ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਮਈ
ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ ਕਿ ਦਿੱਲੀ ਮਿਉਂਸਿਪਲ ਕਾਰਪੋਰੇਸ਼ਨ ਸਕੂਲ ਵਿੱਚ ਇੱਕ ਵਿਅਕਤੀ ਦਾਖ਼ਲ ਹੋਇਆ ਅਤੇ ਉਸ ਨੇ ਦੋ ਲੜਕੀਆਂ ਦਾ ਕਥਿਤ ਜਿਣਸੀ ਸ਼ੋਸ਼ਣ ਕੀਤਾ। ਮਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪੁਲੀਸ ਨੂੰ ਨੋਟਿਸ ਜਾਰੀ ਕਰਕੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਲਈ ਕਿਹਾ ਹੈ। ਇਹ ਘਟਨਾ ਬੀਤੀ 30 ਅਪਰੈਲ ਦੀ ਹੈ। ਉਨ੍ਹਾਂ ਕਿਹਾ ਕਿ ਸਵੇਰ ਦੀ ਅਸੈਂਬਲੀ ਤੋਂ ਮਗਰੋਂ ਇੱਕ ਅਣਪਛਾਤਾ ਕਲਾਸਰੂਮ ਵਿੱਚ ਦਾਖ਼ਲ ਹੋਇਆ ਅਤੇ ਉਸ ਨੇ ਕਥਿਤ ਤੌਰ ’ਤੇ ਦੋ ਲੜਕੀਆਂ ਦੇ ਕੱਪੜੇ ਉਤਾਰ ਅਤੇ ਦਰਵਾਜ਼ਾ ਬੰਦ ਕਰ ਕੇ ਉਨ੍ਹਾਂ ਦੇ ਸਾਹਮਣੇ ਪਿਸ਼ਾਬ ਕਰ ਦਿੱਤਾ। ਜਦੋਂ ਵਿਦਿਆਰਥਣਾਂ ਨੇ ਅਧਿਆਪਕ ਤੇ ਪ੍ਰਿੰਸੀਪਲ ਨੂੰ ਘਟਨਾ ਬਾਰੇ ਦੱਸਿਆ ਤਾਂ ਉਨ੍ਹਾਂ ਨੂੰ ਚੁੱਪ ਕਰਵਾ ਦਿੱਤਾ ਗਿਆ। ਮਾਲੀਵਾਲ ਨੇ ਕਿਹਾ, ‘ਮੈਂ ਪੁਲੀਸ ਨੂੰ ਨੋਟਿਸ ਜਾਰੀ ਕੀਤਾ ਹੈ। ਐਮਸੀਡੀ ਕਮਿਸ਼ਨਰ ਨੂੰ ਵੀ ਤਲਬ ਕੀਤਾ ਗਿਆ ਹੈ। ਜਵਾਬਦੇਹੀ ਯਕੀਨੀ ਹੋਣੀ ਚਾਹੀਦੀ ਹੈ।’