ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਜੂਨ
ਦਿੱਲੀ-ਉੱਤਰ ਪ੍ਰਦੇਸ਼ ਦੀ ਹੱਦ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਮੋਰਚੇ ਦੇ ਆਗੂਆਂ ਵੱਲੋਂ ਰੁਦਰਪੁਰ (ਸ਼ਹੀਦ ਊਧਮ ਸਿੰਘ ਨਗਰ, ਉੱਤਰਾਖੰਡ) ਵਿੱਚ ਦੋ ਕਿਸਾਨਾਂ ਦੇ ਹੋਏ ਕਤਲ ਦੇ ਮਾਮਲੇ ਵਿੱਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਸਥਾਨਕ ਪੁਲੀਸ ਅਤੇ ਪ੍ਰਸ਼ਾਸਨ ਤੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਮੋਰਚੇ ਦੇ ਬੁਲਾਰੇ ਜਗਤਾਰ ਸਿੰਘ ਬਾਜਵਾ, ਪ੍ਰਬੰਧਕ ਬਲਜਿੰਦਰ ਸਿੰਘ ਮਾਨ ਤੇ ਹੋਰ ਆਗੂਆਂ ਨੇ ਪੀੜਤ ਪਰਿਵਾਰ ਦੇ ਅਜੀਤ ਸਿੰਘ ਨੂੰ ਹੌਸਲਾ ਦਿੱਤਾ ਤੇ ਮੋਰਚੇ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਕਿਸਾਨ ਆਗੂ ਸਿਤਾਰਗੰਜ ਦੇ ਮ੍ਰਿਤਕ ਕਿਸਾਨ ਸੁਖਚੈਨ ਸਿੰਘ ਦੇ ਘਰ ਵੀ ਪੁੱਜੇ ਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਸੰਯੁਕਤ ਕਿਸਾਨ ਮੋਰਚੇ ਵੱਲੋਂ ਹੁਣ ਉੱਤਰਾਖੰਡ ਤੇ ਉੱਤਰ ਪ੍ਰਦੇਸ਼ ਵੱਲ ਤਿਆਰੀ ਖਿੱਚੀ ਜਾ ਰਹੀ ਹੈ ਤੇ ਅਗਲੇ ਦਿਨਾਂ ਵਿੱਚ ਮੁਜੱਫ਼ਰਨਗਰ ਵਿੱਚ ਵੱਡੀ ਰੈਲੀ ਕਰਨ ਦੀ ਯੋਜਨਾ ਵੀ ਹੈ।
ਸਿਆਸੀ ਲੋਕਾਂ ਨੂੰ ਕਿਸਾਨਾਂ ਦੀ ਚਿੰਤਾ ਨਹੀਂ: ਕਾਦੀਆਂ
ਨਵੀਂ ਦਿੱਲੀ (ਪੱਤਰ ਪ੍ਰੇਰਕ); ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਭਾਵੇਂ ਵਿਧਾਨ ਸਭਾ ਚੋਣਾਂ ਅਗਲੇ ਸਾਲ ਹੋਣੀਆਂ ਹਨ, ਪਰ ਕੁਝ ਲੋਕ ਆਪਣੇ ਫ਼ਾਇਦੇ ਲਈ ਹੁਣ ਤੋਂ ਹੀ ਕਮਰ ਕੱਸੀ ਬੈਠੇ ਹਨ ਜਦਕਿ ਉਨ੍ਹਾਂ ਨੂੰ ਕਿਸਾਨਾਂ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਵੋਟਰ ਸਿਆਸੀ ਲੀਡਰਾਂ ਨੂੰ ਸਪੱਸ਼ਟ ਤੌਰ ’ਤੇ ਕਹਿ ਦੇਣ ਕਿ ਜਿੰਨਾ ਚਿਰ ਤੱਕ ਦਿੱਲੀ ਵਿੱਚ ਚੱਲਦੇ ਸੰਘਰਸ਼ ਦਾ ਕੋਈ ਫ਼ੈਸਲਾ ਨਹੀਂ ਹੁੰਦਾ, ਓਨਾ ਚਿਰ ਉਹ ਪਿੰਡਾਂ ਜਾਂ ਸ਼ਹਿਰਾਂ ਵਿੱਚ ਜਾ ਕੇ ਲੋਕਾਂ ਤੋਂ ਵੋਟਾਂ ਮੰਗਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਜੇਕਰ ਅੰਨਦਾਤਾ ਹੀ ਅੰਦੋਲਨ ’ਤੇ ਬੈਠਾ ਹੈ ਤਾਂ ਦੇਸ਼ ਦੇ ਆਰਥਿਕ ਅਤੇ ਸਮਾਜਿਕ ਹਾਲਾਤ ਬਾਰੇ ਕੋਈ ਵੀ ਆਸਾਨੀ ਨਾਲ ਅੰਦਾਜ਼ਾ ਲਾ ਸਕਦਾ ਹੈ।