AAP ਦਾ ਵਫ਼ਦ ਦਿੱਲੀ ਦੇ ਮੁੱਖ ਚੋਣ ਕਮਿਸ਼ਨਰ ਨੂੰ ਮਿਲਿਆ
ਐੱਸ ਆਈ ਆਰ ਪ੍ਰਕਿਰਿਆ ਦੌਰਾਨ ਵੋਟਰਾਂ ਦੇ ਨਾਂ ਹਟਾਏ ਜਾਣ ਦਾ ਮੁੱਦਾ ਚੁੱਕਿਆ
ਆਮ ਆਦਮੀ ਪਾਰਟੀ ਦਾ ਵਫ਼ਦ ਦਿੱਲੀ ਦੇ ਮੁੱਖ ਚੋਣ ਕਮਿਸ਼ਨਰ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਮਿਲਿਆ, ਜਿਸ ਵਿੱਚ ‘ਆਪ’ ਦੇ ਸੂਬਾ ਪ੍ਰਧਾਨ ਸੌਰਭ ਭਾਰਦਵਾਜ ਅਤੇ ਵਿਧਾਇਕ ਕੁਲਦੀਪ ਕੁਮਾਰ ਵੀ ਸ਼ਾਮਲ ਸਨ।
ਮੀਟਿੰਗ ਮਗਰੋਂ ਸੌਰਭ ਭਾਰਦਵਾਜ ਨੇ ਦੱਸਿਆ ਕਿ ਵਫ਼ਦ ਨੇ ਚੋਣ ਕਮਿਸ਼ਨ ਕੋਲ ਐੱਸ ਆਈ ਆਰ ਪ੍ਰਕਿਰਿਆ ਦੌਰਾਨ ਵੱਡੀ ਗਿਣਤੀ ਵਿੱਚ ਵੋਟਰਾਂ ਦੇ ਗਲਤ ਤਰੀਕੇ ਨਾਲ ਨਾਮ ਹਟਾਏ ਜਾਣ ਦਾ ਮੁੱਦਾ ਚੁੱਕਿਆ। ਖਾਸ ਤੌਰ ’ਤੇ ਉਨ੍ਹਾਂ ਵੋਟਰਾਂ ਦੇ ਮਾਮਲਿਆਂ ਬਾਰੇ ਚਿੰਤਾ ਪ੍ਰਗਟ ਕੀਤੀ ਜਿਨ੍ਹਾਂ ਨੂੰ ਬਿਨਾਂ ਕਿਸੇ ਵਾਜਿਬ ਕਾਰਨ ਦੇ ਵੋਟਰ ਸੂਚੀਆਂ ਤੋਂ ਹਟਾ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਚੋਣ ਕਮਿਸ਼ਨ ਨੂੰ ਕਈ ਅਹਿਮ ਸੁਝਾਅ ਦਿੱਤੇ। ਇਨ੍ਹਾਂ ਵਿੱਚੋਂ ਸਭ ਤੋਂ ਅਹਿਮ ਇਹ ਸੀ ਕਿ ਜਿਨ੍ਹਾਂ ਵੋਟਰਾਂ ਦੀਆਂ ਵੋਟਾਂ ‘ਸ਼ਿਫਟ’ ਵਜੋਂ ਚਿੰਨ੍ਹਿਤ ਕੀਤੀਆਂ ਗਈਆਂ ਸਨ ਅਤੇ ਹਟਾ ਦਿੱਤੀਆਂ ਗਈਆਂ ਸਨ, ਉਨ੍ਹਾਂ ਦਾ ਪੂਰਾ ਡੇਟਾ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਾਂਝਾ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਪਾਰਦਰਸ਼ਤਾ ਯਕੀਨੀ ਬਣਾਈ ਜਾ ਸਕੇ ਅਤੇ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਯੋਗ ਵੋਟਰ ਦੇ ਵੋਟ ਪਾਉਣ ਦੇ ਅਧਿਕਾਰ ਦੀ ਉਲੰਘਣਾ ਨਾ ਹੋਵੇ। ਉਨ੍ਹਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਨੇ ਵਫ਼ਦ ਦੇ ਸੁਝਾਵਾਂ ਦਾ ਸਕਾਰਾਤਮਕ ਜਵਾਬ ਦਿੱਤਾ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

