ਹਰਜੀਤ ਸਿੰਘ
ਜ਼ੀਰਕਪੁਰ, 25 ਸਤੰਬਰ
ਇੱਥੋਂ ਦੀ ਜ਼ੀਰਕਪੁਰ-ਪੰਚਕੂਲਾ ਸੜਕ ’ਤੇ ਸਥਿਤ ਇਕ ਹੋਟਲ ਵਿੱਚ ਰਸੋਈਏ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ, ਜਿਸ ਤੋਂ ਭੜਕੇ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਰਿਸਤੇਦਾਰਾਂ ਵੱਲੋਂ ਪੰਚਕੂਲਾ ਸੜਕ ’ਤੇ ਜਾਮ ਲਗਾ ਦਿੱਤਾ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਭੜਕੇ ਪੀੜਤ ਪਰਿਵਾਰ ਦੇ ਮੈਂਬਰਾਂ ਤੇ ਹੋਰ ਲੋਕਾਂ ਨੂੰ ਸਮਝਾ ਕੇ ਤਕਰੀਬਨ ਅੱਧੇ ਘੰਟੇ ਬਾਅਦ ਜਾਮ ਖੁੱਲ੍ਹਵਾਇਆ। ਇਸ ਦੌਰਾਨ ਪੰਚਕੂਲਾ ਸੜਕ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਸਨ, ਜਿਸ ਵਿੱਚ ਫਸੇ ਵਾਹਨ ਚਾਲਕਾਂ ਤੇ ਸਵਾਰਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪਈ।
ਇਕੱਤਰ ਜਾਣਕਾਰੀ ਅਨੁਸਾਰ 22 ਸਾਲਾਂ ਦਾ ਸੁਰਿੰਦਰ ਕੁਮਾਰ ਵਾਸੀ ਪਿੰਡ ਕਾਠਗੜ੍ਹ, ਜ਼ੀਰਕਪੁਰ-ਪੰਚਕੂਲਾ ਸੜਕ ’ਤੇ ਸਥਿਤ ਇਕ ਹੋਟਲ ਵਿੱਚ ਬਤੌਰ ਰਸੋਈਆ ਕੰਮ ਕਰਦਾ ਸੀ। ਲੰਘੀ ਰਾਤ ਜਦੋਂ ਉਹ ਰਸੋਈ ਵਿੱਚ ਕੰਮ ਕਰ ਰਿਹਾ ਸੀ ਤਾਂ ਉਸ ਨੂੰ ਫਰਿੱਜ ਤੋਂ ਅਚਾਨਕ ਕਰੰਟ ਲੱਗ ਗਿਆ। ਉਸ ਨੂੰ ਹੰਗਾਮੀ ਹਾਲਤ ਵਿੱਚ ਪੰਚਕੂਲਾ ਦੇ ਸੈਕਟਰ 4 ਸਥਿਤ ਸਿਵਲ ਹਸਪਤਾਲ ਲਿਜਾਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਦੀ ਮੌਤ ਤੋਂ ਭੜਕੇ ਉਸ ਦੇ ਪਰਿਵਾਰ ਦੇ ਮੈਂਬਰਾਂ ਨੇ ਰੋਸ ਵਜੋਂ ਅੱਜ ਸਵੇਰੇ ਜ਼ੀਰਕਪੁਰ-ਪੰਚਕੂਲਾ ਸੜਕ ’ਤੇ ਜਾਮ ਲਗਾ ਦਿੱਤਾ ਅਤੇ ਦੋਸ਼ ਲਾਇਆ ਕਿ ਸੁਰਿੰਦਰ ਦੀ ਮੌਤ ਹੋਟਲ ਪ੍ਰਬੰਧਕਾਂ ਦੀ ਲਾਪ੍ਰਵਾਹੀ ਕਾਰਨ ਹੋਈ ਹੈ। ਉਨ੍ਹਾਂ ਕਿਹਾ ਕਿ ਹੋਟਲ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਨਹੀਂ ਸਨ ਜਿਸ ਕਾਰਨ ਇਹ ਹਾਦਸਾ ਵਾਪਰਿਆ। ਮੁਜ਼ਾਹਰਾਕਾਰੀ ਹੋਟਲ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕਰਵਾਉਣ ਦੀ ਜ਼ਿੱਦ ’ਤੇ ਅੜੇ ਹੋਏ ਸਨ। ਮਾਮਲੇ ਦੀ ਸੂਚਨਾ ਮਿਲਣ ’ਤੇ ਢਕੋਲੀ ਪੁਲੀਸ ਮੌਕੇ ’ਤੇ ਪਹੁੰਚੀ।
ਥਾਣਾ ਢਕੋਲੀ ਦੇ ਮੁਖੀ ਇੰਸਪੈਕਟਰ ਕੁਲਬੀਰ ਸਿੰਘ ਸੰਧੂ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸਮਝਾ ਕੇ ਜਾਮ ਖੁੱਲ੍ਹਵਾਇਆ। ਥਾਣਾ ਮੁਖੀ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਣ ਮਗਰੋਂ ਜਾਮ ਖੁੱਲ੍ਹਵਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬਾਅਦ ਵਿੱਚ ਦੋਹਾਂ ਪਾਰਟੀਆਂ ਦਾ ਆਪਸ ਵਿੱਚ ਰਾਜ਼ੀਨਾਮਾ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਮਾਂ ਰਾਮਦੇਵੀ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ।