ਪੱਤਰ ਪ੍ਰੇਰਕ
ਨਵੀਂ ਦਿੱਲੀ, 2 ਸਤੰਬਰ
ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਉਪ ਰਾਜਪਾਲ ਵੀਕੇ ਸਕਸੈਨਾ ਦੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਸਬੰਧੀ ਹਦਾਇਤਾਂ ਕੀਤੀਆਂ ਜਾਣ ਤੇ ਉਨ੍ਹਾਂ ਨੂੰ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ। ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਲਕਾ ਜੀ ਤੋਂ ‘ਆਪ’ ਵਿਧਾਇਕਾ ਆਤਿਸ਼ੀ ਨੇ ਕਿਹਾ ਕਿ ਜਦੋਂ ਤੱਕ ਜਾਂਚ ਚੱਲ ਰਹੀ ਹੈ ਉਦੋਂ ਤੱਕ ਉਪ ਰਾਜਪਾਲ ਨੂੰ ਅਹੁਦੇ ਤੋਂ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਐਲਜੀ ਵੀਕੇ ਸਕਸੈਨਾ ਨੇ ਕੇਵੀਆਈਸੀ ਦੇ ਚੇਅਰਮੈਨ ਵਜੋਂ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਹੈ ਤੇ ਉਨ੍ਹਾਂ ਨੇ ਖਾਦੀ ਪ੍ਰੀਮੀਅਮ ਲੌਂਜ ਡਿਜ਼ਾਈਨ ਦਾ ਠੇਕਾ ਆਪਣੀ ਧੀ ਨੂੰ ਦਿਵਾਇਆ ਹੈ। ਜਦੋਂ ਕਿ ਕਾਨੂੰਨ ਅਨੁਸਾਰ ਉਸ ਸੰਸਥਾ ਦਾ ਕੋਈ ਵੀ ਅਧਿਕਾਰੀ ਆਪਣੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਠੇਕਾ ਨਹੀਂ ਦੇ ਸਕਦਾ। ਉਨ੍ਹਾਂ ਕਿਹਾ ਕਿ ਕੇਵੀਆਈਸੀ ਦੇ ਸਾਬਕਾ ਚੇਅਰਮੈਨ ਅਤੇ ਦਿੱਲੀ ਦੇ ਐੱਲਜੀ ਵਿਨੈ ਕੁਮਾਰ ਸਕਸੈਨਾ ਦੇ ਦਬਾਅ ਹੇਠ ਨੋਟਬੰਦੀ ਦੌਰਾਨ ਕਾਲੇ ਧਨ ਨੂੰ ਚਿੱਟਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੰਨਣਾ ਹੈ ਕਿ ਕੋਈ ਵਿਅਕਤੀ ਭਾਵੇਂ ਕਿੰਨੇ ਵੀ ਉੱਚੇ ਅਹੁਦੇ ‘ਤੇ ਬੈਠਾ ਹੋਵੇ, ਉਸ ਨੂੰ ਕਿਸੇ ਵੀ ਤਰ੍ਹਾਂ ਭ੍ਰਿਸ਼ਟਾਚਾਰ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ, ‘ਅਸੀਂ ਜਾਣਦੇ ਹਾਂ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਦਿੱਲੀ ਵਿੱਚ ਦੋ ਵਾਰ ਚੋਣ ਹਾਰ ਚੁੱਕੇ ਹਨ ਇਸ ਦਾ ਮਤਲਬ ਇਹ ਨਹੀਂ ਹੈ ਕਿ ਦਿੱਲੀ ਦੇ ਉਪ ਰਾਜਪਾਲ ਦੇ ਰੂਪ ਵਿੱਚ ਦਿੱਲੀ ਦੇ ਲੋਕਾਂ ਨਾਲ ਦੁਸ਼ਮਣੀ ਦਿਖਾਉਂਦੇ ਹੋਏ ਅਜਿਹੇ ਵਿਅਕਤੀ ਨੂੰ ਉਪ ਰਾਜਪਾਲ ਲਾਇਆ ਜਾਵੇ ਜਿਸ ’ਤੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹੋਣ’। ਉਨ੍ਹਾਂ ਕਿਹਾ ਕਿ ਉਪ ਰਾਜਪਾਲ ਨੂੰ ਅਹੁਦੇ ਤੋਂ ਹਟਾਇਆ ਜਾਵੇ।