ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਮਈ
ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵੱਲੋਂ ‘ਵਿੱਦਿਆ ਦਾ ਲੰਗਰ’ ਸ਼ੁਰੂ ਕੀਤਾ ਗਿਆ ਹੈ ਜਿਸ ਵਿੱਚ ਲੋੜਵੰਦ ਬੱਚਿਆਂ ਨੂੰ ਬਿਨਾਂ ਕਿਸੇ ਫੀਸ ਤੋਂ ਸਿੱਖਿਆ ਦਿੱਤੀ ਜਾਵੇਗੀ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ਤੇ ਉਨ੍ਹਾਂ ਦੀ ਟੀਮ ਵੱਲੋਂ ਤੇਜਿੰਦਰ ਸਿੰਘ ਗੋਇਆ ਤੇ ਡਾ. ਸੁਖਦੀਪ ਸਿੰਘ ਦੇ ਸਹਿਯੋਗ ਨਾਲ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿੱਚ ਇਹ ਲੰਗਰ ਸ਼ੁਰੂ ਕੀਤਾ ਗਿਆ ਹੈ। ਇਸ ਵਿਚ ਬੱਚਿਆਂ ਨੂੰ ਹੋਰਨਾ ਵਿਸ਼ਿਆਂ ਦੇ ਨਾਲ-ਨਾਲ ਫ਼ਰੈਂਚ ਭਾਸ਼ਾ ਦੀ ਸਿੱਖਿਆ ਦਿੱਤੀ ਜਾਵੇਗੀ ਨਾਲ ਹੀ ਗੁਰਮਤਿ ਦੀਆਂ ਸਿੱਖਿਆਵਾਂ ਵੀ ਦਿੱਤੀਆਂ ਜਾਣਗੀਆਂ ਜਿਸ ਨਾਲ ਬੱਚਿਆਂ ਨੂੰ ਆਪਣੇ ਗੌਰਵਮਈ ਵਿਰਸੇ ਬਾਰੇ ਜਾਣਕਾਰੀ ਮਿਲੇਗੀ। ਬੱਚਿਆਂ ਦੇ ਨਾਲ ਹੀ ਉਨ੍ਹਾਂ ਦੇ ਮਾਤਾ ਪਿਤਾ ਦਾ ਵੀ ਮਾਨਸਿਕ ਤਣਾਓ ਘੱਟ ਕਰਨ ਲਈ ਪ੍ਰਸਿੱਧ ਮਨੋਵਿਗਿਆਨੀਆਂ ਵੱਲੋਂ ਮਾਰਗਦਰਸ਼ਨ ਕੀਤਾ ਜਾਵੇਗਾ। ਮਨੋਵਿਗਿਆਨੀਆਂ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ ਇਸ ਦੇ ਨਾਲ ਹੀ ਸੈਸ਼ਨ ਦੇ ਅੰਤ ਵਿਚ ਬੱਚਿਆਂ ਲਈ ਕਰੀਅਰ ਕਾਊਂਸਲਿੰਗ ਕੈਂਪ ਵੀ ਲਗਾਇਆ ਜਾਵੇਗਾ।