ਨਵੀਂ ਦਿੱਲੀ, 25 ਅਗਸਤ
ਦੱਖਣੀ-ਪੱਛਮੀ ਦਿੱਲੀ ਦੇ ਡਾਬਰੀ ਇਲਾਕੇ ਦੇ ਇਕ ਸਰਕਾਰੀ ਸਕੂਲ ਵਿੱਚ ਮਿੱਡ-ਡੇਅ ਮੀਲ ਖਾਣ ਤੋਂ ਬਾਅਦ ਸ਼ੁੱਕਰਵਾਰ ਨੂੰ ਲਗਭਗ 70 ਵਿਦਿਆਰਥੀਆਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਮਿੱਡ-ਡੇਅ ਮੀਲ ਵਰਕਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਦਿੱਲੀ ਸਰਕਾਰ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਸਾਰੇ ਬੱਚੇ ਸਥਿਰ ਹਾਲਤ ਵਿੱਚ ਸਨ। ਉਨ੍ਹਾਂ ਨੇ ਕਿਹਾ ਕਿ ਵਰਕਰਾਂ ਨੂੰ ਇਹ ਯਕੀਨੀ ਬਣਾਉਣ ਲਈ ਚਿਤਾਵਨੀ ਦਿੱਤੀ ਗਈ ਹੈ ਕਿ ਸਕੂਲੀ ਬੱਚਿਆਂ ਨੂੰ ਸਹੀ ਭੋਜਨ ਮੁਹੱਈਆ ਕਰਵਾਇਆ ਜਾਵੇ। ਅਧਿਕਾਰੀ ਨੇ ਕਿਹਾ, ‘‘ਇਸ ਘਟਨਾ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।’’ ਪੁਲੀਸ ਦੇ ਡਿਪਟੀ ਕਮਿਸ਼ਨਰ (ਦੱਖਣ-ਪੱਛਮੀ) ਮਨੋਜ ਸੀ ਨੇ ਦੱਸਿਆ ਕਿ ਬੱਚਿਆਂ ਨੂੰ ਡੀਡੀਯੂ ਹਸਪਤਾਲ ਅਤੇ ਦਾਦਾ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਹਾਲਤ ਸਥਿਰ ਹੈ। -ਪੀਟੀਆਈ