DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਜਾਬ ’ਚ ਡੂੰਘਾ ਹੋ ਰਿਹਾ ਜਲ ਸੰਕਟ

ਸੰਸਦ ਦੇ ਮੌਜੂਦਾ ਮੌਨਸੂਨ ਸੈਸ਼ਨ ਦੌਰਾਨ ‘ਪੰਜਾਬ ’ਚ ਧਰਤੀ ਹੇਠਲੇ ਪਾਣੀ ਦੀ ਹੱਦੋਂ ਵੱਧ ਵਰਤੋਂ’ ਸਬੰਧੀ ਅੰਕੜੇ ਪੇਸ਼ ਕੀਤੇ ਗਏ। ਇਨ੍ਹਾਂ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਦੇਸ਼ ਦੇ ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਧਰਤੀ ਹੇਠਲੇ ਪਾਣੀ ਦੀ ਵੱਧ ਵਰਤੋਂ...

  • fb
  • twitter
  • whatsapp
  • whatsapp
Advertisement

ਸੰਸਦ ਦੇ ਮੌਜੂਦਾ ਮੌਨਸੂਨ ਸੈਸ਼ਨ ਦੌਰਾਨ ‘ਪੰਜਾਬ ’ਚ ਧਰਤੀ ਹੇਠਲੇ ਪਾਣੀ ਦੀ ਹੱਦੋਂ ਵੱਧ ਵਰਤੋਂ’ ਸਬੰਧੀ ਅੰਕੜੇ ਪੇਸ਼ ਕੀਤੇ ਗਏ। ਇਨ੍ਹਾਂ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਦੇਸ਼ ਦੇ ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਧਰਤੀ ਹੇਠਲੇ ਪਾਣੀ ਦੀ ਵੱਧ ਵਰਤੋਂ ਕਰ ਰਿਹਾ ਹੈ, ਜਿਸ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗ ਰਿਹਾ ਹੈ ਤੇ ਧਰਤੀ ਹੇਠੋਂ ਵੱਧ ਮਾਤਰਾ ’ਚ ਪਾਣੀ ਕੱਢਣ ਕਾਰਨ ਸਥਿਤੀ ਖ਼ਤਰਨਾਕ ਹੱਦ ਤੱਕ ਪਹੁੰਚ ਗਈ ਹੈ।

