ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਅਕਤੂਬਰ
ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਦਿੱਲੀ ਦੇ ਉਪ ਰਾਜਪਾਲ ਵੀ ਕੇ ਸਕਸੈਨਾ ਨੇ ‘ਰੈੱਡ ਲਾਈਟ ਆਨ, ਗੱਡੀ ਆਫ਼’ ਮੁਹਿੰਮ ਨੂੰ ਅੱਗੇ ਵਧਾਉਣ ਲਈ ਫਾਈਲ ਨੂੰ ਮਨਜ਼ੂਰੀ ਨਹੀਂ ਦਿੱਤੀ ਹੈ ਜਿਸ ਦੀ ਸ਼ੁੱਕਰਵਾਰ ਨੂੰ ਸ਼ੁਰੂ ਹੋਣ ਦੀ ਉਮੀਦ ਸੀ। ਸ੍ਰੀ ਰਾਏ ਨੇ ਕਿਹਾ ਕਿ ਉਹ ਉਪ ਰਾਜਪਾਲ ਨੂੰ ਅਪੀਲ ਕਰਨਾ ਚਾਹੁੰਦੇ ਹਨ ਕਿ ਸਿਆਸੀ ਲੜਾਈਆਂ ਵੱਖਰੇ ਤੌਰ ’ਤੇ ਹੋ ਸਕਦੀਆਂ ਹਨ ਪਰ ਪ੍ਰਦੂਸ਼ਣ ਘਟਾਉਣ ਲਈ ਰਲ ਕੇ ਯਤਨ ਕਰਨੇ ਚਾਹੀਦੇ ਹਨ ਪਰ ਭਾਜਪਾ ਨਹੀਂ ਚਾਹੁੰਦੀ ਕਿ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਘੱਟ ਹੋਵੇ। ਪਹਿਲਾਂ ਪੰਜਾਬ ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਵਿੱਤੀ ਸਹਾਇਤਾ ਲਈ ਪ੍ਰਸਤਾਵ ਭੇਜਿਆ ਸੀ। ਪੰਜਾਬ ਸਰਕਾਰ ਤੇ ਦਿੱਲੀ ਸਰਕਾਰ ਭੁਗਤਾਨ ਕਰਨ ਲਈ ਤਿਆਰ ਸਨ ਪਰ ਕੇਂਦਰ ਨੇ ਹਾਮੀ ਨਹੀਂ ਭਰੀ। ਫਿਰ ਉਹ ਪਟਾਕਿਆਂ ‘ਤੇ ਪਾਬੰਦੀ ਨੂੰ ਲੈ ਕੇ ਸੁਪਰੀਮ ਕੋਰਟ ਗਏ। ਹੁਣ ਜਿਸ ਤਰੀਕੇ ਨਾਲ ‘ਲਾਲ ਬੱਤੀ ਆਨ, ਗੱਡੀ ਆਫ਼’ ਮੁਹਿੰਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਸ ਨਾਲ ਭਾਜਪਾ ਦਾ ਲੋਕ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਇਹ ਮੁਹਿੰਮ 2020 ਵਿੱਚ ਸ਼ੁਰੂ ਕੀਤੀ ਗਈ ਸੀ ਤਾਂ ਜੋ ਲੋਕਾਂ ਨੂੰ ਕਾਰਬਨ ਨਿਕਾਸੀ ਨੂੰ ਘਟਾਉਣ ਲਈ ਟ੍ਰੈਫਿਕ ਸਿਗਨਲਾਂ ‘ਤੇ ਵਾਹਨਾਂ ਦੇ ਇੰਜਣਾਂ ਨੂੰ ਬੰਦ ਕਰਨ ਲਈ ਕਿਹਾ ਜਾ ਸਕੇ। ਰਾਏ ਨੇ ਕਿਹਾ ਕਿ ਮੁੱਖ ਮੰਤਰੀ ਦਫ਼ਤਰ ਵੱਲੋਂ 21 ਅਕਤੂਬਰ ਨੂੰ ਫਾਈਲ ਭੇਜੀ ਗਈ ਸੀ। ਇਹ ਮੁਹਿੰਮ ਭਲਕੇ ਸ਼ੁਰੂ ਹੋਣੀ ਸੀ।