ਹਰਜੀਤ ਸਿੰਘ
ਜ਼ੀਰਕਪੁਰ, 27 ਜੂਨ
ਇੱਥੇ ਜ਼ੀਰਕਪੁਰ ਵਿੱਚ ਬਿਲਡਰਾਂ ਅਤੇ ਕਲੋਨਾਈਜ਼ਰਾਂ ਵੱਲੋਂ ਨਾਜਾਇਜ਼ ਤੌਰ ’ਤੇ ਦਰੱਖ਼ਤਾਂ ਦੀ ਕਟਾਈ ਖ਼ਿਲਾਫ਼ ਜੈੱਕ ਰੈਜੀਡੈਂਟ ਵੈੱਲਫੇਅਰ ਐਸੋਸੀਏਸ਼ਨ ਸੁਸਾਇਟੀ ਦੇ ਬੈਨਰ ਹੇਠ ਵੱਡੀ ਗਿਣਤੀ ਲੋਕਾਂ ਨੇ ਪੁਰਾਣੀ ਅੰਬਾਲਾ ਸੜਕ ’ਤੇ ਰੋਸ ਮੁਜ਼ਾਹਰਾ ਕੀਤਾ। ਮੁਜ਼ਾਹਰਾਕਾਰੀਆਂ ਨੇ ਦਰੱਖ਼ਤਾਂ ਨੂੰ ਬਚਾਉਣ ਲਈ ਹੱਥਾਂ ਵਿੱਚ ਤਖ਼ਤੀਆਂ ਅਤੇ ਬੈਨਰ ਫੜੇ ਹੋਏ ਸਨ।
ਇਸ ਦੌਰਾਨ ਮੁਜ਼ਾਹਰਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਉਹ ਲਗਾਤਾਰ ਸ਼ਹਿਰ ਵਿੱਚ ਹੋ ਰਹੀ ਨਾਜਾਇਜ਼ ਦਰੱਖ਼ਤਾਂ ਦੀ ਕਟਾਈ ਖ਼ਿਲਾਫ਼ ਆਵਾਜ਼ ਚੁੱਕ ਰਹੇ ਹਨ ਪਰ ਇਸ ਦੇ ਬਾਵਜੂਦ ਪ੍ਰਸ਼ਾਸਨਿਕ ਅਧਿਕਾਰੀ ਕੁੰਭਕਰਨੀ ਨੀਂਹ ਸੁੱਤੇ ਹੋਏ ਹਨ ਜਿਸ ਕਾਰਨ ਉਨ੍ਹਾਂ ਨੂੰ ਅੱਜ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਛੇਤੀ ਦਰੱਖ਼ਤਾਂ ਦੀ ਨਾਜਾਇਜ਼ ਕਟਾਈ ਬੰਦ ਨਾ ਹੋਈ ਤਾਂ ਉਹ ਮੁਹਾਲੀ ਜੰਗਲਾਤ ਵਿਭਾਗ ਦੇ ਮੁੱਖ ਦਫ਼ਤਰ ਦਾ ਘਿਰਾਓ ਕਰਨਗੇ। ਇਸ ਸਬੰਧੀ ਜੈੱਕ ਰੈਜੀਡੈਂਟ ਵੈੱਲਫੇਅਰ ਐਸੋਸੀਏਸ਼ਨ ਸੁਸਾਇਟੀ ਦੇ ਪ੍ਰਧਾਨ ਸੁਖਦੇਵ ਚੌਧਰੀ ਨੇ ਦੋਸ਼ ਲਾਇਆ ਕਿ ਪੂਰੇ ਸ਼ਹਿਰ ਵਿੱਚ ਬਿਲਡਰ ਅਤੇ ਕਲੋਨਾਈਜ਼ਰ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਦਰੱਖ਼ਤਾਂ ਦੀ ਕਟਾਈ ਕਰ ਰਹੇ ਹਨ ਜਿਸ ਨਾਲ ਵਾਤਾਵਰਨ ਨੂੰ ਵੀ ਭਾਰੀ ਨੁਕਸਾਨ ਪੁੱਜ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਲੰਘੇ ਦਿਨੀਂ ਜੰਗਲਾਤ ਵਿਭਾਗ ਵੱਲੋਂ ਕਾਰਵਾਈ ਦਾ ਭਰੋਸਾ ਦਿੰਦਿਆਂ ਮਿੱਟੀ ਦੇ ਸੈਂਪਲ ਵੀ ਲਏ ਗਏ ਸਨ ਜਿਨ੍ਹਾਂ ਦੀ ਰਿਪੋਰਟ ਹਾਲੇ ਤੱਕ ਜਨਤਕ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਪੁਰਾਣੀ ਅੰਬਾਲਾ ਰੋਡ ’ਤੇ ਤਾਂ ਬਿਲਡਰਾਂ ਨੇ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਬਣੇ ਕੁਦਰਤੀ ਨਾਲੇ ’ਤੇ ਹੀ ਕਬਜ਼ਾ ਕਰ ਲਿਆ ਹੈ। ਇਸ ਦੌਰਾਨ ਤ੍ਰਿਪਤ ਗੌਤਮ, ਨਵਲ ਅਰੋੜਾ, ਵਿਨੋਦ ਗੁਲਾਟੀ ਸਣੇ ਹੋਰ ਲੋਕ ਵੀ ਹਾਜ਼ਰ ਸਨ।