ਸੂਬੇ ਦੀ ਅਜਿਹੀ ਸਥਿਤੀ ’ਤੇ ਚਿੰਤਾ ਪ੍ਰਗਟਾਈ ਗਈ ਹੈ ਕਿਉਂਕਿ ਪੰਜਾਬ ਧਰਤੀ ਹੇਠਲਾ ਪਾਣੀ ਕੱਢਣ ਦੀ ਸੁਰੱਖਿਅਤ ਮਾਤਰਾ ਨਾਲੋਂ 56.36 ਫ਼ੀਸਦੀ ਵੱਧ ਪਾਣੀ ਕੱਢ ਰਿਹਾ ਹੈ। ਸਭ ਤੋਂ ਵੱਧ ਖ਼ਤਰਨਾਕ ਪੱਧਰ ਸੰਗਰੂਰ ਜ਼ਿਲ੍ਹੇ ਦਾ ਹੈ, ਜਿੱਥੇ ਪਾਣੀ ਕੱਢਣ ਦੀ ਸੁਰੱਖਿਅਤ ਮਾਤਰਾ ਨਾਲੋਂ ਪਾਣੀ ਦੀ ਨਿਕਾਸੀ 309.99 ਫ਼ੀਸਦੀ ਵੱਧ ਹੈ ਅਤੇ ਇਹ ਫ਼ੀਸਦ ਮਾਲੇਰਕੋਟਲਾ ਵਿੱਚ 301.93 ਅਤੇ ਜਲੰਧਰ ਵਿੱਚ 281.17 ਹੈ। ਸੂਬੇ ਦੇ ਕੁੱਲ 153 ਬਲਾਕਾਂ ’ਚੋਂ 111 ਬਲਾਕਾਂ ’ਚ ਧਰਤੀ ਹੇਠਲੇ ਪਾਣੀ ਦਾ ਪੱਧਰ ਖ਼ਤਰਨਾਕ ਹੱਦ ਤੱਕ ਘਟ ਗਿਆ ਹੈ। ਪੰਜਾਬ ਨੂੰ ਭਾਰਤ ਦਾ ਅੰਨ ਦਾ ਭੜੋਲਾ ਅਤੇ ਕਿਸਾਨ ਨੂੰ ਅੰਨਦਾਤਾ ਕਿਹਾ ਜਾਂਦਾ ਹੈ। ਇਸ ਉਪਲਬਧੀ ਪਿੱਛੇ ਸੂਬੇ ਦੇ ਵਿਕਸਿਤ ਸਿੰਜਾਈ ਸਿਸਟਮ ਦੀ ਭੂਮਿਕਾ ਅਹਿਮ ਰਹੀ ਹੈ। ਪੰਜਾਬ ’ਚ ਖੇਤੀਬਾੜੀ ਦੀ ਸਫ਼ਲਤਾ ਨਹਿਰੀ ਸਿੰਜਾਈ ਅਤੇ ਟਿਊਬਵੈੱਲਾਂ ਨਾਲ ਧਰਤੀ ਹੇਠਲੇ ਪਾਣੀ ਦੀ ਵਰਤੋਂ ਉੱਤੇ ਨਿਰਭਰ ਰਹੀ ਹੈ, ਪਰ ਪਿਛਲੇ ਕੁਝ ਦਹਾਕਿਆਂ ’ਚ ਇਹ ਸਿੰਜਾਈ ਸਿਸਟਮ ਵਾਤਾਵਰਨ ’ਚ ਵਿਗਾੜ ਅਤੇ ਖੇਤੀ ਤੇ ਆਰਥਿਕ ਸੰਕਟ ਦਾ ਕਾਰਨ ਵੀ ਬਣਿਆ ਹੈ। ਉਂਜ, ਪੰਜਾਬ ਦੇ ਸਿੰਜਾਈ ਸਿਸਟਮ ਨੂੰ ਇਸੇ ਸੰਦਰਭ ’ਚ ਦੇਖਿਆ ਜਾਣਾ ਬਣਦਾ ਹੈ।

Advertisement

ਪੰਜਾਬ ਵਿੱਚ ਸਿੰਜਾਈ ਦਾ ਇਤਿਹਾਸ ਬਹੁਤ ਪੁਰਾਣਾ ਹੈ, ਪਰ ਆਧੁਨਿਕ ਨਹਿਰੀ ਸਿਸਟਮ ਦਾ ਵਿਕਾਸ ਬਰਤਾਨਵੀ ਰਾਜ ਦੌਰਾਨ ਹੋਇਆ। ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਉੱਤੇ ਵੱਡੇ ਪੱਧਰ ’ਤੇ ਨਹਿਰਾਂ ਬਣਾਈਆਂ ਗਈਆਂ, ਜਿਨ੍ਹਾਂ ਨਾਲ ਬੰਜਰ ਜ਼ਮੀਨਾਂ ਸਿੰਜੀਆਂ ਗਈਆਂ ਅਤੇ ਉੱਥੇ ਖੇਤੀ ਸ਼ੁਰੂ ਹੋਈ। ਆਜ਼ਾਦੀ ਤੋਂ ਬਾਅਦ ਭਾਖੜਾ-ਨੰਗਲ ਪ੍ਰੋਜੈਕਟ, ਹਰੀਕੇ ਹੈੱਡਵਰਕਸ ਅਤੇ ਸਰਹਿੰਦ ਫੀਡਰ ਵਰਗੇ ਪ੍ਰੋਜੈਕਟਾਂ ਨੇ ਪੰਜਾਬ ਦੀ ਖੇਤੀਬਾੜੀ ਨੂੰ ਨਵੀਂ ਦਿਸ਼ਾ ਦਿੱਤੀ। 1960ਵਿਆਂ ’ਚ ਹਰੀ ਕ੍ਰਾਂਤੀ ਦੌਰਾਨ ਸੂਬੇ ’ਚ ਵੱਧ ਝਾੜ ਵਾਲੀਆਂ ਫ਼ਸਲਾਂ, ਖ਼ਾਸਕਰ ਕਣਕ ਅਤੇ ਝੋਨੇ ਦੀਆਂ ਕਿਸਮਾਂ ਨੂੰ ਅਪਣਾਇਆ ਗਿਆ। ਇਨ੍ਹਾਂ ਫ਼ਸਲਾਂ ਲਈ ਵੱਡੀ ਮਾਤਰਾ ’ਚ ਪਾਣੀ ਦੀ ਲੋੜ ਸੀ। ਇਸ ਕਾਰਨ ਨਹਿਰੀ ਸਿੰਜਾਈ ਦੇ ਨਾਲ-ਨਾਲ ਟਿਊਬਵੈੱਲਾਂ ਦੀ ਗਿਣਤੀ ’ਚ ਤੇਜ਼ੀ ਨਾਲ ਵਾਧਾ ਹੋਇਆ। ਸਰਕਾਰ ਵੱਲੋਂ ਮੁਫ਼ਤ ਬਿਜਲੀ ਦੇਣ ਕਾਰਨ ਕਿਸਾਨਾਂ ਨੇ ਧਰਤੀ ਹੇਠੋਂ ਪਾਣੀ ਦੀ ਬੇਰੋਕ ਵਰਤੋਂ ਸ਼ੁਰੂ ਕਰ ਦਿੱਤੀ, ਜਿਸ ਨਾਲ ਸਿੰਜਾਈ ਟਿਊਬਵੈੱਲਾਂ ਉੱਤੇ ਨਿਰਭਰ ਹੋ ਗਈ। ਉਂਜ, ਪੰਜਾਬ ਦੀ ਖੇਤੀਬਾੜੀ ਲਈ ਸਿੰਜਾਈ ਸਿਸਟਮ ਮੁੱਖ ਤੌਰ ’ਤੇ ਦੋ ਸਰੋਤਾਂ ’ਤੇ ਆਧਾਰਿਤ ਹੈ, ਪਹਿਲਾ ਨਹਿਰਾਂ ਅਤੇ ਦੂਜਾ ਟਿਊਬਵੈੱਲ। ਸ਼ੁਰੂਆਤੀ ਦੌਰ ’ਚ ਨਹਿਰਾਂ ਮੁੱਖ ਸਰੋਤ ਸਨ, ਪਰ ਹਰੀ ਕ੍ਰਾਂਤੀ ਤੋਂ ਬਾਅਦ ਟਿਊਬਵੈੱਲਾਂ ਨੇ ਨਹਿਰਾਂ ਦੀ ਥਾਂ ਲੈ ਲਈ। ਅੱਜ ਸੂਬੇ ਦੇ ਵੱਡੇ ਹਿੱਸੇ ’ਚ ਸਿੰਜਾਈ ਟਿਊਬਵੈੱਲਾਂ ਰਾਹੀਂ ਕੀਤੀ ਜਾਂਦੀ ਹੈ। ਇਸ ਨਾਲ ਖੇਤੀਬਾੜੀ ਉਤਪਾਦਨ ਅਤੇ ਉਤਪਾਦਕਤਾ ਵਿੱਚ ਵਾਧਾ ਤਾਂ ਹੋਇਆ, ਪਰ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗਦਾ ਗਿਆ। ਨਤੀਜੇ ਵਜੋਂ ਪੰਜਾਬ ’ਚ ਹਰੀ ਕ੍ਰਾਂਤੀ ਦੇ ਸਮੇਂ ਨਹਿਰੀ ਸਿੰਜਾਈ ਕੁੱਲ ਸਿੰਜਾਈ ਅਧੀਨ ਖੇਤੀ ਦੇ ਰਕਬੇ ਦਾ ਤਕਰੀਬਨ 55-58 ਫ਼ੀਸਦੀ ਅਤੇ ਟਿਊਬਵੈੱਲਾਂ ਦਾ ਲਗਪਗ 42-45 ਫ਼ੀਸਦੀ ਸੀ, ਜੋ ਹੌਲੀ-ਹੌਲੀ ਬਦਲ ਕੇ ਅੱਜਕੱਲ੍ਹ ਨਹਿਰੀ ਸਿੰਜਾਈ 23-27 ਫ਼ੀਸਦੀ ਅਤੇ ਟਿਊਬਵੈੱਲਾਂ ਰਾਹੀਂ ਸਿੰਜਾਈ 73-77 ਫ਼ੀਸਦੀ ਹੋ ਗਿਆ ਹੈ।

