ਇਤਿਹਾਸ ਦਾ ਲਾਸਾਨੀ ਪੰਨਾ: ਸਾਕਾ ਸਰਹਿੰਦ
ਸਿੱਖ ਇਤਿਹਾਸ ਅੰਦਰ ਦਰਜ ਸਾਕਾ ਚਮਕੌਰ ਤੇ ਸਾਕਾ ਸਰਹਿੰਦ ਦੀਆਂ ਸ਼ਹਾਦਤਾਂ ਦੀ ਗਾਥਾ ਪੜ੍ਹ ਕੇ ਸਿੱਖ ਜਿਸ ਮਾਣ ਦੇ ਸਨਮੁੱਖ ਹੁੰਦੇ ਹਨ, ਉਹ ਆਪਣੇ ਆਪ ਵਿੱਚ ਲਾਸਾਨੀ ਅਤੇ ਗੌਰਵਮਈ ਹੈ। ਗੁਰੂ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਅਜੋਕੇ ਨੌਜਵਾਨਾਂ ਤੇ...
ਸਿੱਖ ਇਤਿਹਾਸ ਅੰਦਰ ਦਰਜ ਸਾਕਾ ਚਮਕੌਰ ਤੇ ਸਾਕਾ ਸਰਹਿੰਦ ਦੀਆਂ ਸ਼ਹਾਦਤਾਂ ਦੀ ਗਾਥਾ ਪੜ੍ਹ ਕੇ ਸਿੱਖ ਜਿਸ ਮਾਣ ਦੇ ਸਨਮੁੱਖ ਹੁੰਦੇ ਹਨ, ਉਹ ਆਪਣੇ ਆਪ ਵਿੱਚ ਲਾਸਾਨੀ ਅਤੇ ਗੌਰਵਮਈ ਹੈ। ਗੁਰੂ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਅਜੋਕੇ ਨੌਜਵਾਨਾਂ ਤੇ ਬੱਚਿਆਂ ਲਈ ਪ੍ਰੇਰਨਾ ਦਾ ਸੋਮਾ ਹਨ, ਜਿਸ ਤੋਂ ਅਗਵਾਈ ਲੈ ਕੇ ਜਬਰ-ਜ਼ੁਲਮ ਲਈ ਵੰਗਾਰ ਅਤੇ ਮਨੁੱਖੀ ਹੱਕਾਂ ਲਈ ਢਾਲ ਬਣਿਆ ਜਾ ਸਕਦਾ ਹੈ। ਦਸੰਬਰ ਮਹੀਨੇ ਦੇ ਆਰੰਭ ਤੋਂ ਹੀ ਸਿੱਖ ਸੰਗਤਾਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸ੍ਰੀ ਆਨੰਦਪੁਰ ਸਾਹਿਬ ਛੱਡਣ, ਪਰਿਵਾਰ ਵਿਛੋੜੇ ਅਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੀ ਯਾਦ ਨੂੰ ਮਨਾਂ ਵਿੱਚ ਵਸਾ ਕੇ ਸ੍ਰੀ ਚਮਕੌਰ ਸਾਹਿਬ ਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਨੂੰ ਸਿਜਦਾ ਕਰਨ ਲਈ ਪੁੱਜਦੀਆਂ ਹਨ।
