ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਅਕਤੂਬਰ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭਾਜਪਾ ਉਪਰ ਅਧਿਕਾਰੀਆਂ ‘ਤੇ ਦਬਾਅ ਪਾ ਕੇ ‘ਆਪ’ ਸਰਕਾਰ ਦੇ ‘ਦਿੱਲੀ ਦੀ ਯੋਗਸ਼ਾਲਾ’ ਪ੍ਰੋਗਰਾਮ ਨੂੰ ਬੰਦ ਕਰਨ ਲਈ ਸਾਜ਼ਿਸ਼ ਘੜਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਕਤ ਪ੍ਰੋਗਰਾਮ ਨੂੰ ਜਾਰੀ ਰੱਖਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ ਤੇ ਮਨਜ਼ੂਰੀ ਲਈ ਫਾਈਲ ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ ਨੂੰ ਭੇਜ ਦਿੱਤੀ ਹੈ। ਸੂਤਰਾਂ ਨੇ ਕਿਹਾ ਕਿ ਸਿਸੋਦੀਆ ਨੇ ‘ਦਿੱਲੀ ਦੀ ਯੋਗਸ਼ਾਲਾ’ ਪ੍ਰੋਗਰਾਮ ਨੂੰ ਕਥਿਤ ਤੌਰ ‘ਤੇ ਬੰਦ ਕਰਨ ਦੀ ਕੋਸ਼ਿਸ਼ ਕਰਨ ਲਈ ਸਿਖਲਾਈ ਤੇ ਤਕਨੀਕੀ ਸਿੱਖਿਆ ਡਾਇਰੈਕਟੋਰੇਟ ਦੇ ਸਕੱਤਰ ਤੋਂ ਸਪੱਸ਼ਟੀਕਰਨ ਮੰਗਿਆ ਹੈ। ਕੇਜਰੀਵਾਲ ਨੇ ਪਿਛਲੇ ਸਾਲ 13 ਦਸੰਬਰ ਨੂੰ ਦਿੱਲੀ ਦੇ ਲੋਕਾਂ ਨੂੰ ਮੁਫਤ ਯੋਗ ਇੰਸਟ੍ਰਕਟਰ ਮੁਹੱਈਆ ਕਰਵਾਉਣ ਲਈ ਪ੍ਰੋਗਰਾਮ ਦਾ ਐਲਾਨ ਕੀਤਾ ਸੀ। ਵਰਤਮਾਨ ਵਿੱਚ 17,000 ਤੋਂ ਵੱਧ ਭਾਗੀਦਾਰਾਂ ਦੇ ਨਾਲ ਰੋਜ਼ਾਨਾ 590 ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਉਪ ਮੁੱਖ ਮੰਤਰੀ ਨੇ ਕਿਹਾ ਕਿ ‘ਦਿੱਲੀ ਦੀ ਯੋਗਸ਼ਾਲਾ’ ਪ੍ਰੋਗਰਾਮ ਲਗਭਗ ਡੇਢ ਸਾਲ ਪਹਿਲਾਂ ਸ਼ੁਰੂ ਕੀਤਾ ਗਿਆ ਸੀ। ਇਸ ਤਹਿਤ ਲਗਪਗ 600 ਮੁਫਤ ਯੋਗ ਕੈਂਪ ਲਗਾਏ ਗਏ ਸਨ ਤੇ ਲਗਪਗ 17,000 ਲੋਕਾਂ ਨੂੰ ਸਿੱਖਿਅਤ ਇੰਸਟ੍ਰਕਟਰਾਂ ਰਾਹੀਂ ਯੋਗ ਦੀ ਸਿਖਲਾਈ ਦਿੱਤੀ ਗਈ ਸੀ। ਸਿਸੋਦੀਆ ਨੇ ਪ੍ਰੈੱਸ ਕਾਨਫਰੰਸ ‘ਚ ਦੋਸ਼ ਲਾਇਆ ਕਿ ਭਾਜਪਾ ਨੇ ਅਧਿਕਾਰੀਆਂ ‘ਤੇ ਦਬਾਅ ਬਣਾਇਆ ਅਤੇ 1 ਨਵੰਬਰ ਤੋਂ ਇਸ ਪ੍ਰੋਗਰਾਮ ਨੂੰ ਬੰਦ ਕਰਨ ਦੀ ਸਾਜ਼ਿਸ਼ ਘੜੀ ਹੈ। ਸਿਸੋਦੀਆ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਇਸ ਪ੍ਰੋਗਰਾਮ ਨੂੰ ਬੰਦ ਨਹੀਂ ਕੀਤਾ ਜਾਣਾ ਚਾਹੀਦਾ ਤੇ ਯੋਗਸ਼ਾਲਾ ਪ੍ਰੋਗਰਾਮ ਦੀ ਫਾਈਲ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ ’ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੁਝ ਵੀ ਨਹੀਂ ਹੈ।