Advertisement

ਹਰੀ ਕ੍ਰਾਂਤੀ ਦੀ ਸਫ਼ਲਤਾ ਦਾ ਸਭ ਤੋਂ ਵੱਡਾ ਆਧਾਰ ਅਤੇ ਕਾਰਨ ਸੂਬੇ ਦਾ ਭਰੋਸੇਯੋਗ ਸਿੰਜਾਈ ਸਿਸਟਮ ਸੀ। ਸੂਬੇ ਵਿੱਚ ਪਾਣੀ ਦੀ ਉਪਲਬਧਤਾ ਨੇ ਵੱਧ ਉਤਪਾਦਨ ਵਾਲੇ ਬੀਜਾਂ, ਰਸਾਇਣਕ ਖਾਦਾਂ ਅਤੇ ਆਧੁਨਿਕ ਖੇਤੀ ਤਕਨੀਕਾਂ ਦੀ ਵਰਤੋਂ ਨੂੰ ਸੰਭਵ ਬਣਾਇਆ। ਨਤੀਜੇ ਵਜੋਂ ਪੰਜਾਬ ਨੇ ਦੇਸ਼ ਦੇ ਅਨਾਜ ਭੰਡਾਰ ’ਚ ਮਹੱਤਵਪੂਰਨ ਯੋਗਦਾਨ ਪਾਇਆ ਅਤੇ ਭਾਰਤ ਨੂੰ ਖੁਰਾਕ ਦੇ ਮਾਮਲੇ ’ਚ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਇਹ ਮਾਡਲ ਆਪਣੇ ਸਮੇਂ ਵਿੱਚ ਬਹੁਤ ਸਫ਼ਲ ਰਿਹਾ, ਪਰ ਇਹ ਟਿਕਾਊ ਨਹੀਂ ਸੀ ਕਿਉਂਕਿ ਬਾਅਦ ’ਚ ਇਸ ਨੇ ਸੂਬੇ ’ਚ ਖੇਤੀ ਸੰਕਟ ਪੈਦਾ ਕੀਤਾ ਅਤੇ ਜਿਸ ਕਾਰਨ ਸੂਬੇ ਦੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੇ ਆਰਥਿਕ ਸੰਕਟ ਕਾਰਨ ਖ਼ੁਦਕੁਸ਼ੀਆਂ ਵੀ ਕੀਤੀਆਂ, ਜੋ ਅੱਜ ਵੀ ਜਾਰੀ ਹਨ।

