ਆਤਿਸ਼ ਗੁਪਤਾ
ਚੰਡੀਗੜ੍ਹ, 18 ਜੂਨ
ਕੇਂਦਰ ਸਰਕਾਰ ਵੱਲੋਂ ਫੌਜ ਵਿੱਚ ਚਾਰ ਸਾਲਾਂ ਲਈ ਨੌਜਵਾਨਾਂ ਦੀ ਭਰਤੀ ਲਈ ਸ਼ੁਰੂ ਕੀਤੀ ਗਈ ‘ਅਗਨੀਪਥ’ ਯੋਜਨਾ ਦਾ ਵਿਰੋਧ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਵੀ ਸ਼ੁਰੂ ਹੋ ਗਿਆ ਹੈ। ਅੱਜ ਚੰਡੀਗੜ੍ਹ ਯੂਥ ਕਾਂਗਰਸ ਦੇ ਆਗੂਆਂ ਨੇ ਸੈਕਟਰ 7 ਅਤੇ 26 ਦੀਆਂ ਲਾਈਟਾਂ ਵਾਲੇ ਚੌਕ ਵਿੱਚ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਚੰਡੀਗੜ੍ਹ ਯੂਥ ਕਾਂਗਰਸ ਨੇ ਰੋਸ ਪ੍ਰਦਰਸ਼ਨ ਦੌਰਾਨ ਟਾਇਰ ਜਲਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਥਾਣਾ ਸੈਕਟਰ 26 ਵਿੱਚ ਲਿਆ ਕੇ ਬੰਦ ਕਰ ਦਿੱਤਾ।
ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਣਾ ਅਤੇ ਮੀਤ ਪ੍ਰਧਾਨ ਵਿਨਾਇਕ ਬੰਗਿਆ ਨੇ ਕਿਹਾ ਕਿ ‘ਅਗਨੀਪਥ’ ਯੋਜਨਾ ਨਾਲ ਕੇਂਦਰ ਸਰਕਾਰ ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਕਰਨ ਲੱਗੀ ਹੈ। ਦੇਸ਼ ਦੇ ਨੌਜਵਾਨ ਆਪਣੇ ਸੁਨਹਿਰੇ ਭਵਿੱਖ ਲਈ ਫੌਜ ਵਿੱਚ ਸ਼ਾਮਲ ਹੁੰਦੇ ਹਨ, ਪਰ ਅਗਨੀਪਥ ਯੋਜਨਾ ਦੇ ਲਾਗੂ ਹੋਣ ਨਾਲ ਹਰ ਸਮੇਂ ਜਵਾਨਾਂ ਨੂੰ ਨੌਕਰੀ ਵਿੱਚੋਂ ਬਾਹਰ ਹੋਣ ਦਾ ਡਰ ਸਤਾਉਂਦਾ ਰਹੇਗਾ। ਇਸ ਤਰ੍ਹਾਂ ਉਹ ਦੇਸ਼ ਦੀ ਸੁਰੱਖਿਆ ਲਈ ਵੀ ਪੁੂਰੀ ਤਨਦੇਹੀ ਨਾਲ ਕੰਮ ਨਹੀਂ ਕਰ ਸਕਣਗੇ। ਯੂਥ ਕਾਂਗਰਸ ਦੇ ਆਗੂਆਂ ਨੇ ਕਿਹਾ ਕਿ ਉਹ ਦੇਸ਼ ਦੇ ਨੌਜਵਾਨਾਂ ਦੇ ਨਾਲ ਹਰ ਦੁੱਖ-ਸੁੱਖ ਵਿੱਚ ਮੋਢੇ ਨਾਲ ਮੋਢਾ ਲਗਾ ਕੇ ਖੜੇ ਹਨ।
