ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਅਗਸਤ
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਗਈ ਧਰਮ ਜਾਗਰੂਕਤਾ ਲਹਿਰ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ 12 ਸਿੱਖ ਪਰਿਵਾਰਾਂ ਨੇ ਇਸਾਈ ਧਰਮ ਨੂੰ ਛੱਡ ਕੇ ਮੁੜ ਸਿੱਖ ਧਰਮ ’ਚ ਵਾਪਸੀ ਕੀਤੀ। ਇਨ੍ਹਾਂ ਪਰਿਵਾਰਾਂ ਨੂੰ ਅੰਮ੍ਰਿਤ ਛਕਾ ਕੇ ਧਾਰਮਿਕ ਮਰਿਆਦਾ ਅਨੁਸਾਰ ਸਿੱਖ ਕੌਮ ’ਚ ਵਾਪਸੀ ਕਰਵਾਈ ਜਾਵੇਗੀ।
ਦਿੱਲੀ ਗੁਰਦੁਆਰਾ ਕਮੇਟੀ ਦਫ਼ਤਰ ਵਿੱਚ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪੰਜਾਬ ’ਚ ਵਧਦੇ ਧਰਮ ਪਰਿਵਰਤਨ ਦੇ ਮਾਮਲੇ ਚਿੰਤਾ ਦਾ ਵਿਸ਼ਾ ਬਣ ਚੁੱਕੇ ਸਨ। ਵੱਡੀ ਗਿਣਤੀ ਵਿਚ ਲੋਕ ਸਿੱਖ ਧਰਮ ਛੱਡ ਕੇ ਇਸਾਈ ਧਰਮ ਵੱਲ ਰੁਖ਼ ਕਰ ਰਹੇ ਸਨ। ਇੱਥੋਂ ਤਕ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਆਪਣੀ ਭੂਮਿਕਾ ਨਿਭਾਉਣ ਵਿਚ ਅਸਫ਼ਲ ਸਾਬਤ ਹੋਈ। ਅਜਿਹੀ ਸਥਿਤੀ ਵਿਚ ਦਿੱਲੀ ਗੁਰਦੁਆਰਾ ਕਮੇਟੀ ਨੇ ਫ਼ੈਸਲਾ ਲਿਆ ਕਿ ਪੰਜਾਬ ਵਿਚ ਧਰਮ ਜਾਗਰੂਕਤਾ ਲਹਿਰ ਸ਼ੁਰੂ ਕੀਤੀ ਜਾਵੇਗੀ। ਅੰਮ੍ਰਿਤਸਰ ਵਿੱਚ ਦਫ਼ਤਰ ਖੋਲ੍ਹ ਕੇ ਮਨਜੀਤ ਸਿੰਘ ਭੋਮਾ ਨੂੰ ਪੰਜਾਬ ਵਿੱਚ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਦੀ ਜ਼ਿੰਮੇਵਾਰੀ ਸੌਂਪੀ ਗਈ। ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਇਹ 12 ਸਿੱਖ ਪਰਿਵਾਰਾਂ ਨੂੰ ਜੋ ਪਿੰਡ ਕਾਲੇਵਾਲ (ਲੋਪੋਕੇ) ਅੰਮ੍ਰਿਤਸਰ ਤੋਂ ਸਬੰਧ ਰੱਖਦੇ ਹਨ ਨੂੰ ਲਾਲਚ ਦਿੱਤਾ ਗਿਆ ਕਿ ਜੇ ਇਹ ਇਸਾਈ ਧਰਮ ਕਬੂਲ ਕਰਦੇ ਹਨ ਤਾਂ ਇਨ੍ਹਾਂ ਨੂੰ ਸਿਹਤਯਾਬੀ ਲਾਭ ਸਣੇ ਹੋਰ ਆਰਥਿਕ ਲਾਭ ਦਿੱਤੇ ਜਾਣਗੇ। ਆਗੂਆਂ ਨੇ ਕਿਹਾ ਕਿ ਧਰਮ ਜਾਗਰੂਕਤਾ ਲਹਿਰ ਦੇ ਬੈਨਰ ਹੇਠ ਪੰਜਾਬ ਦੇ ਪਿੰਡਾਂ ਵਿਚ ਘਰ-ਘਰ ਜਾ ਕੇ ਸਾਡੀ ਟੀਮ ਮਿਹਨਤ ਕਰ ਰਹੀ ਹੈ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿਚ ਪੂਰੀ ਤਰ੍ਹਾਂ ਜੁਟੀ ਹੋਈ ਹੈ। ਉਨ੍ਹਾਂ ਆਉਣ ਵਾਲੇ ਦਿਨਾਂ ਵਿਚ ਕਈ ਹੋਰ ਪਰਿਵਾਰਾਂ ਨੂੰ ਸਿੱਖ ਧਰਮ ਨਾਲ ਮੁੜ ਜੋੜਿਆ ਜਾਵੇਗਾ।