ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਅਵਤਾਰ ਸਿੰਘ ਹਿੱਤ ਦੀ ਅਗਵਾਈ ਹੇਠ ਦਫ਼ਤਰ ਵਿੱਚ ਮੁੜ ਕਬਜ਼ਾ ਕਰਨ ਉਪਰੰਤ ਸ਼ੁਕਰਾਨੇ ਦੀ ਅਰਦਾਸ ਤੇ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਆਰੰਭ ਕਰਵਾਇਆ ਗਿਆ ਸੀ, ਜਿਸ ਦਾ ਅੱਜ ਭੋਗ ਪਾਇਆ ਗਿਆ। ਇਸ ਮੌਕੇ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਾਜ਼ਰੀ ਭਰੀ ਤੇ ਅਵਤਾਰ ਸਿੰਘ ਹਿੱਤ ਨੂੰ ਦਿੱਲੀ ਵਿੱਚ ਪਾਰਟੀ ਨੂੰ ਮੁੜ ਮਜ਼ਬੂਤ ਕਰਨ ਦੀ ਅਪੀਲ ਵੀ ਕੀਤੀ। ਬਾਦਲ ਨੇ ਕਿਹਾ ਕਿ ਬੀਤੇ ਸਮੇਂ ਵਿਚ ਪਾਰਟੀ ਵਲੋਂ ਜੋ ਗਲਤੀਆਂ ਹੋਈਆਂ, ਉਸ ’ਤੇ ਵਿਚਾਰ-ਵਟਾਂਦਰਾ ਕਰਨ ਮਗਰੋਂ ਜਥੇਦਾਰ ਅਵਤਾਰ ਹਿੱਤ ਨੂੰ ਮੁੜ ਤੋਂ ਦਿੱਲੀ ਵਿੱਚ ਪਾਰਟੀ ਦੀ ਵਾਂਗਡੋਰ ਸੌਂਪੀ ਗਈ ਹੈ, ਇਸ ਤੋਂ ਪਹਿਲਾਂ ਵੀ ਕਈ ਵਾਰ ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਹੈ। ਉਨ੍ਹਾਂ ਕੋਲ ਤਜਰਬਾ ਵੀ ਹੈ ਅਤੇ ਵਫ਼ਾਦਾਰੀ ਵੀ ਹੈ, ਜਿਸ ਦੇ ਚਲਦੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਪਾਰਟੀ ਨੂੰ ਪੂਰਾ ਵਿਸ਼ਵਾਸ ਹੈ ਕਿ ਜਥੇਦਾਰ ਹਿੱਤ ਪਾਰਟੀ ਨੂੰ ਬੁਲੰਦੀਆਂ ’ਤੇ ਲੈ ਕੇ ਜਾਣਗੇ।
ਸ੍ਰੀ ਅਖੰਡ ਪਾਠ ਦੀ ਸਮਾਪਤੀ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਅਤੇ ਜਾਗੋ ਦੇ ਨੁਮਾਇੰਦਿਆਂ ਨੇ ਵੀ ਹਾਜ਼ਰੀ ਭਰੀ। ਗੁਰਮੀਤ ਸਿੰਘ ਸ਼ੰਟੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਪੰਥਕ ਮਸਲਿਆਂ ’ਤੇ ਕਦੇ ਰਾਜਨੀਤੀ ਨਹੀਂ ਕਰਦੀ, ਅੱਜ ਕੁਝ ਗੱਦਾਰਾਂ ਕਰਕੇ ਇਹ ਮੁਸ਼ਕਲ ਆਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਰਤ ਵਿਚ ਉਨ੍ਹਾਂ ਦੇ ਦਫ਼ਤਰ ਵਿਚ ਸਰਕਾਰੀ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ।