ਦਿੱਲੀ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ
ਨਵੀਂ ਦਿੱਲੀ, 14 ਅਗਸਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ 77ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲੇ ਤੋਂ ਦੇਸ਼ਵਾਸੀਆਂ ਨੂੰ ਸੰਬੋਧਨ ਕਰਨਗੇ। ਸੁਰੱਖਿਆ ਦੇ ਮੱਦੇਨਜ਼ਰ ਲਾਲ ਕਿਲੇ ਦੇ ਆਲੇ-ਦੁਆਲੇ 10 ਹਜ਼ਾਰ ਤੋਂ ਜ਼ਿਆਦਾ ਜਵਾਨ ਤਾਇਨਾਤ ਕੀਤੇ ਗਏ ਹਨ। ਪੁਲੀਸ ਨੇ ਕਿਹਾ ਕਿ ਚਿਹਰੇ ਦੀ ਪਛਾਣ ਵਾਲੇ ਕਰੀਬ ਇਕ ਹਜ਼ਾਰ ਕੈਮਰੇ ਅਤੇ ਵੀਡੀਓ ਪ੍ਰਣਾਲੀਆਂ ਵੀ ਸਥਾਪਤ ਕੀਤੀਆਂ ਗਈਆਂ ਹਨ। ਦਿੱਲੀ ਪੁਲੀਸ ਦੇ ਤਰਜਮਾਨ ਸੁਮਨ ਨਲਵਾ ਨੇ ਕਿਹਾ ਕਿ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਅਤਿਵਾਦ ਵਿਰੋਧੀ ਗਤੀਵਿਧੀਆਂ ਤਹਿਤ ਇਲਾਕਿਆਂ ਦੀ ਚੈਕਿੰਗ ਕੀਤੀ ਗਈ ਹੈ। ਦਿੱਲੀ ਦੀਆਂ ਸਰਹੱਦਾਂ ਭਾਰੀ ਵਾਹਨਾਂ ਲਈ ਸੋਮਵਾਰ ਰਾਤ ਤੋਂ ਬੰਦ ਕਰ ਦਿੱਤੀਆਂ ਗਈਆਂ ਹਨ ਜਦਕਿ ਬਾਕੀ ਵਾਹਨਾਂ ਦੇ ਸ਼ਹਿਰ ਅੰਦਰ ਦਾਖ਼ਲ ਹੋਣ ’ਤੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਵੀ ਸਖ਼ਤੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਲਾਲ ਕਿਲੇ ਦੇ ਅੱਗੇ ਗਿਆਨ ਪੱਥ ਨੂੰ ਫੁੱਲਾਂ ਅਤੇ ਜੀ-20 ਨਾਲ ਸਬੰਧਤ ਬੋਰਡਾਂ ਨਾਲ ਸਜਾਇਆ ਗਿਆ ਹੈ। ਸਰਕਾਰ ਨੇ ਪ੍ਰੋਗਰਾਮ ’ਚ ਸ਼ਮੂਲੀਅਤ ਲਈ ਦੇਸ਼ ਭਰ ਤੋਂ 1800 ਵਿਅਕਤੀਆਂ ਨੂੰ ਵਿਸ਼ੇਸ਼ ਮਹਿਮਾਨ ਵਜੋਂ ਸੱਦਾ ਦਿੱਤਾ ਹੈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਆਜ਼ਾਦੀ ਦਿਵਸ ਦੇ ਜਸ਼ਨਾਂ ’ਚ 20 ਹਜ਼ਾਰ ਤੋਂ ਜ਼ਿਆਦਾ ਅਧਿਕਾਰੀ ਅਤੇ ਆਮ ਨਾਗਰਿਕ ਹਿੱਸਾ ਲੈਣਗੇ। ਸਪੈਸ਼ਲ ਕਮਿਸ਼ਨਰ ਆਫ਼ ਪੁਲੀਸ (ਸਪੈਸ਼ਲ ਸੈੱਲ) ਐੱਚ ਜੀ ਐੱਸ ਧਾਲੀਵਾਲ ਨੇ ਕਿਹਾ ਕਿ ਆਜ਼ਾਦੀ ਦਿਵਸ ਦੇ ਜਸ਼ਨਾਂ ਨੂੰ ਸ਼ਾਂਤਮਈ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਤਿੰਨ ਹਫ਼ਤਿਆਂ ’ਚ ਜੀ-20 ਸਿਖਰ ਸੰਮੇਲਨ ਵੀ ਹੋਣਾ ਹੈ ਅਤੇ ਸੁਰੱਖਿਆ ਇਸ ਲਈ ਵੀ ਯਕੀਨੀ ਬਣਾਈ ਜਾ ਰਹੀ ਹੈ ਕਿਉਂਕਿ ਗਣਤੰਤਰ ਦਿਵਸ ਤੋਂ ਇਕ ਹਫ਼ਤਾ ਪਹਿਲਾਂ ਪੱਛਮੀ ਦਿੱਲੀ ਦੇ ਇਲਾਕਿਆਂ ਦੀਆਂ ਦੀਵਾਰਾਂ ’ਤੇ ਦੇਸ਼ ਵਿਰੋਧੀ ਅਤੇ ਖਾਲਿਸਤਾਨ ਨਾਲ ਸਬੰਧਤ ਨਾਅਰੇ ਲਿਖੇ ਹੋਏ ਮਿਲੇ ਸਨ ਜਿਸ ਦੇ ਸਬੰਧ ’ਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲੀਸ ਨੇ ਕਿਹਾ ਕਿ ਹਰਿਆਣਾ ਦੇ ਨੂਹ ’ਚ ਹਿੰਸਾ ਨੂੰ ਧਿਆਨ ’ਚ ਰਖਦਿਆਂ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ। ਲਾਲ ਕਿਲੇ ਦੇ ਆਲੇ-ਦੁਆਲੇ ਪਤੰਗਾਂ ਉਡਾਉਣ ’ਤੇ ਪਾਬੰਦੀ ਲਗਾਈ ਗਈ ਹੈ। -ਪੀਟੀਆਈ