ਪੰਜਾਬ ’ਚ ਧਰਤੀ ਹੇਠਲੇ ਪਾਣੀ ਦੀ ਹੱਦੋਂ ਵੱਧ ਵਰਤੋਂ ਕੀਤੀ ਜਾ ਰਹੀ ਹੈ। ਹਰ ਸਾਲ ਜਿੰਨਾ ਪਾਣੀ ਧਰਤੀ ਹੇਠਾਂ ਦੁਬਾਰਾ ਰੀਚਾਰਜ ਹੁੰਦਾ ਹੈ, ਉਸ ਨਾਲੋਂ ਕਈ ਗੁਣਾ ਵੱਧ ਪਾਣੀ ਟਿਊਬਵੈੱਲਾਂ ਰਾਹੀਂ ਕੱਢਿਆ ਜਾ ਰਿਹਾ ਹੈ। ਕੇਂਦਰੀ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ। ਇਸ ਦਾ ਕਾਰਨ ਝੋਨੇ ਦੀ ਖੇਤੀ ਦਾ ਵਿਸਤਾਰ, ਮੁਫ਼ਤ ਬਿਜਲੀ ਅਤੇ ਪਾਣੀ ਦੀ ਕੋਈ ਕੀਮਤ ਵਸੂਲ ਨਾ ਕਰਨਾ ਹੈ। ਪਾਣੀ ਦਾ ਪੱਧਰ ਡਿੱਗਣ ਕਾਰਨ ਕਿਸਾਨਾਂ ਨੂੰ ਹੋਰ ਡੂੰਘੇ ਟਿਊਬਵੈੱਲ ਲਾਉਣੇ ਪੈਂਦੇ ਹਨ। ਇਸ ਨਾਲ ਲਾਗਤ ਤਾਂ ਵਧਦੀ ਹੀ ਹੈ ਸਗੋਂ ਬਿਜਲੀ ਦੀ ਖ਼ਪਤ ਵਿੱਚ ਵਾਧਾ ਹੁੰਦਾ ਹੈ ਅਤੇ ਵਾਤਾਵਰਨ ’ਚ ਵਿਗਾੜ ਪੈਦਾ ਹੁੰਦਾ ਹੈ। ਭਾਵੇਂ ਪੰਜਾਬ ’ਚ ਨਹਿਰਾਂ ਦਾ ਜਾਲ ਵਿਛਿਆ ਹੈ, ਪਰ ਪਿਛਲੇ ਸਮੇਂ ਦੌਰਾਨ ਇਸ ਦੀ ਕਾਰਗੁਜ਼ਾਰੀ ਅਤੇ ਕਾਰਜਕੁਸ਼ਲਤਾ ਕਈ ਕਾਰਨਾਂ ਕਰਕੇ ਪ੍ਰਭਾਵਿਤ ਹੋਈ ਹੈ। ਖ਼ਾਸਕਰ ਨਹਿਰਾਂ ਦੀ ਸਾਂਭ-ਸੰਭਾਲ ਦੀ ਘਾਟ, ਪਾਣੀ ਦੀ ਕਾਣੀ ਵੰਡ ਤੇ ਨਹਿਰਾਂ ਵਿੱਚ ਗਾਰ ਜਮ੍ਹਾਂ ਹੋਣ ਕਾਰਨ ਨਹਿਰੀ ਸਿੰਜਾਈ ਦੀ ਪ੍ਰਭਾਵਸ਼ੀਲਤਾ ਘਟ ਗਈ। ਨਤੀਜੇ ਵਜੋਂ ਮੁਫ਼ਤ ਬਿਜਲੀ ਕਾਰਨ ਕਿਸਾਨ ਟਿਊਬਵੈੱਲਾਂ ਰਾਹੀਂ ਸਿੰਜਾਈ ਨੂੰ ਤਰਜੀਹ ਦੇਣ ਲੱਗੇ। ਸੂਬੇ ’ਚ ਸਿੰਜਾਈ ਲਈ ਪਾਣੀ ਦੀ ਅਸੰਤੁਲਿਤ ਵਰਤੋਂ ਨੇ ਵਾਤਾਵਰਨ ਸਬੰਧੀ ਕਈ ਸਮੱਸਿਆਵਾਂ ਪੈਦਾ ਕੀਤੀਆਂ ਹਨ।

