ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਮਈ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਐਤਵਾਰ ਨੂੰ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਲਈ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਨਾਲ ਹੋਈ ਮੀਟਿੰਗ ਵਿੱਚ ਕੁਝ ਮਹੱਤਵਪੂਰਨ ਸੁਝਾਅ ਦਿੱਤੇ ਹਨ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਕਰੋਨਾ ਦੀ ਦੂਜੀ ਲਹਿਰ ਵਿੱਚ ਹਰ ਪਰਿਵਾਰ ਵਿੱਤੀ, ਸਰੀਰਕ ਜਾਂ ਮਾਨਸਿਕ ਤੌਰ ’ਤੇ ਪ੍ਰਭਾਵਿਤ ਹੋਇਆ ਹੈ। ਇਸ ਦੇ ਨਾਲ ਹੀ ਪ੍ਰੀਖਿਆਵਾਂ ਨਾਲ ਜੁੜੀ ਬੇਯਕੀਨੀ ਕਾਰਨ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੇ ਅਧਿਆਪਕਾਂ ਵਿਚ ਵੀ ਤਣਾਅ ਵਧਿਆ ਹੈ। ਹੁਣ ਹਰ ਕੋਈ ਮੰਨਦਾ ਹੈ ਕਿ ਜਲਦੀ ਹੀ ਬੋਰਡ ਪ੍ਰੀਖਿਆਵਾਂ ਬਾਰੇ ਫੈਸਲਾ ਲਿਆ ਜਾਣਾ ਚਾਹੀਦਾ ਹੈ। ਮੀਟਿੰਗ ਦੌਰਾਨ ਉਪ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਕਟ ਦੇ ਸਮੇਂ ਬੱਚਿਆਂ ਦੀ ਸੁਰੱਖਿਆ ਨਾਲ ਖੇਡ ਕੇ ਬੋਰਡ ਦੀਆਂ ਪ੍ਰੀਖਿਆਵਾਂ ਕਰਵਾਉਣਾ ਬਹੁਤ ਮੂਰਖਤਾ ਹੋਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਕਰੋਨਾ ਦੀ ਤੀਜੀ ਲਹਿਰ ਨਾਲ ਲੜਨ ਦੀ ਤਿਆਰੀ ਕੀਤੀ ਜਾ ਰਹੀ ਹੈ ਤੇ ਅਜੇ ਵੀ ਹਰ ਰੋਜ਼ 2.5 ਲੱਖ ਦੇ ਕਰੀਬ ਕਰੋਨਾ ਮਾਮਲੇ ਆ ਰਹੇ ਹਨ। ਅਜਿਹੀ ਸਥਿਤੀ ਵਿੱਚ ਨਾ ਤਾਂ ਬੱਚੇ ਤੇ ਨਾ ਹੀ ਉਨ੍ਹਾਂ ਦੇ ਮਾਪੇ ਤੇ ਅਧਿਆਪਕ ਪ੍ਰੀਖਿਆ ਲਈ ਤਿਆਰ ਹਨ। ਉਪ ਮੁੱਖ ਮੰਤਰੀ ਨੇ ਕਿਹਾ ਕਿ ਟੀਕਾ ਬੱਚਿਆਂ ਨੂੰ ਪਹਿਲਾਂ ਉਪਲਬਧ ਕਰਵਾਉਣਾ ਚਾਹੀਦਾ ਹੈ ਤੇ ਫਿਰ ਜਾਂਚ ਕੀਤੀ ਜਾਣੀ ਚਾਹੀਦੀ ਹੈ। ਜੇ ਟੀਕਾ ਉਪਲਬਧ ਨਹੀਂ ਹੈ ਤਾਂ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਜਾਣਾ ਚਾਹੀਦਾ ਹੈ ਤੇ ਨਤੀਜਾ ਦਸਵੀਂ ਜਮਾਤ ਦੇ ਅਧਾਰ ਤੇ ਐਲਾਨਿਆ ਜਾਣਾ ਚਾਹੀਦਾ ਹੈ।