ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਨਵੰਬਰ
ਦੇਸ਼ ਦੇ ਗ੍ਰਹਿ ਮੰਤਰੀ ਵੱਲੋਂ ਕਿਸਾਨਾਂ ਨਾਲ ਸ਼ਰਤਾਂ ਤਹਿਤ ਗੱਲਬਾਤ ਕਰਨ ਦੇ ਦਿੱਤੇ ਸੱਦੇ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਗੱਲ ਮੰਨਣ ਦੀ ਕੀਤੀ ਗਈ ਅਪੀਲ ’ਤੇ ਆਮ ਆਦਮੀ ਪਾਰਟੀ ਨੇ ਵਿਰੋਧ ਪ੍ਰਗਟਾਇਆ ਹੈ। ‘ਆਪ’ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨ ਵਿਰੋਧੀ ਮੁੱਖ ਮੰਤਰੀ ਦੱਸਿਆ। ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਮੁੱਖ ਮੰਤਰੀ ਦੇ ਤੌਰ ’ਤੇ ਨਹੀਂ ਸਗੋਂ ਭਾਜਪਾ ਦੇ ਮੁੱਖ ਮੰਤਰੀ ਵਜੋਂ ਕੰਮ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਕ ਰਿਸ਼ਤਾ ਹੈ, ਜਿਸ ਦੇ ਚਲਦਿਆਂ ਉਹ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੀ ਭਾਜਪਾ ਦੀ ਹਰਿਆਣਾ ਅਤੇ ਕੇਂਦਰ ਦੀ ਮੋਦੀ ਸਰਕਾਰ ਦੀ ਤਰ੍ਹਾਂ ਹੀ ਕਿਸਾਨਾਂ ਦੇ ਅੰਦੋਲਨ ਨੂੰ ਖਤਮ ਕਰਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕਾਲੇ ਕਾਨੂੰਨ ਲਿਆਉਣ ਸਬੰਧੀ ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਇਹ ਵਾਅਦਾ ਕੀਤਾ ਸੀ ਕਿ ਅਜਿਹੇ ਕਾਨੂੰਨ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਜਦੋਂ ਇਨ੍ਹਾਂ ਕਾਨੂੰਨਾਂ ਸਬੰਧੀ ਕੇਂਦਰ ਸਰਕਾਰ ਵੱਲੋਂ ਹਾਈਪਾਵਰ ਕਮੇਟੀ ਬਣਾਈ ਗਈ ਤਾਂ ਉਸ ਵਿਚ ਕੈਪਟਨ ਸਰਕਾਰ ਆਪਣੀ ਸਹਿਮਤੀ ਦੇ ਕੇ ਆਏ ਸੀ ਕਿ ਅਸੀਂ ਇਨ੍ਹਾਂ ਕਾਨੂੰਨਾਂ ਦੇ ਨਾਲ ਹਾਂ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖੇਤੀ ਵਿਰੋਧੀ ਬਿੱਲ ਲੈ ਕੇ ਪਹਿਲੇ ਦਿਨ ਤੋਂ ਹੀ ਦੋਗਲੀ ਨੀਤੀ ਹੇਠ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਜਥੇਬੰਦੀਆਂ ਵੱਲੋਂ 26 ਨਵੰਬਰ ਨੂੰ ਦਿੱਲੀ ਚੱਲੋ ਦਾ ਸੱਦਾ ਦਿੱਤਾ ਗਿਆ ਸੀ ਤਾਂ ਕੈਪਟਨ ਅਮਰਿੰਦਰ ਸਿੰਘ ਜੇਕਰ ਉਨ੍ਹਾਂ ਦੀ ਅਗਵਾਈ ਕਰਦੇ ਤਾਂ ਕਿਸੇ ਦੀ ਹਿੰਮਤ ਨਹੀਂ ਸੀ ਕਿ ਕਿਸਾਨਾਂ ’ਤੇ ਅੱਤਿਆਚਾਰ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਆਪਣੀ ਵਫ਼ਾਦਾਰੀ ਨਿਭਾਅ ਰਹੇ ਹਨ ਅਤੇ ਪੰਜਾਬ ਦੇ ਕਿਸਾਨਾਂ ਨੂੰ ਲਾਵਾਰਸ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਕਿਸਾਨਾਂ ਨੂੰ ਹਰ ਸੰਭਵ ਲੋੜਾਂ ਨੂੰ ਪੂਰਾ ਕਰਨ ਲਈ ਅਹਿਮ ਭੂਮਿਕਾ ਨਿਭਾਅ ਰਹੀ ਹੈ।