ਨਵੀਂ ਦਿੱਲੀ, 21 ਅਪਰੈਲ
ਕੌਮੀ ਰਾਜਧਾਨੀ ਵਿੱਚ ਰਾਜਘਾਟ ਦੇ ਨੇੜੇ ਜੰਗਲੀ ਇਲਾਕੇ ਵਿੱਚ ਵੀਰਵਾਰ ਨੂੰ ਦੁਪਹਿਰ ਸਮੇਂ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਅਧਿਕਾਰੀਆਂ ਦੇ ਮੁਤਾਬਕ ਅੱਗ ’ਤੇ ਕਾਬੂ ਪਾਉਣ ਲਈ ਵਿਭਾਗ ਦੀਆਂ ਕਰੀਬ ਅੱਠ ਗੱਡੀਆਂ ਮੌਕੇ ’ਤੇ ਪੁੱਜੀਆਂ। ਉਨ੍ਹਾਂ ਨੇ ਦੱਸਿਆ ਕਿ ਦੁਪਹਿਰ ਸਵਾ ਦੋ ਵਜੇ ਤੱਕ ਅੱਗ ’ਤੇ ਕਾਬੂ ਪਾ ਲਿਆ ਸੀ ਅਤੇ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਅੱਗ ਲੱਗਣ ਦੀ ਇੱਕ ਹੋਰ ਘਟਨਾ ਪਹਾੜਗੰਜ ਇਲਾਕੇ ਵਿੱਚ ਵੀਰਵਾਰ ਰਾਤ ਨੂੰ ਵਾਪਰੀ। ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਘਟਨਾ ਵਿੱਚ ਟਰਾਂਸਪੋਰਟ ਕਾਰਪੋਰੇਸ਼ਨ (ਡੀਟੀਸੀ) ਦੀ ਬੱਸ ਸੜ ਸੁਆਹ ਹੋ ਗਈ। ਅਧਿਕਾਰੀਆਂ ਨੂੰ ਇਸ ਬਾਰੇ ਰਾਤ ਦੇ 9.20 ਵਜੇ ਸੂਚਨਾ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੂੰ ਮੌਕੇ ’ਤੇ ਭੇਜਿਆ ਗਿਆ। -ਪੀਟੀਆਈ