ਧਰਮਾਂ ਦੇ ਇਤਿਹਾਸ ਵਿੱਚ ਸਾਕਾ ਸਰਹਿੰਦ ਉਹ ਘਟਨਾ ਹੈ, ਜਿਸ ਨੇ ਸਿੱਖ ਮਨਾਂ ਅੰਦਰ ਸਮੇਂ ਦੀ ਹਕੂਮਤ ਵਿਰੁੱਧ ਗੁੱਸੇ ਤੇ ਰੋਹ ਦੀ ਅੱਗ ਨੂੰ ਹੋਰ ਤਿੱਖਾ ਕੀਤਾ ਅਤੇ ਇਸ ਤੋਂ ਸ਼ਕਤੀ ਤੇ ਪ੍ਰੇਰਣਾ ਲੈ ਕੇ ਸਿੱਖਾਂ ਨੇ ਜ਼ਾਲਮ ਮੁਗ਼ਲ ਹਕੂਮਤ ਨਾਲ ਜ਼ਬਰਦਸਤ ਟੱਕਰ ਲਈ। ਜਿਸ ਸਮੇਂ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਨੂੰ ਸੂਬਾ ਸਰਹਿੰਦ ਦੇ ਹੁਕਮ ਨਾਲ ਜ਼ਿੰਦਾ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਗਿਆ ਤਾਂ ਸਾਹਿਬਜ਼ਾਦਿਆਂ ਦੀ ਉਮਰ ਭਾਵੇਂ ਬਹੁਤ ਛੋਟੀ ਸੀ, ਪਰ ਉਨ੍ਹਾਂ ਦੀ ਦਲੇਰੀ ਅਤੇ ਸਿੱਖੀ ਪ੍ਰਤੀ ਦ੍ਰਿੜ੍ਹਤਾ ਪ੍ਰੌਢ ਉਮਰ ਤੋਂ ਘੱਟ ਨਹੀਂ ਸੀ। ਸਾਹਿਬਜ਼ਾਦਿਆਂ ਨੇ ਜਿਸ ਦਲੇਰੀ, ਸਿਦਕਦਿਲੀ ਅਤੇ ਜ਼ਿੰਦਾਦਿਲੀ ਨਾਲ ਸੂਬੇ ਦੀ ਕਚਹਿਰੀ ਵਿੱਚ ਸਵਾਲਾਂ ਦੇ ਜਵਾਬ ਦਿੱਤੇ, ਉਸ ਵੱਲੋਂ ਧਰਮ ਛੱਡਣ ਖ਼ਾਤਰ ਦਿੱਤੇ ਜਾ ਰਹੇ ਲਾਲਚਾਂ ਨੂੰ ਠੁਕਰਾਇਆ ਅਤੇ ਸ਼ਹਾਦਤ ਨੂੰ ਕਬੂਲ ਕੀਤਾ, ਉਸ ਦਾ ਵਿਸ਼ਵ ਦੇ ਧਰਮ ਇਤਿਹਾਸ ਅੰਦਰ ਕੋਈ ਮੁਕਾਬਲਾ ਨਹੀਂ ਮਿਲਦਾ। ਇਹ ਚੜ੍ਹਦੀ ਕਲਾ ਦੀ ਅਦੁੱਤੀ ਮਿਸਾਲ ਹੈ, ਜੋ ਮਾਤਾ ਗੁਜਰੀ ਜੀ ਨੇ ਸਾਹਿਬਜ਼ਾਦਿਆਂ ਨੂੰ ਧਰਮ ਵਿੱਚ ਦ੍ਰਿੜ੍ਹਤਾ ਅਤੇ ਨਿਡਰਤਾ ਦਾ ਪਾਠ ਪੜ੍ਹਾ ਕੇ ਕਾਇਮ ਕੀਤੀ।
ਕਹਿਰ ਦੀ ਠੰਢੀ ਰਾਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਖਾਲਸੇ ਸਮੇਤ ਸ੍ਰੀ ਆਨੰਦਪੁਰ ਸਾਹਿਬ ਛੱਡਣਾ, ਸਰਸਾ ਨੇ ਰਸਤਾ ਰੋਕਣਾ, ਪਰਿਵਾਰ ਦਾ ਖੇਰੂੰ-ਖੇਰੂੰ ਹੋਣਾ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਆਦਿ ਸਭ ਘਟਨਾਵਾਂ ਸਿੱਖ ਇਤਿਹਾਸ ਦੇ ਵੱਡੇ ਪਹਿਲੂ ਹਨ। ਸਰਸਾ ਪਾਰ ਕਰਨ ਤੋਂ ਬਾਅਦ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਆਪ ਦੇ ਮਾਤਾ ਜੀ, ਸਾਹਿਬਜ਼ਾਦੇ ਅਤੇ ਆਪ ਜੀ ਦੇ ਮਹਿਲ ਸਭ ਵਿੱਛੜ ਗਏ। ਮਾਤਾ ਗੁਜਰੀ ਜੀ ਛੋਟੇ ਸਾਹਿਬਜ਼ਾਦਿਆਂ ਨਾਲ ਗੁਰੂ-ਘਰ ਦੇ ਰਸੋਈਏ ਗੰਗੂ ਨਾਲ ਉਸ ਦੇ ਪਿੰਡ ਖੇੜੀ (ਸਹੇੜੀ) ਆ ਗਏ। ਮਾਤਾ ਜੀ ਕੋੋਲ ਸੋਨੇ ਦੀਆਂ ਮੋਹਰਾਂ ਵੇਖ ਅਤੇ ਸਰਕਾਰੀ ਇਨਾਮ ਦੇ ਲਾਲਚ ’ਚ ਗੰਗੂ ਡੋਲ ਗਿਆ। ਗੰਗੂ ਵੱਲੋਂ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨਾਲ ਕੀਤੇ ਵਿਸਾਹਘਾਤ ਬਾਰੇ ਅੱਲਾ ਯਾਰ ਖਾਂ ਜੋਗੀ ਲਿਖਦੇ ਹਨ:
ਬਦਜ਼ਾਤ ਬਦ-ਸਿਫਾਤ ਵਹੁ ਗੰਗੂ ਨਮਕ-ਹਰਾਮ।
ਟੁਕੜੋਂ ਪੇ ਸਤਗੁਰੂ ਕੇ ਜੋ ਪਲਤਾ ਰਹਾ ਮੁਦਾਮ।
ਦੁਨੀਆ ਮੇਂ ਅਪਨੇ ਨਾਮ ਕੋ ਬਦਨਾਮ ਕਰ ਗਿਆ।
ਦੁਸ਼ਮਨ ਭੀ ਜੁ ਨ ਕਰਤਾ ਵਹੁ ਯਿ ਕਾਮ ਕਰ ਗਿਆ।
ਗੰਗੂ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੀ ਖ਼ਬਰ ਮੋਰਿੰਡੇ ਥਾਣੇ ਜਾ ਦਿੱਤੀ, ਜਿੱਥੇ ਸਾਹਿਬਜ਼ਾਦਿਆਂ ਨੂੰ ਮਾਤਾ ਜੀ ਸਮੇਤ ਗ੍ਰਿਫ਼ਤਾਰ ਕਰਕੇ ਸਰਹਿੰਦ ਦੇ ਸੂਬੇਦਾਰ ਵਜ਼ੀਰ ਖਾਨ ਦੇ ਹਵਾਲੇ ਕੀਤਾ ਗਿਆ। ਸੂਬੇਦਾਰ ਵਜ਼ੀਰ ਖਾਨ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਠੰਢੇ ਬੁਰਜ ਵਿੱਚ ਕੈਦ ਕਰ ਦਿੱਤਾ। ਕਹਿਰ ਦੀ ਸੀਤ ਵਿੱਚ ਭੁੱਖੇ ਭਾਣੇ ਸਾਹਿਬਜ਼ਾਦੇ ਸਾਰੀ ਰਾਤ ਦਾਦੀ ਮਾਂ ਦੀ ਗੋਦ ਵਿੱਚ ਬੈਠੇ ਗੁਰੂ ਪਿਤਾ ਦੀ ਸੂਰਮਗਤੀ, ਦਾਦਿਆਂ-ਪੜਦਾਦਿਆਂ ਦੀ ਕੁਰਬਾਨੀ ਦੀਆਂ ਬਾਤਾਂ ਸੁਣਦੇ ਸਿੱਖੀ ਅਸੂਲਾਂ ’ਤੇ ਦ੍ਰਿੜ੍ਹ ਰਹਿਣ ਲਈ ਸਿੱਖਿਆ ਲੈਂਦੇ ਰਹੇ। ਦਿਨ ਚੜ੍ਹਦਿਆਂ ਸਾਹਿਬਜ਼ਾਦਿਆਂ ਨੂੰ ਕਚਹਿਰੀ ’ਚ ਪੇਸ਼ ਕਰਨ ਦਾ ਹੁਕਮ ਹੋਇਆ। ਸਾਹਿਬਜ਼ਾਦੇ ਬੁਲੰਦ ਹੌਸਲੇ ਵਿੱਚ ਸਨ। ਮਾਤਾ ਗੁਜਰੀ ਜੀ ਨੇ ਬੱਚਿਆਂ ਨੂੰ ਤਿਆਰ ਕੀਤਾ। ਸਾਹਿਬਜ਼ਾਦਿਆਂ ਨੂੰ ਕਚਹਿਰੀ ’ਚ ਵਜ਼ੀਰ ਖਾਂ ਦੇ ਸਾਹਮਣੇ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਪਹਿਲਾਂ ਧਨ, ਦੌਲਤ, ਜਗੀਰਾਂ, ਸ਼ਾਹੀ ਡੋਲੀਆਂ ਦੇ ਲਾਲਚ ਦੇ ਕੇ ਇਸਲਾਮ ਧਰਮ ਧਾਰਨ ਕਰਨ ਲਈ ਕਿਹਾ ਗਿਆ, ਫਿਰ ਸਰੀਰਕ ਕਸ਼ਟ ਤੇ ਮੌਤ ਦੇ ਡਰਾਵੇ ਦਿੱਤੇ ਗਏ, ਪਰ ਕੋਮਲ ਜਿੰਦਾਂ ਦੇ ਚਿਹਰਿਆਂ ’ਤੇ ਸਿੱਖੀ ਪਿਆਰ, ਬੀਰਤਾ ਤੇ ਜੁਰੱਅਤ ਪ੍ਰਤੱਖ ਦਿਸ ਰਹੀ ਸੀ। ਸਾਹਿਬਜ਼ਾਦਿਆਂ ਦੇੇ ਅਡੋਲ ਚਿਤ ਰਹਿੰਦਿਆਂ ਰੋਅਬ ਭਰੇ ਜਵਾਬਾਂ ਨੇ ਸਭ ਨੂੰ ਕੰਬਣੀ ਛੇੜ ਦਿੱਤੀ।
ਸਾਹਿਬਜ਼ਾਦਿਆਂ ਨੂੰ ਇਸਲਾਮ ਧਾਰਨ ਕਰਵਾਉਣ ਲਈ ਲਗਾਤਾਰ ਲਾਲਚ, ਡਰਾਵੇ ਅਤੇ ਧਮਕੀਆਂ ਦਾ ਦੌਰ ਚਲਦਾ ਰਿਹਾ। ਪੇਸ਼ ਨਾ ਜਾਂਦੀ ਵੇਖ ਕੇ ਮੁੱਲਾਂ ਤੇ ਕਾਜ਼ੀਆਂ ਨੂੰ ਸਾਹਿਬਜ਼ਾਦਿਆਂ ਦੀ ਸਜ਼ਾ ਨਿਸ਼ਚਿਤ ਕਰਨ ਲਈ ਕਿਹਾ ਗਿਆ, ਜਿਸ ’ਤੇ ਉਨ੍ਹਾਂ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕਰਨ ਦਾ ਹੁਕਮ ਸੁਣਾਇਆ। ਇੰਝ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਨੇ ਲਾਸਾਨੀ ਸ਼ਹਾਦਤ ਪ੍ਰਾਪਤ ਕਰਕੇ ਦੁਨੀਆ ਦੇ ਇਤਿਹਾਸ ਅੰਦਰ ਨਿਵੇਕਲਾ ਪੰਨਾ ਸਿਰਜਿਆ। ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਖ਼ਬਰ ਸੁਣ ਕੇ ਮਾਤਾ ਗੁਜਰੀ ਜੀ ਵੀ ਠੰਢੇ ਬੁਰਜ ਵਿੱਚ ਗੁਰਪੁਰੀ ਪਿਆਨਾ ਕਰ ਗਏ। ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸਸਕਾਰ ਲਈ ਦੀਵਾਨ ਟੋਡਰ ਮੱਲ ਨੇ ਸੋਨੇ ਦੀਆਂ ਮੋਹਰਾਂ ਦੇ ਕੇ ਜ਼ਮੀਨ ਖਰੀਦੀ, ਜਿਸ ਸਥਾਨ ’ਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਸੁਭਾਇਮਾਨ ਹੈ।