ਕੁਝ ਖੇਤਰਾਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਇੰਨਾ ਹੇਠਾਂ ਚਲਾ ਗਿਆ ਹੈ ਕਿ ਭਵਿੱਖ ਵਿੱਚ ਖੇਤੀਬਾੜੀ ਲਈ ਪਾਣੀ ਦੀ ਉਪਲਬਧਤਾ ਖ਼ਤਰੇ ’ਚ ਪੈ ਸਕਦੀ ਹੈ। ਦੂਜੇ ਪਾਸੇ, ਜਿੱਥੇ ਨਹਿਰੀ ਪਾਣੀ ਜ਼ਿਆਦਾ ਉਪਲਬਧ ਹੈ, ਉੱਥੇ ਖੇਤਾਂ ’ਚ ਪਾਣੀ ਭਰਨ ਅਤੇ ਮਿੱਟੀ ਦੇ ਲੂਣੀਕਰਨ (Salinity) ਵਰਗੀਆਂ ਸਮੱਸਿਆਵਾਂ ਆ ਰਹੀਆਂ ਹਨ। ਇਸ ਤਰ੍ਹਾਂ ਇੱਕੋ ਸਿੰਜਾਈ ਮਾਡਲ ਵੱਖ-ਵੱਖ ਖੇਤਰਾਂ ਵਿੱਚ ਵੱਖੋ-ਵੱਖਰੇ ਵਾਤਾਵਰਨ ਵਿਗਾੜ ਪੈਦਾ ਕਰ ਰਿਹਾ ਹੈ। ਖੇਤੀ ਲਈ ਮੁਫ਼ਤ ਬਿਜਲੀ, ਝੋਨੇ ਅਤੇ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਅਤੇ ਸਰਕਾਰੀ ਖ਼ਰੀਦ ਨੇ ਕਿਸਾਨਾਂ ਨੂੰ ਪਾਣੀ ਵੱਧ ਖ਼ਪਤ ਕਰਨ ਵਾਲੀਆਂ ਫ਼ਸਲਾਂ ਵੱਲ ਪ੍ਰੇਰਿਤ ਕੀਤਾ ਹੈ। ਇਸ ਕਾਰਨ ਕਿਸਾਨਾਂ ਨੇ ਫ਼ਸਲੀ ਵੰਨ-ਸੁਵੰਨਤਾ ਨੂੰ ਖ਼ਾਸ ਤਵੱਜੋ ਨਹੀਂ ਦਿੱਤੀ ਅਤੇ ਸੂਬੇ ’ਚ ਸਿੰਜਾਈ ਲਈ ਪਾਣੀ ਦੇ ਸਰੋਤਾਂ ’ਤੇ ਦਬਾਅ ਲਗਾਤਾਰ ਵਧਦਾ ਗਿਆ। ਪੰਜਾਬ ਦੇ ਸਿੰਜਾਈ ਸਿਸਟਮ ਨੂੰ ਲੰਮੇ ਸਮੇਂ ਲਈ ਟਿਕਾਊ ਬਣਾਉਣਾ ਜ਼ਰੂਰੀ ਹੈ। ਇਸ ਲਈ ਸਭ ਤੋਂ ਪਹਿਲਾਂ ਝੋਨੇ ਦੀ ਥਾਂ ਘੱਟ ਪਾਣੀ ਖ਼ਪਤ ਕਰਨ ਵਾਲੀਆਂ ਫ਼ਸਲਾਂ ਜਿਵੇਂ ਮੱਕੀ, ਦਾਲਾਂ ਅਤੇ ਤੇਲ ਬੀਜ ਵਾਲੀਆਂ ਫ਼ਸਲਾਂ ਦੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਜਾਵੇ। ਇਸ ਦੇ ਨਾਲ ਹੀ ਨਹਿਰੀ ਸਿੰਜਾਈ ਢਾਂਚੇ ਦਾ ਆਧੁਨਿਕੀਕਰਨ ਕੀਤਾ ਜਾਵੇ, ਸਾਂਭ-ਸੰਭਾਲ ਲਈ ਕੁਸ਼ਲ ਪ੍ਰਬੰਧ ਤੇ ਲੋੜੀਂਦੇ ਫੰਡਾਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਨਹਿਰੀ ਸਿਸਟਮ ਦਾ ਵਿਸਤਾਰ ਕਰਕੇ ਇਸ ਦੀ ਸਮਰੱਥਾ ਵਧਾਈ ਜਾਵੇ। ਧਰਤੀ ਹੇਠਲੇ ਪਾਣੀ ਦੀ ਵੱਧ ਵਰਤੋਂ ਨੂੰ ਨਿਯਮਿਤ ਕਰਨ ਲਈ ਪ੍ਰਭਾਵਸ਼ਾਲੀ ਕਾਨੂੰਨ ਲਿਆਉਣ ਦੇ ਨਾਲ-ਨਾਲ ਪ੍ਰਸ਼ਾਸਕੀ ਪ੍ਰਬੰਧ ਕੀਤੇ ਜਾਣ।

