ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਨਵੰਬਰ
ਚੰਡੀਗੜ੍ਹ ਪੁਲੀਸ ਨੇ ਸਮਾਜ-ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਨਸ਼ਾ ਤਸਕਰੀ ਦੇ ਦੋਸ਼ ਹੇਠ ਇਕ ਮੁਲਜ਼ਮ ਨੂੰ 12 ਗਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਅਰਵਿੰਦਰ ਸਿੰਘ ਵਾਸੀ ਸ਼ਿਵਾਲਿਕ ਵਿਹਾਰ ਜ਼ੀਰਕਪੁਰ ਵਜੋਂ ਹੋਈ ਹੈ। ਇਹ ਕਾਰਵਾਈ ਚੰਡੀਗੜ੍ਹ ਪੁਲੀਸ ਦੇ ਅਪ੍ਰੈਸ਼ਨਜ਼ ਸੈੱਲ ਦੇ ਇੰਚਾਰਜ ਇੰਸਪੈਕਟਰ ਰਣਜੀਤ ਸਿੰਘ ਦੀ ਅਗਵਾਈ ਹੇਠ ਪੁਲੀਸ ਨੇ ਕੀਤੀ ਹੈ। ਪੁਲੀਸ ਨੇ ਇੰਡਸਟਰੀਅਲ ਏਰੀਆ ਫੇਜ਼-1 ਦੇ ਨਜ਼ਦੀਕ ਪੋਲਟਰੀ ਫਾਰਮ ਕੋਲ ਨਾਕਾਬੰਦੀ ਦੌਰਾਨ ਮੁਲਜ਼ਮ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਊਸ ਕੋਲੋਂ 12 ਗਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਅਰਵਿੰਦਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।