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੇ ਸਿੱਖ ਸੰਘਰਸ਼ ਵਿੱਚ ਨਵੀਂ ਰੂਹ ਫੂਕ ਦਿੱਤੀ। ਦਸ਼ਮੇਸ਼ ਪਿਤਾ ਦਾ ਥਾਪੜਾ ਲੈ ਕੇ ਬਾਬਾ ਬੰਦਾ ਸਿੰਘ ਬਹਾਦਰ ਨੇ ਅਜਿਹੀ ਹਨੇਰੀ ਲਿਆਂਦੀ ਕਿ ਮੁਗ਼ਲ ਸਾਮਰਾਜ ਦੀਆਂ ਜੜ੍ਹਾਂ ਹਿੱਲ ਗਈਆਂ। ਸਿੱਖ ਯੋਧਿਆਂ ਨੇ ਸਮੇਂ ਦੇ ਹੈਂਕੜਬਾਜ਼ ਵਜ਼ੀਰ ਖਾਨ ਅਤੇ ਉਸ ਦੇ ਦਰਬਾਰੀਆਂ ਦੀ ਜੋ ਦਸ਼ਾ ਕੀਤੀ ਉਹ ਇਤਿਹਾਸ ਬਣ ਗਿਆ। ਇਸ ਸਾਕੇ ਪਿੱਛੋਂ ਖ਼ਾਲਸੇ ਨੇ ਸਿੱਖ ਰਾਜ ਦੀ ਮੰਜ਼ਿਲ ਵੀ ਸਰ ਕੀਤੀ।
ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਿੱਖ ਕੌਮ ਲਈ ਮਾਰਗ ਦਰਸ਼ਕ ਹੈ। ਇਹ ਸ਼ਹਾਦਤਾਂ ਸਾਨੂੰ ਸਿੱਖ ਧਰਮ ਦੀਆਂ ਉੱਚੀਆਂ-ਸੁੱਚੀਆਂ ਕਦਰਾਂ ਕੀਮਤਾਂ ’ਤੇ ਪਹਿਰਾ ਦੇਣ ਲਈ ਸਦਾ ਤਤਪਰ ਰਹਿਣ ਦੀ ਪ੍ਰੇਰਨਾ ਦਿੰਦੀਆਂ ਆ ਰਹੀਆਂ ਹਨ। ਲੋੜ ਹੈ ਇਨ੍ਹਾਂ ਮਹਾਨ ਸ਼ਹਾਦਤਾਂ ਨੂੰ ਸਤਿਕਾਰ ਭੇਟ ਕਰਦਿਆਂ ਕੌਮ ਦੀ ਨੌਜੁਆਨੀ ਅਤੇ ਬੱਚਿਆਂ ਨੂੰ ਆਪਣੇ ਇਤਿਹਾਸ, ਰਵਾਇਤਾਂ, ਸਿਧਾਂਤਾਂ ਅਤੇ ਗੁਰਬਾਣੀ ਦੀ ਅੰਮ੍ਰਿਤਮਈ ਵਿਚਾਰਧਾਰਾ ਨਾਲ ਜੋੜੀਏ ਤਾਂ ਜੋ ਆਪਣੇ ਵਿਰਸੇ ਤੋਂ ਸੇਧ ਪ੍ਰਾਪਤ ਕਰਕੇ ਸਿੱਖ ਧਰਮ ਦੀ ਚੜ੍ਹਦੀ ਕਲਾ ਤੇ ਏਕਤਾ ਲਈ ਵਚਨਬੱਧ ਹੋ ਕੇ ਸ਼ਹੀਦਾਂ ਵੱਲੋਂ ਪਾਏ ਪੂਰਨਿਆਂ ’ਤੇ ਚੱਲ ਸਕੀਏ।
* ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ।

