ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 18 ਅਗਸਤ
ਰਾਜਸਥਾਨ ਦੇ ਜਲੌਰ ਵਿੱਚ ਇਕ ਦਲਿਤ ਬੱਚੇ ਨੂੰ ਘੜੇ ਵਿੱਚੋਂ ਪਾਣੀ ਪਿਲਾ ਕੇ ਕੁੱਟ-ਕੁੱਟ ਕੇ ਮਾਰਨ ਦੇ ਵਿਰੋਧ ਵਿੱਚ ਕਾਂਗਰਸ ਹੈੱਡਕੁਆਰਟਰ ’ਤੇ ਆਮ ਆਦਮੀ ਪਾਰਟੀ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਦੀਪ ਕੁਮਾਰ ਨੇ ਕਿਹਾ ਕਿ ਰਾਜਸਥਾਨ ਦੇ ਅੰਦਰ ਜਾਤੀਵਾਦ ਕਾਰਨ ਦਲਿਤ ਬੱਚੇ ਦਾ ਕਤਲ ਕੀਤਾ ਗਿਆ ਹੈ ਤੇ ਇਸ ਸਬੰਧੀ ਗਹਿਲੋਤ ਸਰਕਾਰ ਅਸਤੀਫ਼ਾ ਦੇਵੇ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਦਲਿਤਾਂ ਵਿਰੁੱਧ ਅਪਰਾਧਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਜਪਾ-ਕਾਂਗਰਸ ਦੀਆਂ ਸਰਕਾਰਾਂ ਵਿੱਚ ਦਲਿਤਾਂ ’ਤੇ ਜ਼ੁਲਮ ਹੋ ਰਹੇ ਹਨ।
ਵਿਧਾਇਕ ਵਿਨੈ ਮਿਸ਼ਰਾ ਨੇ ਕਿਹਾ ਕਿ ਰਾਜਸਥਾਨ ਵਿੱਚ ਕਾਨੂੰਨ ਆਪਣਾ ਕੰਮ ਨਹੀਂ ਕਰ ਰਿਹਾ ਹੈ। ਜੇ ਕਾਨੂੰਨ ਨੇ ਆਪਣੀ ਕਾਰਵਾਈ ਕੀਤੀ ਹੁੰਦੀ ਤਾਂ ਇਸ ਤਰ੍ਹਾਂ ਦੀ ਘਟਨਾ ਨਾ ਵਾਪਰਦੀ। ਵਿਧਾਇਕ ਵਿਸ਼ਾਲ ਰਵੀ ਨੇ ਕਿਹਾ ਕਿ ਰਾਜਸਥਾਨ ਵਿੱਚ ਦਲਿਤ ਵਿਰੋਧੀ ਸਰਕਾਰ ਹੈ, ਇਸ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ। ਆਮ ਆਦਮੀ ਪਾਰਟੀ ਦੇ ਐੱਸਸੀ, ਐੱਸਟੀ ਵਿੰਗ ਨੇ ਅੱਜ ਕਾਂਗਰਸ ਹੈੱਡਕੁਆਰਟਰ ਦਾ ਘਿਰਾਓ ਕੀਤਾ। ਇਸ ਦੌਰਾਨ ਕਾਂਗਰਸ ਦੀ ਰਾਜਸਥਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।
ਇਸ ਦੇ ਨਾਲ ਹੀ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ, ਮ੍ਰਿਤਕਾਂ ਦੇ ਵਾਰਸਾਂ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਗਈ। ਪਾਰਟੀ ਦੇ ਐੱਸਸੀ, ਐੱਸਟੀ ਵਿੰਗ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਤੇ ਵਿਧਾਇਕ ਕੁਲਦੀਪ ਕੁਮਾਰ ਨੇ ਕਿਹਾ ਕਿ ਗਹਿਲੋਤ ਸਰਕਾਰ ਅਸਤੀਫ਼ਾ ਦੇਵੇ। ਉਨ੍ਹਾਂ ਕਿਹਾ ਕਿ ਯੂਪੀ ਦੀ ਯੋਗੀ ਸਰਕਾਰ ਤੋਂ ਲੈ ਕੇ ਰਾਜਸਥਾਨ ਦੀ ਗਹਿਲੋਤ ਸਰਕਾਰ ਤੱਕ ਦਲਿਤਾਂ ’ਤੇ ਅੱਤਿਆਚਾਰ ਹੋ ਰਹੇ ਹਨ।
ਵਿਧਾਇਕ ਵਿਨੈ ਮਿਸ਼ਰਾ ਨੇ ਕਿਹਾ ਕਿ ਉਹ ਉਸ ਬੱਚੇ ਲਈ ਇਨਸਾਫ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।ਜੇ ਕਾਨੂੰਨ ਕੰਮ ਕਰਦਾ ਤਾਂ ਇਸ ਤਰ੍ਹਾਂ ਦੀ ਘਟਨਾ ਨਾ ਵਾਪਰਦੀ। ਹੁਣ ਜੈਪੁਰ ਵਿੱਚ ਇੱਕ ਔਰਤ ਨੂੰ ਜ਼ਿੰਦਾ ਸਾੜ ਦਿੱਤਾ ਗਿਆ। ਵਿਧਾਇਕ ਵਿਸ਼ੇਸ਼ ਰਵੀ ਨੇ ਕਿਹਾ ਕਿ ਰਾਜਸਥਾਨ ਦੇ ਅੰਦਰ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ।
ਉਸ ਅਧਿਆਪਕ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਸਮਾਜ ਦੇ ਲੋਕ ਮੀਟਿੰਗ ਕਰ ਰਹੇ ਹਨ ਤਾਂ ਫਿਰ ਸੂਬਾ ਸਰਕਾਰ ਕੀ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਰਾਜਸਥਾਨ ਵਿੱਚ ਦਲਿਤ ਵਿਰੋਧੀ ਸਰਕਾਰ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ।