ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਨਵੰਬਰ
ਅੱਜ ਤੜਕੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਇੱਕ ਵਿਅਕਤੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਕੀਤੇ ਜਾਣ ਤੋਂ ਪਹਿਲਾਂ ਉਦੋਂ ਉਸ ਥੜ੍ਹੇ ਉੱਪਰ ਛਾਲ ਮਾਰ ਕੇ ਚੜ੍ਹ ਗਿਆ ਜਦੋਂ ਪਵਿੱਤਰ ਬੀੜ ਦਾ ਪ੍ਰਕਾਸ਼ ਕੀਤੇ ਜਾਣ ਦੀ ਪ੍ਰਕਿਰਿਆ ਚੱਲ ਰਹੀ ਸੀ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਜਿਸ ਦੀ ਪਛਾਣ ਦਿੱਲੀ ਦੇ ਪਹਾੜਗੰਜ ਦੇ ਰਹਿਣ ਵਾਲੇ ਆਨੰਦ ਵਜੋਂ ਹੋਈ। ਉਹ ਮੂਲ ਰੂਪ ਵਿੱਚ ਤਾਮਿਲਨਾਡੂ ਦਾ ਰਹਿਣ ਵਾਲਾ ਹੈ।
ਜਾਣਕਾਰੀ ਅਨੁਸਾਰ ਉਕਤ ਵਿਅਕਤੀ ਤੜਕੇ ਅਚਾਨਕ ਥੜ੍ਹੇ ਕੋਲ ਆਇਆ ’ਤੇ ਉੱਪਰ ਲੇਟ ਗਿਆ। ਸੇਵਾਦਾਰਾਂ ਨੇ ਤੁਰੰਤ ਉਸ ਨੂੰ ਧੂਹ ਕੇ ਹੇਠਾਂ ਲਾਹਿਆ ਤੇ ਸਵੇਰੇ ਗੁਰਦੁਆਰਾ ਸਾਹਿਬ ਪੁੱਜੀ ਸੰਗਤ ਵਿੱਚੋਂ ਕਈ ਸ਼ਰਧਾਲੂਆਂ ਨੇ ਉਸ ਦੀ ਕੁੱਟਮਾਰ ਕੀਤੀ। ਸੂਚਨਾ ਮਿਲਣ ’ਤੇ ਸੰਸਦ ਮਾਰਗ ਥਾਣੇ ਦੀ ਪੁਲੀਸ ਵੀ ਮੌਕੇ ’ਤੇ ਪੁੱਜ ਗਈ ਤੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਇਸੇ ਦੌਰਾਨ ਘਟਨਾ ਦਾ ਪਤਾ ਲੱਗਦੇ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ, ਕਾਨੂੰਨੀ ਸੈੱਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਤੇ ਹੋਰ ਮੈਂਬਰ ਥਾਣੇ ਪੁੱਜੇ। ਮੁਲਜ਼ਮ ਖ਼ਿਲਾਫ਼ ਧਾਰਾ 295ਏ ਤੇ 323 ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਵੱਲੋਂ ਉਸ ਦੀ ਮਾਨਸਿਕ ਹਾਲਤ ’ਤੇ ਨਜ਼ਰ ਰੱਖੀ ਜਾ ਰਹੀ ਹੈ ਤੇ ਕਿਸੇ ਸਾਜ਼ਿਸ਼ ਦੇ ਕੋਣ ਤੋਂ ਵੀ ਮਾਮਲਾ ਘੋਖਿਆ ਜਾ ਰਿਹਾ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਘਟਨਾ ਦੀ ਨਿਖੇਧੀ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ’ਤੇ ਚੜ੍ਹਨ ਦੀ ਹਰਕਤ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਪਿੱਛੇ ਕੰੰਮ ਕਰਦੀਆਂ ਸ਼ਕਤੀਆਂ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ। ਇਹ ਘਟਨਾ ਬੇਹੱਦ ਮੰਦਭਾਗੀ ਹੈ ਅਤੇ ਸਰਕਾਰ ਨੂੰ ਮੁਲਜ਼ਮ ਤੋਂ ਸਖ਼ਤੀ ਨਾਲ ਪੁੱਛ-ਪੜਤਾਲ ਕਰਨੀ ਚਾਹੀਦੀ ਹੈ।