ਪੱਤਰ ਪ੍ਰੇਰਕ
ਨਵੀਂ ਦਿੱਲੀ: 10 ਜੂਨ
ਦਿੱਲੀ ਵਿੱਚ 9ਵੀਂ ਅਤੇ 11ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਮਿੱਡ ਟਰਮ ਪ੍ਰੀਖਿਆਵਾਂ ਦੇ ਆਧਾਰ ’ਤੇ ਇਨ੍ਹਾਂ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ਵਿੱਚ ਤਰੱਕੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ, ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਛੇਵੀਂ ਤੋਂ ਨੌਵੀਂ ਜਮਾਤ ਦੀਆਂ ਦਾਖਲਾ ਪ੍ਰਕਿਰਿਆ ਲਈ ਰਜਿਸਟਰੀਕਰਨ 11 ਜੂਨ ਤੋਂ ਸ਼ੁਰੂ ਹੋਵੇਗਾ। ਵੀਰਵਾਰ ਨੂੰ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿਚ ਦਾਖਲਾ ਅਤੇ ਪ੍ਰੀਖਿਆ ਪ੍ਰਕਿਰਿਆ ਦੇ ਸਬੰਧ ਵਿਚ ਫ਼ੈਸਲੇ ਲਏ ਗਏ ਸਨ। ਮੀਟਿੰਗ ਵਿੱਚ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਦੀ ਤਰੱਕੀ ਨੀਤੀ ਅਤੇ 6ਵੀਂ ਤੋਂ 9ਵੀਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਵਿਸ਼ਿਆਂ ਬਾਰੇ ਫ਼ੈਸਲਾ ਲਿਆ ਗਿਆ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ।
ਉਪ ਮੁੱਖ ਮੰਤਰੀ ਨੇ ਕਿਹਾ ਕਿ ਕੇਜੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ਵਿੱਚ ਤਰੱਕੀ ਦਿੱਤੀ ਗਈ ਸੀ ਪਰ 9ਵੀਂ ਤੇ 11ਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਵਿੱਚ ਉਨ੍ਹਾਂ ਦੇ ਨਤੀਜਿਆਂ ’ਤੇ ਅੱਗੇ ਦੀ ਪੜ੍ਹਾਈ ਬਾਰੇ ਅਨਿਸ਼ਚਿਤਤਾ ਪਾਈ ਗਈ ਸੀ। 9ਵੀਂ ਤੇ 11ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 12 ਅਪਰੈਲ 2021 ਨੂੰ ਮੁਲਤਵੀ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਦਿੱਲੀ ਸਰਕਾਰ ਨੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਨ੍ਹਾਂ ਜਮਾਤਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਉਪ ਮੁੱਖ ਮੰਤਰੀ ਨੇ ਸਾਂਝਾ ਕੀਤਾ ਕਿ ਪ੍ਰਾਈਵੇਟ ਸਕੂਲ ਜਿਨ੍ਹਾਂ ਨੇ ਮੱਧਕਾਲੀ ਤੇ ਸਾਲਾਨਾ ਪ੍ਰੀਖਿਆ ਲਈ ਹੈ, ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੁਆਰਾ ਜਾਰੀ ਤਰੱਕੀ ਨੀਤੀ ਦੇ ਤਹਿਤ ਨਤੀਜਾ ਜਾਰੀ ਕਰ ਸਕਦੇ ਹਨ।