ਰੂਸੀ ਫੌਜ ਵਿੱਚ ਭਰਤੀ ਕੀਤੇ ਗਏ 267 ਭਾਰਤੀਆਂ ’ਚੋਂ 51 ਦੀ ਮੌਤ; 77 ਲਾਪਤਾ
ਸੁਪਰੀਮ ਕੋਰਟ ਵੱਲੋਂ ਮਾਰੇ ਗਏ ਭਾਰਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਲਈ ਜਨਤਕ ਨੋਟਿਸ ਜਾਰੀ ਕਰਨ ਦੇ ਨਿਰਦੇਸ਼
ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਵਿਦੇਸ਼ ਮੰਤਰਾਲੇ ਨੂੰ ਰੂਸ-ਯੂਕਰੇਨ ਯੁੱਧ ਵਿੱਚ ਲੜਦੇ ਹੋਏ ਮਾਰੇ ਗਏ ਭਾਰਤੀਆਂ ਦੇ ਪਰਿਵਾਰਾਂ ਨੂੰ ਸਹਾਇਤਾ ਅਤੇ ਮੁਆਵਜ਼ਾ ਦੇਣ ਲਈ ਇੱਕ ਜਨਤਕ ਨੋਟਿਸ ਜਾਰੀ ਕਰਨ 'ਤੇ ਵਿਚਾਰ ਕਰਨ ਲਈ ਕਿਹਾ।
ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਇਮਾਲਿਆ ਬਾਗਚੀ ਦੇ ਬੈਂਚ ਸਾਹਮਣੇ ਵਿਦੇਸ਼ ਮੰਤਰਾਲੇ ਨੇ ਅਹਿਮ ਅੰਕੜੇ ਪੇਸ਼ ਕੀਤੇ। ਰਿਪੋਰਟ ਮੁਤਾਬਕ, ਧੋਖੇ ਨਾਲ ਰੂਸੀ ਫੌਜ ਵਿੱਚ ਭਰਤੀ ਕੀਤੇ ਗਏ ਕੁੱਲ 267 ਭਾਰਤੀਆਂ ਵਿੱਚੋਂ 51 ਦੀ ਮੌਤ ਹੋ ਚੁੱਕੀ ਹੈ, 139 ਨੂੰ ਫੌਜ ਵਿੱਚੋਂ ਕੱਢ ਦਿੱਤਾ ਗਿਆ ਹੈ ਅਤੇ 77 ਦਾ ਅਜੇ ਤੱਕ ਕੋਈ ਥਹੁ-ਪਤਾ ਨਹੀਂ ਲੱਗ ਸਕਿਆ ਹੈ। ਰੂਸ ਵਿੱਚ ਭਾਰਤੀ ਦੂਤਾਵਾਸ 77 ਲੋਕਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਨ੍ਹਾਂ ਵਿੱਚੋਂ ਸੱਤ ਦੇ ਰੂਸੀ ਅਧਿਕਾਰੀਆਂ ਦੁਆਰਾ ਲਾਪਤਾ ਹੋਣ ਦੀ ਪੁਸ਼ਟੀ ਕੀਤੀ ਗਈ ਹੈ।
ਕੇਂਦਰ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਰੂਸ ਵੱਲੋਂ ਹੁਣ ਤੱਕ ਸਿਰਫ਼ 6 ਮੁਆਵਜ਼ਾ ਦਾਅਵਿਆਂ 'ਤੇ ਹੀ ਕਾਰਵਾਈ ਹੋਈ ਹੈ। ਸੁਪਰੀਮ ਕੋਰਟ ਨੇ ਵਿਦੇਸ਼ ਮੰਤਰਾਲੇ ਨੂੰ ਇੱਕ ਨਵੀਂ ਸਥਿਤੀ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਜਿਸ ਵਿੱਚ ਰੂਸੀ ਸਰਕਾਰ ਵੱਲੋਂ ਛੇ ਪਰਿਵਾਰਾਂ ਨੂੰ ਦਿੱਤੇ ਗਏ ਸਹੀ ਮੁਆਵਜ਼ੇ ਦਾ ਵੇਰਵਾ ਦਿੱਤਾ ਗਿਆ ਹੋਵੇ ਜਿਨ੍ਹਾਂ ਦੇ ਮੈਂਬਰਾਂ ਦੀ ਜੰਗੀ ਖੇਤਰ ਵਿੱਚ ਮੌਤ ਹੋ ਗਈ ਸੀ। ਬੈਂਚ ਨੇ ਕਿਹਾ ਕਿ ਬਦਕਿਸਮਤੀ ਨਾਲ ਉੱਥੇ ਮਰਨ ਵਾਲੇ ਸਾਰੇ 51 ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਪ੍ਰਾਪਤ ਕਰਨ ਦਾ ਅਧਿਕਾਰ ਹੈ।
ਆਪਣੇ ਆਦੇਸ਼ ਵਿੱਚ, ਬੈਂਚ ਨੇ ਨੋਟ ਕੀਤਾ ਕਿ 200 ਤੋਂ ਵੱਧ ਲੋਕ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਰਾਜਸਥਾਨ, ਹਰਿਆਣਾ ਅਤੇ ਪੰਜਾਬ ਦੇ ਸਨ, 2024-25 ਵਿੱਚ ਵੱਖ-ਵੱਖ ਖੇਤਰਾਂ 'ਚ ਕੰਮ ਕਰਨ ਲਈ ਰੂਸ ਗਏ ਸਨ ਪਰ ਟਰੈਵਲ ਏਜੰਟਾਂ ਦੇ ਧੋਖੇ ਕਾਰਨ ਰੂਸ ਪਹੁੰਚਦਿਆਂ ਹੀ ਉਨ੍ਹਾਂ ਦੇ ਪਾਸਪੋਰਟ ਖੋਹ ਲਏ ਗਏ ਅਤੇ ਜ਼ਬਰਦਸਤੀ ਫੌਜ ਵਿੱਚ ਭਰਤੀ ਕਰਕੇ ਜੰਗ ਦੇ ਮੈਦਾਨ ਵਿੱਚ ਧੱਕ ਦਿੱਤਾ ਗਿਆ।
ਸੁਪਰੀਮ ਕੋਰਟ ਨੇ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਦੀਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਨੂੰ ਵੀ ਆਦੇਸ਼ ਦਿੱਤਾ ਹੈ ਕਿ ਉਹ ਪੀੜਤ ਪਰਿਵਾਰਾਂ ਨੂੰ ਕਾਗਜ਼ੀ ਕਾਰਵਾਈ ਅਤੇ ਮ੍ਰਿਤਕ ਦੇਹਾਂ ਦੀ ਪਛਾਣ ਲਈ ਹੋਣ ਵਾਲੇ ਡੀ ਐੱਨ ਏ (DNA) ਟੈਸਟਾਂ ਵਾਸਤੇ ਮੁਫ਼ਤ ਕਾਨੂੰਨੀ ਸਹਾਇਤਾ ਦੇਣ।

