2020 ਦੰਗੇ: ਸੁਪਰੀਮ ਕੋਰਟ ਵੱਲੋਂ ਉਮਰ ਖਾਲਿਦ ਸਮੇਤ ਹੋਰਾਂ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਦਿੱਲੀ ਪੁਲੀਸ ਨੂੰ ਨੋਟਿਸ
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਫਰਵਰੀ 2020 ਦੇ ਦਿੱਲੀ ਦੰਗਿਆਂ ਪਿੱਛੇ ਸਾਜ਼ਿਸ਼ ਦੇ ਦੋਸ਼ਾਂ ਨਾਲ ਸਬੰਧਤ UAPA ਕੇਸ ਵਿੱਚ ਕਾਰਕੁਨਾਂ ਉਮਰ ਖਾਲਿਦ, ਸ਼ਰਜੀਲ ਇਮਾਮ, ਗੁਲਫਿਸ਼ਾ ਫਾਤਿਮਾ ਅਤੇ ਮੀਰਾਨ ਹੈਦਰ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਦਿੱਲੀ ਪੁਲਿਸ ਤੋਂ ਜਵਾਬ ਮੰਗਿਆ ਹੈ।
ਜਸਟਿਸ ਅਰਵਿੰਦ ਕੁਮਾਰ ਅਤੇ ਐਨ ਵੀ ਅੰਜਾਰੀਆ ਦੇ ਬੈਂਚ ਨੇ ਨੋਟਿਸ ਜਾਰੀ ਕੀਤਾ ਅਤੇ ਮਾਮਲੇ ਨੂੰ 7 ਅਕਤੂਬਰ ਲਈ ਸੂਚੀਬੱਧ ਕੀਤਾ।
ਕਾਰਕੁਨਾਂ ਨੇ ਦਿੱਲੀ ਹਾਈ ਕੋਰਟ ਦੇ 2 ਸਤੰਬਰ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਖਾਲਿਦ ਅਤੇ ਇਮਾਮ ਸਮੇਤ ਨੌਂ ਲੋਕਾਂ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਸੀ। ਕੋਰਟ ਨੇ ਕਿਹਾ ਸੀ ਕਿ ਨਾਗਰਿਕਾਂ ਨੂੰ ਪ੍ਰਦਰਸ਼ਨਾਂ ਜਾਂ ਵਿਰੋਧ ਪ੍ਰਦਰਸ਼ਨਾਂ ਦੀ ਆੜ ਵਿੱਚ "ਸਾਜ਼ਿਸ਼ੀ" ਹਿੰਸਾ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਖਾਲਿਦ ਅਤੇ ਇਮਾਮ ਤੋਂ ਇਲਾਵਾ ਫਾਤਿਮਾ, ਹੈਦਰ, ਮੁਹੰਮਦ ਸਲੀਮ ਖਾਨ, ਸ਼ਿਫਾ ਉਰ ਰਹਿਮਾਨ, ਅਥਰ ਖਾਨ, ਅਬਦੁਲ ਖਾਲਿਦ ਸੈਫੀ ਅਤੇ ਸ਼ਾਦਾਬ ਅਹਿਮਦ ਦੀ ਵੀ ਜ਼ਮਾਨਤ ਰੱਦ ਕੀਤੀ ਗਈ ਸੀ।
ਇੱਕ ਹੋਰ ਦੋਸ਼ੀ ਤਸਲੀਮ ਅਹਿਮਦ ਦੀ ਜ਼ਮਾਨਤ ਪਟੀਸ਼ਨ ਵੀ 2 ਸਤੰਬਰ ਨੂੰ ਇੱਕ ਵੱਖਰੇ ਹਾਈ ਕੋਰਟ ਬੈਂਚ ਵੱਲੋਂ ਖਾਰਜ ਕਰ ਦਿੱਤੀ ਗਈ ਸੀ।
ਹਾਈ ਕੋਰਟ ਨੇ ਕਿਹਾ ਕਿ ਸੰਵਿਧਾਨ ਨਾਗਰਿਕਾਂ ਨੂੰ ਪ੍ਰਦਰਸ਼ਨ ਅਤੇ ਰੋਸ ਪ੍ਰਦਰਸ਼ਨ ਕਰਨ ਦਾ ਅਧਿਕਾਰ ਦਿੰਦਾ ਹੈ, ਬਸ਼ਰਤੇ ਉਹ ਵਿਵਸਥਿਤ, ਸ਼ਾਂਤਮਈ ਅਤੇ ਬਿਨਾਂ ਹਥਿਆਰਾਂ ਦੇ ਹੋਣ ਅਤੇ ਅਜਿਹੀਆਂ ਕਾਰਵਾਈਆਂ ਕਾਨੂੰਨ ਦੇ ਦਾਇਰੇ ਵਿੱਚ ਹੋਣੀਆਂ ਚਾਹੀਦੀਆਂ ਹਨ।-ਪੀਟੀਆਈ