁੰਦੀ ਜਾ ਰਹੀ ਹੈ।
ਯੂਥ ਕਾਂਗਰਸ ਦੇ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਜਲਦ ਤੋਂ ਜਲਦ ਚੰਡੀਗੜ੍ਹ ਲਈ ਵਿਸ਼ੇਸ਼ ਪੈਕੇਜ ਜਾਰੀ ਕਰੇ।ਇਸ ਮੌਕੇ ਯੂਥ ਕਾਂਗਰਸ ਦੇ ਜਨਰਲ ਸਕੱਤਰ ਕਪਿਲ ਚੋਪੜਾ, ਵਿਕਰਮਜੀਤ, ਆਸ਼ੂ ਵੈਦ, ਜ਼ਿਲ੍ਹਾ ਪ੍ਰਧਾਨ ਰਵੀ ਰਾਣਾ, ਤੇਜਿੰਦਰ ਸਿੰਘ, ਰੋਹਨ, ਰਵਿੰਦਰ, ਅਮਨ, ਲੱਕੀ, ਹੰਸ, ਰੋਹਿਤ, ਦਿਲਸ਼ਾਦ ਖਾਨ ਅਤੇ ਵਿਸ਼ਾਲ ਸਣੇ ਵੱਡੀ ਗਿਣਤੀ ਵਿੱਚ ਯੂਥ ਕਾਂਗਰਸ ਦੇ ਆਗੂ ਮੌਜੂਦ ਰਹੇ।
ਪੁਲੀਸ ਨੇ ਸ਼ਹਿਰ ਦੀਆਂ ਕਈ ਸੜਕਾਂ ਬੰਦ ਕੀਤੀਆਂ, ਲੋਕ ਪ੍ਰੇਸ਼ਾਨ
ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਫੇਰੀ ਦੇ ਮੱਦੇਨਜ਼ਰ ਚੰਡੀਗੜ੍ਹ ਪੁਲੀਸ ਨੇ ਸੁਰੱਖਿਆ ਪ੍ਰਬੰਧ ਪੁਖਤਾ ਕੀਤੇ ਹੋਏ ਹਨ। ਇਸ ਦੌਰਾਨ ਪੁਲੀਸ ਨੇ ਸ਼ਹਿਰ ਦੀਆਂ ਕਈ ਸੜਕਾਂ ਨੂੰ ਕੁਝ ਸਮੇਂ ਲਈ ਬੰਦ ਕਰ ਦਿੱਤਾ ਸੀ ਜਿਸ ਕਰ ਕੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪ੍ਰਧਾਨ ਮੰਤਰੀ ਦੀ ਆਮਦ ’ਤੇ ਚੰਡੀਗੜ੍ਹ ਪੁਲੀਸ ਨੇ ਪੀਜੀਆਈ ਤੋਂ ਨਵਾਂ ਗਰਾਉਂ ਜਾਣ ਵਾਲੀ ਸੜਕ ਨੂੰ ਵੀ ਕੁਝ ਸਮੇਂ ਲਈ ਬੰਦ ਕਰ ਦਿੱਤਾ ਹੈ। ਇਸ ਦੌਰਾਨ ਨਵਾਂ ਗਰਾਉਂ ਤੋਂ ਪੀਜੀਆਈ ਆਉਣ ਵਾਲੇ ਅਤੇ ਪੀਜੀਆਈ ਤੋਂ ਨਵਾਂ ਗਰਾਉਂ ਜਾਣ ਵਾਲੇ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪਿਆ। ਇਸ ਤੋਂ ਇਲਾਵਾ ਚੰਡੀਗੜ੍ਹ ਪੁਲੀਸ ਵੱਲੋਂ ਅੱਜ ਵੀ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਪੁਲੀਸ ਨੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਅਤੇ ਵਾਹਨਾਂ ਦੀ ਚੈਕਿੰਗ ਕੀਤੀ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪੁਲੀਸ ਨੇ ਪਹਿਲਾਂ ਹੀ ਟਰੈਫਿਕ ਐਡਵਾਈਜ਼ਰੀ ਜਾਰੀ ਕਰਦੇ ਹੋਏ ਅੱਜ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕੁਝ ਸੜਕਾਂ ’ਤੇ ਆਵਾਜਾਈ ’ਤੇ ਪਾਬੰਦੀ ਲਗਾ ਦਿੱਤੀ ਸੀ।
ਸੈਕਟਰ-10 ਮਾਡਲ ਸਕੂਲ ਦੇ ਬੱਚਿਆਂ ਨੂੰ ਰੋਕਿਆ
ਇੱਥੋਂ ਦੇ ਸੈਕਟਰ-10 ਵਿੱਚ ਸਥਿਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਵੀ ਦੁਪਹਿਰ ਨੂੰ ਛੁੱਟੀ ਹੋਣ ’ਤੇ ਸਕੂਲ ਤੋਂ ਬਾਹਰ ਆਉਣ ਤੋਂ ਕੁਝ ਸਮੇਂ ਲਈ ਰੋਕ ਦਿੱਤਾ ਗਿਆ ਸੀ। ਉਸ ਦੌਰਾਨ ਪ੍ਰਧਾਨ ਮੰਤਰੀ ਸ਼ਹਿਰ ਵਿੱਚੋਂ ਵਾਪਸੀ ਕਰ ਰਹੇ ਸਨ, ਜਿਸ ਕਰ ਕੇ ਬੱਚਿਆਂ ਨੂੰ ਕੁਝ ਸਮੇਂ ਬਾਅਦ ਸਕੂਲ ਵਿੱਚੋਂ ਬਾਹਰ ਨਿਕਲਣਾ ਪਿਆ ਹੈ। ਇਸ ਦੌਰਾਨ ਸਕੂਲੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।