ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਅਪਰੈਲ
ਰਾਸ਼ਟਰੀ ਰਾਜਧਾਨੀ ਵਿੱਚ ਇੱਕ ਫਰਨੀਚਰ ਬਣਾਉਣ ਵਾਲੀ ਫੈਕਟਰੀ ਵਿੱਚ ਮੰਗਲਵਾਰ ਦੁਪਹਿਰ ਨੂੰ ਅੱਗ ਲੱਗ ਗਈ। ਫਾਇਰ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਕਰੀਬ 1.16 ਵਜੇ ਘਟਨਾ ਬਾਰੇ ਫ਼ੋਨ ਆਇਆ। ਉਨ੍ਹਾਂ ਦੱਸਿਆ ਕਿ 1/38, ਫਰਨੀਚਰ ਮਾਰਕੀਟ, ਕੀਰਤੀ ਨਗਰ, ਪੱਛਮੀ ਦਿੱਲੀ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ 15 ਫਾਇਰ ਟੈਂਡਰਾਂ ਨੂੰ ਤੁਰੰਤ ਸੇਵਾ ਵਿੱਚ ਲਗਾਇਆ ਗਿਆ। ਦਿੱਲੀ ਫਾਇਰ ਸਰਵਿਸ ਦੇ ਮੁਖੀ ਅਤੁਲ ਗਰਗ ਨੇ ਦੱਸਿਆ ਕਿ ਹਾਲੇ ਤੱਕ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ, ਜਿਸ ਤੋਂ ਬਾਅਦ ਫਾਇਰ ਵਿਭਾਗ ਨੇ ਫਾਇਰ ਬ੍ਰਿਗੇਡ ਦੀਆਂ 7 ਹੋਰ ਗੱਡੀਆਂ ਨੂੰ ਮੌਕੇ ’ਤੇ ਪਹੁੰਚਾਇਆ। ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਇਸ ਸਮੇਂ ਫਾਇਰ ਬ੍ਰਿਗੇਡ ਦੀਆਂ 22 ਗੱਡੀਆਂ ਅੱਗ ’ਤੇ ਕਾਬੂ ਪਾ ਰਹੀਆਂ ਹਨ। ਇਹ ਘਟਨਾ ਦੱਖਣੀ ਦਿੱਲੀ ਦੇ ਉਪਹਾਰ ਸਿਨੇਮਾ ਹਾਲ ਵਿੱਚ ਅੱਗ ਲੱਗਣ ਦੇ ਦੋ ਦਿਨ ਬਾਅਦ ਵਾਪਰੀ ਹੈ। ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਜਾਂ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਗਰਮੀ ਦਾ ਕਹਿਰ ਵਧਣ ਦੇ ਨਾਲ ਹੀ ਕੌਮੀ ਰਾਜਧਾਨੀ ਦਿੱਲੀ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਆਏ ਦਿਨ ਵਾਪਰਦੀਆਂ ਰਹਿੰਦੀਆਂ ਹਨ। ਅੱਗ ਦੀ ਲਪੇਟ ਵਿੱਚ ਫੈਕਟਰੀਆਂ, ਦਫ਼ਤਰ, ਗੋਦਾਮ ਤੇ ਘਰ ਆਮ ਹੀ ਆ ਰਹੇ ਹਨ। ਅੱਗ ਬੁਝਾਊ ਵਿਭਾਗ ਮੁਤਾਬਕ ਬਿਜਲੀ ਦੀ ਚਿੰਗਾੜੀ ਜਾਂ ਲਾਪ੍ਰਵਾਹੀ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਇਨ੍ਹਾਂ ਦਿਨਾਂ ਵਿੱਚ ਆਮ ਵਾਪਰਦੀਆਂ ਹਨ।