ਸਿੰਜਾਈ ਦੀਆਂ ਨਵੀਆਂ ਤਕਨੀਕਾਂ ਨੂੰ ਹੱਲਾਸ਼ੇਰੀ ਦਿੱਤੀ ਜਾਵੇ, ਜਿਵੇਂ ਫੁਹਾਰਾ ਅਤੇ ਤੁਪਕਾ ਵਰਗੀਆਂ ਸੂਖ਼ਮ ਸਿੰਜਾਈ ਤਕਨੀਕਾਂ ਅਪਣਾਈਆਂ ਜਾਣ। ਇਸੇ ਤਰ੍ਹਾਂ ਮੀਂਹ ਦੇ ਪਾਣੀ ਦੀ ਸੰਭਾਲ ਵੱਲ ਧਿਆਨ ਦਿੱਤਾ ਜਾਵੇ ਅਤੇ ਧਰਤੀ ਹੇਠਲੇ ਪਾਣੀ ਦੇ ਰੀਚਾਰਜ ਲਈ ਵਿਸ਼ੇਸ਼ ਯੋਜਨਾਵਾਂ ਬਣਾਈਆਂ ਜਾਣ। ਅਜਿਹੀਆਂ ਹੋਰ ਨੀਤੀਆਂ ਵੀ ਬਣਾਈਆਂ ਜਾਣ, ਜੋ ਪਾਣੀ ਦੀ ਸੰਭਾਲ ਤੇ ਸੰਜਮ ਨਾਲ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਫ਼ਜ਼ੂਲ ਖ਼ਪਤ ਨੂੰ ਘਟਾਉਣ। ਪੰਜਾਬ ਦੇ ਸਿੰਜਾਈ ਸਿਸਟਮ ਨੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਇਤਿਹਾਸਕ ਯੋਗਦਾਨ ਪਾਇਆ ਅਤੇ ਪਾ ਰਿਹਾ ਹੈ, ਪਰ ਇਸ ਦੀ ਸਫ਼ਲਤਾ ਨਾਲ ਹੀ ਕਈ ਨਵੀਆਂ ਚੁਣੌਤੀਆਂ ਵੀ ਪੈਦਾ ਹੋਈਆਂ ਹਨ। ਧਰਤੀ ਹੇਠਲੇ ਪਾਣੀ ਦੀ ਬੇਰੋਕ ਵਰਤੋਂ ਕਾਰਨ ਵੱਡੀਆਂ ਸਮੱਸਿਆਵਾਂ ਸਾਹਮਣੇ ਆਈਆਂ ਹਨ। ਇਸ ਤੋਂ ਇਲਾਵਾ ਨਹਿਰੀ ਸਿਸਟਮ ਦੀ ਕਮਜ਼ੋਰ ਅਤੇ ਮਾੜੀ ਕਾਰਗੁਜ਼ਾਰੀ, ਵੱਧ ਪਾਣੀ ਦੀ ਖ਼ਪਤ ਆਧਾਰਿਤ ਫ਼ਸਲੀ ਚੱਕਰ ਅਤੇ ਵੋਟਾਂ ਬਟੋਰਨ ਲਈ ਪ੍ਰੇਰਿਤ ਨੀਤੀਆਂ ਨੇ ਪੰਜਾਬ ਦੇ ਜਲ ਸਰੋਤਾਂ ’ਤੇ ਭਾਰੀ ਦਬਾਅ ਪਾਇਆ ਹੈ। ਇਸ ਲਈ ਪਾਣੀ ਦੇ ਸਮੁੱਚੇ ਪ੍ਰਬੰਧਨ, ਫ਼ਸਲੀ ਵੰਨ-ਸੁਵੰਨਤਾ, ਆਧੁਨਿਕ ਸਿੰਜਾਈ ਤਕਨੀਕਾਂ ਅਤੇ ਵਿਗਿਆਨਕ ਨੀਤੀਆਂ ਨੂੰ ਅਪਣਾ ਕੇ ਪੰਜਾਬ ਦੀ ਖੇਤੀ ਤੇ ਪਾਣੀ ਨੂੰ ਭਵਿੱਖ ਲਈ ਸੁਰੱਖਿਅਤ ਬਣਾਇਆ ਜਾ ਸਕਦਾ ਹੈ ਕਿਉਂਕਿ ਦੇਸ਼ ਦੀ ਖੁਰਾਕ ਸੁਰੱਖਿਆ ਦੇ ਨਾਲ-ਨਾਲ ਸੂਬੇ ਦੇ ਜਲ ਸਰੋਤਾਂ ਦੀ ਸਥਿਰਤਾ ਨੂੰ ਵੀ ਬਰਾਬਰ ਅਹਿਮੀਅਤ ਦੇਣੀ ਚਾਹੀਦੀ ਹੈ।

*ਸਾਬਕਾ ਪ੍ਰੋਫੈਸਰ ਅਤੇ ਡੀਨ ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਪਰਕ: 98154-27127

Advertisement
×