ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਮਈ
ਦਿੱਲੀ ਨੇ ਮਈ ‘ਚ ਹੀ ਬਿਜਲੀ ਦੀ ਖਪਤ ਦੇ ਮਾਮਲੇ ‘ਚ ਆਪਣਾ 15 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਇੱਥੇ ਬਿਜਲੀ ਦੀ ਮੰਗ 7 ਹਜ਼ਾਰ ਮੈਗਾਵਾਟ ਨੂੰ ਪਾਰ ਕਰ ਗਈ ਹੈ। ਫਿਰ ਵੀ ਕੇਜਰੀਵਾਲ ਸਰਕਾਰ ਆਪਣੇ ਨਾਗਰਿਕਾਂ ਨੂੰ 24 ਘੰਟੇ ਬਿਜਲੀ ਦੇ ਰਹੀ ਹੈ। ਬਿਜਲੀ ਮੰਤਰੀ ਆਤਿਸ਼ੀ ਨੇ ਕਿਹਾ ਕਿ ਇਸ ਸਮੇਂ ਦਿੱਲੀ ਨੂੰ ਤੇਜ਼ ਗਰਮ ਹਵਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ 21 ਮਈ ਨੂੰ ਬਿਜਲੀ ਦੀ ਮੰਗ 7717 ਮੈਗਾਵਾਟ ਤੱਕ ਪਹੁੰਚ ਗਈ। ਗਰਮੀ ਅਤੇ ਭਾਰੀ ਮੰਗ ਦੇ ਬਾਵਜੂਦ ਦਿੱਲੀ ਵਿੱਚ ਬਿਜਲੀ ਸਪਲਾਈ ਵਿੱਚ ਕੋਈ ਸਮੱਸਿਆ ਨਹੀਂ ਹੈ ਤੇ ਕਿਤੇ ਵੀ ਬਿਜਲੀ ਦੇ ਕੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਜੁਲਾਈ-ਅਗਸਤ ਵਿੱਚ ਹੁੰਮਸ ਭਰੀ ਗਰਮੀ ਕਾਰਨ ਬਿਜਲੀ ਦੀ ਖਪਤ ਵੱਧ ਜਾਂਦੀ ਹੈ ਪਰ ਇਸ ਵਾਰ ਮਈ ਵਿੱਚ ਹੀ ਮੰਗ ਕਾਫੀ ਵਧ ਗਈ ਹੈ। ਜੁਲਾਈ-ਅਗਸਤ ‘ਚ ਬਿਜਲੀ ਦੀ ਮੰਗ 8 ਹਜ਼ਾਰ ਮੈਗਾਵਾਟ ਤੱਕ ਪਹੁੰਚ ਸਕਦੀ ਹੈ ਅਤੇ ਦਿੱਲੀ ਸਰਕਾਰ ਇਸ ਲਈ ਪਹਿਲਾਂ ਹੀ ਤਿਆਰ ਹੈ।