ਜ਼ੀਰਕਪੁਰ ਦੇ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ
ਭਾਰੀ ਬਰਸਾਤ ਨੇ ਜ਼ੀਰਕਪੁਰ ਸ਼ਹਿਰ ਵਿੱਚ ਤਬਾਹੀ ਮਚਾ ਦਿੱਤੀ ਹੈ। ਮੀਂਹ ਨਾਲ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ਜਿਸ ਨੂੰ ਮੁੜ ਤੋਂ ਲੀਹ ’ਤੇ ਲਿਆਉਣਾ ਪ੍ਰਸ਼ਾਸਨ ਲਈ ਵੱਡੀ ਸਿਰਦਰਦੀ ਹੈਂ। ਮੀਂਹ ਕਾਰਨ ਸ਼ਹਿਰ ਦੀਆਂ ਸੜਕਾਂ ਅਤੇ ਵੱਖ-ਵੱਖ ਚੋਆਂ ’ਤੇ ਬਣੇ ਪੁਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਸੜਕਾਂ ’ਚ ਵੱਡੇ-ਵੱਡੇ ਟੋਏ ਪੈ ਗਏ ਹਨ, ਪਾਰਕ ਪਾਣੀ ਨਾਲ ਭਰੇ ਹੋਏ ਹਨ। ਇਸੇ ਤਰ੍ਹਾਂ ਬਲਟਾਣਾ ਖੇਤਰ ਵਿੱਚ ਸੁਖਨਾ ਚੋਅ ’ਤੇ ਲੋਕਾਂ ਦੀ ਸਹੂਲਤ ਲਈ ਉਸਾਰਿਆ ਪੁਲ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਜਿਸ ਨਾਲ ਆਵਜਾਈ ਪ੍ਰਭਾਵਿਤ ਹੋ ਰਹੀ ਹੈ। ਸੁਖਨਾ ਨਦੀ ਤੇ ਬਲਟਾਣਾ ਅਤੇ ਘੱਗਰ ’ਤੇ ਬਣੇ ਮੁਬਾਰਕਪੁਰ ਕਾਜ਼ਵੇਅ ਢਹਿ-ਢੇਰੀ ਹੋਏ ਪੁਲ ਵੀ ਵੱਡੀ ਪ੍ਰੇਸ਼ਾਨੀ ਬਣ ਗਏ ਹਨ। ਸਥਾਨਕ ਵਸਨੀਕਾਂ ਦਾ ਕਹਿਣਾ ਹੈ ਕਿ ਸ਼ਹਿਰ ਦੇ ਅਧਿਕਾਰੀਆਂ ਨੂੰ ਸੜਕਾਂ ਅਤੇ ਪੁਲਾਂ ਦੀ ਮੁਰੰਮਤ ਲਈ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਜ਼ੀਰਕਪੁਰ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਜਗਜੀਤ ਸਿੰਘ ਜੱਜ ਨੇ ਕਿਹਾ ਕਿ ਉਹ ਨੁਕਸਾਨ ਦਾ ਮੁਲਾਂਕਣ ਕਰ ਰਹੇ ਹਨ ਜਿਸ ਉਪਰੰਤ ਵਿਸਥਾਰ ਨਾਲ ਰਿਪੋਰਟ ਬਣਾ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਸਰਕਾਰ ਨੂੰ ਭੇਜੀ ਜਾਵੇਗੀ।