ਲੁਬਾਣਾ ਨੇ ਕਿਹਾ ਕਿ ਕੇਂਦਰ ਸਰਕਾਰ ਇਕ ਪਾਸੇ ਨੌਜਵਾਨਾਂ ਦੇ ਭਵਿੱਖ ਨੂੰ ਹਨੇਰੇ ਵਿੱਚ ਧੱਕਣ ਦਾ ਕੰਮ ਕਰ ਰਹੀ ਹੈ, ਦੂਜੇ ਪਾਸੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨਾਂ ਨੇ ਦੇਸ਼ ਦੀ ਸੁਰੱਖਿਆ ਲਈ ਅੱਗੇ ਵਧਣਾ ਹੈ, ਉਨ੍ਹਾਂ ’ਤੇ ਲਾਠੀਚਾਰਜ ਕਰਨਾ ਅਤੇ ਕੇਸ ਦਰਜ ਕਰਨਾ ਬਹੁਤ ਹੀ ਗਲਤ ਹੈ। ਯੂਥ ਕਾਂਗਰਸ ਪ੍ਰਧਾਨ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਆਪਣਾ ਫ਼ੈਸਲਾ ਤੁਰੰਤ ਵਾਪਸ ਲਵੇ। ਇਸ ਮੌਕੇ ਦੀਪਾ ਦੂਬੇ, ਪ੍ਰੀਤੀ ਗੁਪਤਾ, ਸੰਦੀਪ ਕੁਮਾਰ, ਨਵਦੀਪ ਸਿੰਘ, ਰਣਜੋਤ ਰੋਣੀ, ਸਾਹਿਲ ਦੂਬੇ ਸਣੇ ਵੱਡੀ ਗਿਣਤੀ ਵਿੱਚ ਯੂਥ ਕਾਂਗਰਸੀ ਆਗੂ ਹਾਜ਼ਰ ਸਨ।
ਕੇਂਦਰ ਸਰਕਾਰ ‘ਅਗਨੀਪਥ’ ਯੋਜਨਾ ਵਾਪਸ ਲਏ: ਲੱਕੀ
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਕੇਂਦਰ ਸਰਕਾਰ ਵੱਲੋਂ ‘ਅਗਨੀਪਥ’ ਯੋਜਨਾ ਲਾਗੂ ਕਰਨ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਗਨੀਪਥ ਯੋਜਨਾ ਰਾਹੀਂ ਕੇਂਦਰ ਸਰਕਾਰ ਦੇਸ਼ ਦੇ ਨੌਜਵਾਨਾਂ ਨੂੰ ਪ੍ਰਾਈਵੇਟ ਕੰਪਨੀ ਦੀ ਤਰ੍ਹਾਂ ਨੌਕਰੀ ’ਤੇ ਰੱਖਣਾ ਚਾਹੁੰਦੀ ਹੈ, ਜਿਸ ਨੂੰ ਚਾਰ ਸਾਲਾਂ ਬਾਅਦ ਘਰ ਭੇਜ ਦਿੱਤਾ ਜਾਵੇਗਾ। ਉਨ੍ਹਾਂ ਇਹ ਯੋਜਨਾ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ 4 ਸਾਲਾਂ ਦੀ ਲੰਬੀ ਟਰੇਨਿੰਗ ਤੋਂ ਬਾਅਦ ਇਕ ਫੌਜੀ ਨੂੰ ਤਿਆਰ ਕੀਤਾ ਜਾਂਦਾ ਹੈ ਪਰ ਮੋਦੀ ਸਰਕਾਰ ਸਿਰਫ਼ 25 ਫ਼ੀਸਦ ਨੌਜਵਾਨਾਂ ਨੂੰ ਹੀ ਅੱਗੇ ਰੱਖਣ ਦੀ ਗੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣ ਬੁਝ ਕੇ ਲੋਕਾਂ ਦਾ ਧਿਆਨ ਭਟਕਾਉਣ ਲਈ ਦੇਸ਼ ਵਿਰੋਧੀ ਫ਼ੈਸਲੇ ਲੈਣ ਲੱਗੀ ਹੋਈ ਹੈ।