ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 31 ਜੁਲਾਈ
ਆਮ ਆਦਮੀ ਪਾਰਟੀ ਦੇ ਕਾਰਕੁਨਾਂ ਨੇ ਐਤਵਾਰ ਨੂੰ ਭਾਜਪਾ ਸ਼ਾਸਿਤ ਐੱਮਸੀਡੀ ਵੱਲੋਂ ਹਾਊਸ ਟੈਕਸ ਨੂੰ ਦੁੱਗਣਾ ਕਰਨ ਦੇ ਵਿਰੋਧ ਵਿੱਚ ਭਾਜਪਾ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਐੱਮਸੀਡੀ ਦੇ ਇੰਚਾਰਜ ਅਤੇ ਵਿਧਾਇਕ ਦੁਰਗੇਸ਼ ਪਾਠਕ ਦੀ ਅਗਵਾਈ ਵਿੱਚ ਕੀਤਾ ਗਿਆ। ਵਰਦੇ ਮੀਂਹ ’ਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਭਾਜਪਾ ਦੇ ਕੌਮੀ ਹੈੱਡਕੁਆਰਟਰ ਮੂਹਰੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪੁਲੀਸ ਨੇ ‘ਆਪ’ ਵਰਕਰਾਂ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ।ਪ੍ਰਦਰਸ਼ਨਕਾਰੀਆਂ ਨੇ ਭਾਜਪਾ ਤੋਂ ਹਾਊਸ ਟੈਕਸ ਵਧਾਉਣ ਦਾ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ ਹੈ। ‘ਆਪ’ ਆਗੂਆਂ ਨੇ ਦੱਸਿਆ ਕਿ ਵਿਰੋਧ ਦੇ ਬਾਵਜੂਦ ਭਾਜਪਾ ਦੇ ਲੋਕ ਕੋਈ ਜਵਾਬ ਦੇਣ ਤੋਂ ਟਾਲਾ ਵੱਟ ਰਹੇ ਹਨ। ‘ਆਪ’ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਚੱਲ ਰਹੀ ਭਾਜਪਾ ਸ਼ਾਸਿਤ ਐੱਮਸੀਡੀ ਪੂਰੀ ਦਿੱਲੀ ਵਿੱਚ ਅਰਾਜਕਤਾ ਦਾ ਮਾਹੌਲ ਫੈਲਾ ਰਹੀ ਹੈ।
ਵਿਧਾਇਕ ਅਤੇ ਐੱਮਸੀਡੀ ਇੰਚਾਰਜ ਦੁਰਗੇਸ਼ ਪਾਠਕ ਨੇ ਕਿਹਾ ਕਿ ਅੱਜ ਇੰਨੀ ਭਾਰੀ ਬਰਸਾਤ ਵਿੱਚ ਵੀ ਸਾਨੂੰ ਧਰਨਾ ਜਾਰੀ ਰੱਖਣਾ ਪੈ ਰਿਹਾ ਹੈ ਕਿਉਂਕਿ ਇਹ ਮੁੱਦਾ ਬਹੁਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸ੍ਰੀ ਮੋਦੀ ਨੇ ਐੱਮਸੀਡੀ ਨੂੰ ਆਪਣੇ ਅਧੀਨ ਲਿਆ ਹੈ, ਉਦੋਂ ਤੋਂ ਅਜਿਹਾ ਵਿਵਹਾਰ ਕਰ ਰਹੇ ਹਨ, ਜਿਵੇਂ ਦਿੱਲੀ ਦੇ ਲੋਕਾਂ ਨਾਲ ਕੋਈ ਦੁਸ਼ਮਣੀ ਕੱਢ ਰਹੇ ਹੋਣ।
ਉਨ੍ਹਾਂ ਕਿਹਾ ਕਿ ਮਨੋਜ ਤਿਵਾੜੀ ਨੇ ਕਿਹਾ ਸੀ ਕਿ ਦਿੱਲੀ ਵਿੱਚ ਨਾ ਤਾਂ ਨਵਾਂ ਟੈਕਸ ਲਗਾਇਆ ਜਾਵੇਗਾ ਅਤੇ ਨਾ ਹੀ ਕੋਈ ਪੁਰਾਣਾ ਟੈਕਸ ਵਧਾਇਆ ਜਾਵੇਗਾ ਪਰ ਹੁਣ ਭਾਜਪਾ ਆਗੂ ਆਪਣੇ ਵਾਅਦਿਆਂ ਤੋਂ ਮੁਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰੀ ਦਿੱਲੀ ਵਿੱਚ ਦਸਤਖਤ ਮੁਹਿੰਮ ਚਲਾਈ ਜਾਵੇਗੀ।
ਬੁਰਾੜੀ ਤੋਂ ‘ਆਪ’ ਵਿਧਾਇਕ ਸੰਜੀਵ ਝਾਅ ਨੇ ਕਿਹਾ ਕਿ ਭਾਜਪਾ ਸ਼ਾਸਿਤ ਐੱਮਸੀਡੀ ਪੂਰੀ ਦਿੱਲੀ ’ਚ ਅਰਾਜਕਤਾ ਦਾ ਮਾਹੌਲ ਪੈਦਾ ਕਰ ਰਹੀ ਹੈ। ਹਾਊਸ ਟੈਕਸ ਦੁੱਗਣਾ ਕਰ ਦਿੱਤਾ ਗਿਆ ਹੈ। ਕੂੜੇ ਦੇ ਨਾਂ ’ਤੇ ਛੋਟੀਆਂ ਦੁਕਾਨਾਂ ਤੋਂ ਟੈਕਸ ਵਸੂਲੇ ਜਾ ਰਹੇ ਹਨ। ਭ੍ਰਿਸ਼ਟਾਚਾਰ ਤਹਿਤ ਸਾਰਾ ਪੈਸਾ ਭਾਜਪਾ ਆਗੂਆਂ ਦੀਆਂ ਜੇਬਾਂ ਵਿੱਚ ਜਾ ਰਿਹਾ ਹੈ। ਕਿਰਾੜੀ ਤੋਂ ‘ਆਪ’ ਦੇ ਵਿਧਾਇਕ ਰਿਤੂਰਾਜ ਗੋਵਿੰਦ ਨੇ ਕਿਹਾ ਕਿ ਦਿੱਲੀ ਵਿੱਚ ਹਾਊਸ ਟੈਕਸ ਦੁੱਗਣਾ ਕਰਨਾ ਬੇਇਨਸਾਫ਼ੀ ਹੈ। ਆਮ ਆਦਮੀ ਪਾਰਟੀ ਤੋਂ ਆਜ਼ਾਦਪੁਰ ਮੰਡੀ ਦੇ ਚੇਅਰਮੈਨ ਆਦਿਲ ਅਹਿਮਦ ਨੇ ਕਿਹਾ ਕਿ ਜਦੋਂ ਪੂਰਾ ਦੇਸ਼ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਭਿਆਨਕ ਦੌਰ ਵਿੱਚੋਂ ਲੰਘ ਰਿਹਾ ਹੈ, ਉਸ ਸਮੇਂ ਭਾਜਪਾ ਨੇ ਹਾਊਸ ਟੈਕਸ ਨੂੰ ਦੁੱਗਣਾ ਕਰਕੇ ਦਿੱਲੀ ਦੇ ਲੋਕਾਂ ’ਤੇ ਜ਼ੁਲਮ ਅਤੇ ਅੱਤਿਆਚਾਰ ਕੀਤੇ ਹਨ।