ਨਵੀਂ ਦਿੱਲੀ, 19 ਅਪਰੈਲ
ਉੱਤਰੀ ਪੱਛਮੀ ਦਿੱਲੀ ਦੇ ਹਿੰਸਾ ਪ੍ਰਭਾਵਿਤ ਜਹਾਂਗੀਰਪੁਰੀ ਇਲਾਕੇ ਵਿੱਚ ਸਥਿਤੀ ਆਮ ਵਾਂਗ ਹੋਣ ਤੱਕ ਸੁਰੱਖਿਆ ਕਰਮੀਆਂ ਦੀ ਭਾਰੀ ਤਾਇਨਾਤੀ ਜਾਰੀ ਰਹੇਗੀ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਸ਼ਨਿਚਰਵਾਰ ਨੂੰ ਜਹਾਂਗੀਰਪੁਰੀ ਇਲਾਕੇ ‘ਚ ਹਨੂੰਮਾਨ ਜੈਅੰਤੀ ਦੀ ਸ਼ੋਭਾ ਯਾਤਰਾ ਦੌਰਾਨ ਦੋ ਭਾਈਚਾਰਿਆਂ ਵਿਚਾਲੇ ਝੜਪ ਹੋ ਗਈ, ਜਿਸ ‘ਚ 8 ਪੁਲੀਸ ਕਰਮਚਾਰੀ ਅਤੇ ਇਕ ਸਥਾਨਕ ਵਿਅਕਤੀ ਜ਼ਖਮੀ ਹੋ ਗਿਆ। ਪੁਲੀਸ ਅਨੁਸਾਰ ਝੜਪ ਦੌਰਾਨ ਪਥਰਾਅ ਅਤੇ ਅੱਗਜ਼ਨੀ ਦੀਆਂ ਘਟਨਾਵਾਂ ਹੋਈਆਂ ਅਤੇ ਵਾਹਨਾਂ ਨੂੰ ਵੀ ਅੱਗ ਲਗਾ ਦਿੱਤੀ ਗਈ।